ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਗਏ ਤਿੰਨ ਖੇਤੀਬਾੜੀ ਆਰਡੀਨੈਂਸਾਂ ਵਿਰੁੱਧ ਕਿਸਾਨ ਜੱਥੇਬੰਦੀਆਂ ਲਗਾਤਾਰ ਪ੍ਰਦਰਸ਼ਨ ਕਰ ਰਹੀਆਂ ਹਨ। ਸਰਕਾਰ ਇਨ੍ਹਾਂ ਆਰਡੀਨੈਂਸਾਂ ਨੂੰ ਕਿਸਾਨਾਂ ਦੇ ਹਿੱਤਾਂ ਵਾਲਾ ਦੱਸ ਰਹੀ ਹੈ ਪਰ ਕਿਸਾਨ ਦਾ ਮੰਨਣਾ ਹੈ ਕਿ ਇਨ੍ਹਾਂ ਆਰਡੀਨੈਂਸਾਂ ਕਰਕੇ ਉਨ੍ਹਾਂ ਦੇ ਹਿੱਤਾਂ ਨੂੰ ਨੁਕਸਾਨ ਪਹੁੰਚੇਗਾ ਅਤੇ ਇਸੇ ਨੂੰ ਲੈ ਕੇ ਪੰਜਾਬ ਦੀ 11 ਕਿਸਾਨ ਜੱਥੇਬੰਦੀਆਂ ਨੇ 15 ਸਤੰਬਰ ਨੂੰ ਨੈਸ਼ਨਲ ਹਾਈਵੇ ਜਾਮ ਕਰਨ ਦਾ ਐਲਾਨ ਕੀਤਾ ਹੈ।
ਜ਼ਿਲ੍ਹਾ ਗੁਰਦਾਸਪੁਰ ਦੀ ਮਾਝਾ ਕਿਸਾਨ ਕਮੇਟੀ ਦੇ ਪ੍ਰਧਾਨ ਰਾਜੂ ਨੇ ਕਿਹਾ ਹੈ ਕਿ ਜਦੋਂ ਤੱਕ ਸਰਕਾਰ ਦੁਆਰਾ ਕਿਸਾਨ ਵਿਰੋਧੀ ਆਰਡੀਨੈਂਸਾਂ ਨੂੰ ਰੱਦ ਨਹੀਂ ਕੀਤਾਂ ਜਾਂਦਾ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਅੱਗੇ ਕਿਹਾ ਕਿ ”ਪਿਛਲੇ ਇਕ ਮਹੀਨੇ ਤੋਂ ਕਿਸਾਨ ਜੱਥੇਬੰਦੀਆਂ ਦੁਆਰਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਪਰ ਸਰਕਾਰ ਦਾ ਉਸ ਉੱਤੇ ਕੋਈ ਅਸਰ ਨਹੀਂ ਪਿਆ ਅਤੇ ਹੁਣ ਅਸੀ ਪੰਜਾਬ ਦੇ 11 ਰਾਸ਼ਟਰੀ ਮਾਰਗਾਂ ਨੂੰ ਜਾਮ ਕਰਨਗੇ। ਜੇਕਰ ਸਰਕਾਰ ਆਰਡੀਨੈਂਸ ਫਿਰ ਵੀ ਰੱਦ ਨਹੀਂ ਕਰਦੀ ਤਾਂ ਸੰਘਰਸ਼ ਹੋਰ ਵੀ ਤੇਜ਼ ਕੀਤਾ ਜਾਵੇਗਾ”। ਉਨ੍ਹਾਂ ਅੱਗੇ ਕਿਹਾ ਕਿ ਪਹਿਲਾਂ 300 ਕਿਸਾਨਾਂ ਉੱਤੇ ਐਫਆਈਆਰ ਦਰਜ ਹੋਈ ਸੀ ਅਤੇ ਹੁਣ ਵੀ ਉਨ੍ਹਾਂ ਨੂੰ ਇਸ ਗੱਲ ਦੀ ਕੋਈ ਪਰਵਾਹ ਨਹੀਂ ਹੈ। ਦੱਸ ਦਈਏ ਕਿ ਖੇਤੀਬਾੜੀ ਆਰਡੀਨੈਂਸਾਂ ਵਿਰੁੱਧ ਪੰਜਾਬ ਪੱਧਰ ਉੱਤੇ ਲਗਾਤਾਰ ਕਿਸਾਨ ਜੱਥੇਬੰਦੀਆਂ ਪ੍ਰਦਰਸ਼ਨ ਕਰ ਰਹੀਆਂ ਹਨ। ਕਿਸਾਨਾਂ ਦੁਆਰਾ ਹਰ ਦਿਨ ਕਿਸੇ ਨਾ ਕਿਸੇ ਜ਼ਿਲ੍ਹੇ ਵਿਚ ਡੀਸੀ ਦਫਤਰ ਦੇ ਬਾਹਰ ਰੋਸ ਮੁਜ਼ਹਾਰਾ ਕੀਤਾ ਜਾ ਰਿਹਾ ਹੈ।
