ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਿਹਤ ਵਿਗੜਨ ਉੱਤੇ ਇਕ ਵਾਰ ਫਿਰ ਦਿੱਲੀ ਏਮਜ਼ ਵਿਚ ਭਰਤੀ ਕਰਵਾਇਆ ਗਿਆ ਹੈ। ਇਸ ਤੋਂ ਪਹਿਲਾਂ ਵੀ 18 ਅਗਸਤ ਨੂੰ ਉਨ੍ਹਾਂ ਨੂੰ ਏਮਜ਼ ਵਿਚ ਦਾਖਲ ਕਰਵਾਇਆ ਗਿਆ ਸੀ ਪਰ ਠੀਕ ਹੋਣ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਮਿਲ ਗਈ ਸੀ। ਦਾਖਲ ਹੋਣ ਦੇ ਕੁੱਝ ਦਿਨ ਪਹਿਲਾਂ ਹੀ ਉਹ ਕੇਰੋਨਾ ਨੂੰ ਹਰਾ ਕੇ ਸਿਹਤਯਾਬ ਹੋਏ ਸਨ।
ਮੀਡੀਆ ਵਿਚ ਆ ਰਹੀ ਖਬਰਾਂ ਦੀ ਮੰਨੀਏ ਤਾਂ ਅਮਿਤ ਸ਼ਾਹ ਨੂੰ ਸ਼ਨੀਵਾਰ ਦੇਰ ਅਚਾਨਕ ਰਾਤ ਸਾਂਹ ਲੈਣ ਵਿਚ ਤਕਲੀਫ ਹੋਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ, ਹਾਲਾਂਕਿ ਏਮਜ਼ ਪ੍ਰਸ਼ਾਸਨ ਵੱਲੋਂ ਇਸ ਬਾਰੇ ਅਜੇ ਅਧਿਕਾਰਕ ਤੌਰ ਉੱਤੇ ਪੁਸ਼ਟੀ ਨਹੀਂ ਕੀਤੀ ਗਈ ਹੈ ਕਿ ਅਮਿਤ ਸ਼ਾਹ ਨੂੰ ਸਰੀਰਕ ਪੱਖੋਂ ਕੀ ਪਰੇਸ਼ਾਨੀ ਆਈ ਹੈ। ਰਿਪੋਰਟਾਂ ਮੁਤਾਬਕ ਉਨ੍ਹਾਂ ਨੂੰ ਸੀਐਨ ਟਾਵਰ ਵਿਚ ਰੱਖਿਆ ਗਿਆ ਹੈ ਅਤੇ ਡਾਕਟਰ ਰਣਦੀਪ ਗੁਲੇਰੀਆ ਦੀ ਅਗਵਾਈ ਵਿਚ ਮਾਹਰ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਨਿਗਰਾਨੀ ਕਰ ਰਹੀ ਹੈ। ਸ਼ਾਹ ਦੀ ਸਿਹਤ ਸਥਿਰ ਦੱਸੀ ਜਾ ਰਹੀ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ 18 ਅਗਸਤ ਨੂੰ ਗ੍ਰਹਿ ਮੰਤਰੀ ਨੂੰ ਕੋਰੋਨਾ ਤੋਂ ਬਾਅਦ ਦੇਖਭਾਲ ਲਈ (ਪੋਸਟ ਕੋਵਿਡ ਕੇਅਰ) ਏਮਜ਼ ਵਿਚ ਭਰਤੀ ਕਰਵਾਇਆ ਗਿਆ ਸੀ। 12 ਦਿਨਾਂ ਬਾਅਦ ਉਨ੍ਹਾਂ ਨੂੰ ਛੁੱਟੀ ਮਿਲ ਗਈ ਸੀ। ਜ਼ਿਕਰਯੋਗ ਹੈ ਕਿ 2 ਅਗਸਤ ਨੂੰ ਅਮਿਤ ਸ਼ਾਹ ਕੋਰੋਨਾ ਸੰਕਰਮਿਤ ਪਾਏ ਗਏ ਸਨ ਇਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ ਅਤੇ 14 ਅਗਸਤ ਨੂੰ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਸੀ ਜਿਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਟਵੀਟ ਕਰਕੇ ਦਿੱਤੀ ਸੀ।
ਅਮਿਤ ਸ਼ਾਹ ਨੇ ਟਵੀਟ ਕਰਕੇ ਲਿਖਿਆ ਸੀ ਕਿ ”ਅੱਜ ਮੇਰੀ ਕੋਰੋਨਾ ਟੈਸਟ ਰਿਪੋਰਟ ਨੈਗੇਟਿਵ ਆਈ ਹੈ। ਮੈ ਪ੍ਰਮਾਤਮਾ ਦਾ ਧੰਨਵਾਦ ਕਰਦਾ ਹਾਂ ਅਤੇ ਇਸ ਸਮੇਂ ਮੈ ਉਨ੍ਹਾਂ ਸਾਰਿਆਂ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਮੇਰੀ ਸਿਹਤ ਦੇ ਲਾਭ ਲਈ ਦੁਆਵਾਂ ਦਿੰਦਿਆ ਮੇਰੇ ਅਤੇ ਮੇਰੇ ਪਰਿਵਾਰ ਦਾ ਹੌਸਲਾ ਵਧਾਇਆ ਹੈ। ਡਾਕਟਰਾਂ ਦੀ ਸਲਾਹ ਉੱਤੇ ਅਜੇ ਕੁੱਝ ਹੋਰ ਦਿਨ ਹੋਮ ਆਈਸੋਲੇਸ਼ਨ ਵਿਚ ਰਹਾਂਗਾ”।
