ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਕੇਂਦਰ ਸਰਕਾਰ ਦੁਆਰਾ ਲਿਆਂਦੇ ਗਏ ਖੇਤੀਬਾੜੀ ਆਰਡੀਨੈਂਸਾਂ ਵਿਰੁੱਧ ਕਿਸਾਨ ਜੱਥੇਬੰਦੀਆਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਡੀਸੀ ਦਫ਼ਤਰਾਂ ਦੇ ਬਾਹਰ ਪ੍ਰਦਰਸ਼ਨ ਕਰਨ ਅਤੇ ਫਿਰ ਜੇਲ੍ਹ ਭਰੋਂ ਅੰਦੋਲਨ ਤਹਿਤ ਜੇਲ੍ਹਾਂ ਬਾਹਰ ਰੋਸ ਮੁਜ਼ਹਾਰੇ ਕਰਨ ਮਗਰੋਂ ਅੱਜ ਕਿਸਾਨਾਂ ਦੁਆਰਾ ਲਲਕਾਰ ਰੈਲੀਆਂ ਕੀਤੀਆਂ ਗਈਆਂ ਹਨ ਨਾਲ ਹੀ ਕਈਂ ਥਾਵਾਂ ਉੱਤੇ ਪੁੱਲ ਜਾਮ ਕੀਤੇ ਗਏ ਹਨ।
ਦਰਅਸਲ ਖੇਤੀਬਾੜੀ ਆਰਡੀਨੈਂਸਾਂ ਵਿਰੁੱਧ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ ਉੱਤੇ ਤਕਰੀਬਨ 240 ਕਿਸਾਨ ਜੱਥੇਬੰਦੀਆਂ ਦੁਆਰਾ ਰੋਸ ਪ੍ਰਦਰਸ਼ਨ ਕੀਤੇ ਗਏ ਹਨ ਅਤੇ ਅੱਜ ਪੰਜਾਬ ਵਿਚ ਬਰਨਾਲਾ, ਮੋਗਾ, ਫਗਵਾੜਾ, ਪਟਿਆਲਾ ਅਤੇ ਅੰਮ੍ਰਿਤਸਰ ਵਿਚ ਲਲਕਾਰ ਰੈਲੀਆਂ ਰੱਖੀਆਂ ਗਈਆਂ ਸਨ।
ਇਹ ਤਸਵੀਰਾਂ ਪਟਿਆਲਾ ਦੀਆਂ ਹਨ ਜਿੱਥੇ ਕਿਸਾਨਾਂ ਨੇ ਖੇਤੀ ਆਰਡੀਨੈਂਸਾਂ ਵਿਰੁੱਧ ਲਲਕਾਰ ਰੈਲੀ ਕੀਤੀ ਹੈ। ਇਸ ਰੈਲੀ ਵਿਚ ਵੱਡੀ ਗਿਣਤੀ ਵਿਚ ਕਿਸਾਨ ਸ਼ਾਮਲ ਹੋਣ ਪਹੁੰਚੇ ਅਤੇ ਇਹ ਐਲਾਨ ਕੀਤਾ ਕਿ 16 ਸਤੰਬਰ ਨੂੰ ਲੁਧਿਆਣਾ ਵਿਚ ਪੰਜਾਬ ਦੀਆਂ 10 ਕਿਸਾਨ ਜੱਥੇਬੰਦੀਆਂ ਦੀ ਇਕ ਮੀਟਿੰਗ ਕੀਤੀ ਜਾਵੇਗੀ ਅਤੇ ਇਸ ਸੰਘਰਸ ਨੂੰ ਤੇਜ਼ ਕਰਨ ਲਈ ਹੋਰ ਵੱਡੇ ਫੈਸਲੇ ਲਏ ਜਾਣਗੇ।
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਕਿਹਾ ਗਿਆ ਹੈ ਉਨ੍ਹਾਂ ਵੱਲੋਂ ਕੋਸ਼ਿਸ਼ ਕੀਤੀ ਜਾਵੇਗੀ ਕਿ ਮੀਟਿੰਗ ਵਿਚ ਇਹ ਗੱਲ ਰੱਖੀ ਜਾਵੇ ਕਿ ਹਰਿਆਣਾ, ਯੂਪੀ ਅਤੇ ਉਤਰਾਖੰਡ ਦੀਆਂ ਕਿਸਾਨ ਜੱਥੇਬੰਦੀਆਂ ਨਾਲ ਇਨ੍ਹਾਂ ਆਰਡੀਨੈਂਸਾਂ ਦਾ ਵਿਰੋਧ ਕਰਨ ਲਈ ਤਾਲਮੇਲ ਕੀਤਾ ਜਾਵੇ।
ਉੱਥੇ ਹੀ ਗੁਰਦਾਸਪੁਰ ਵਿਚ ਵੀ ਕਿਸਾਨ ਮਜ਼ਦੂਰ ਸੰਘਰਸ ਕਮੇਟੀ ਨੇ ਖੇਤੀ ਆਰਡੀਨੈਂਸਾਂ ਵਿਰੋਧ ਪ੍ਰਦਰਸ਼ਨ ਕਰਦਿਆਂ ਹਰਗੋਬਿੰਦਪੁਰ ਕਸਬੇ ਦੇ ਨਜਦੀਕ ਬਿਆਸ ਦਰਿਆ ਉੱਤੇ ਬਣੇ ਪੁੱਲ ਨੂੰ ਜਾਮ ਕਰ ਦਿੱਤਾ। ਕਿਸਾਨਾਂ ਦਾ ਕਹਿਣਾ ਸੀ ਕਿ ਜਦੋਂ ਤੱਕ ਸਰਕਾਰ ਇਹ ਆਰਡੀਨੈਂਸ ਰੱਦ ਨਹੀਂ ਕਰਦੀ, ਉਦੋਂ ਤੱਕ ਪ੍ਰਦਰਸ਼ਨ ਜਾਰੀ ਰਹਿਣਗੇ।
ਇਸ ਤੋਂ ਇਲਾਵਾ ਅੰਮ੍ਰਿਤਸਰ ਵਿਚ ਵੀ ਕਿਸਾਨਾਂ ਨੇ ਬਿਆਸ ਨਦੀ ਉੱਤੇ ਬਣੇ ਪੁੱਲ ‘ਤੇ ਆਰਡੀਨੈਂਸਾਂ ਵਿਰੁੱਧ ਪ੍ਰਦਰਸ਼ਨ ਕੀਤਾ ਹੈ। ਕਿਸਾਨਾਂ ਦਾ ਕਹਿਣਾ ਸੀ ਕਿ ਮੋਦੀ ਸਰਕਾਰ ਜਦੋਂ ਤੱਕ ਆਰਡੀਨੈਂਸ ਵਾਪਸ ਨਹੀਂ ਲੈਂਦੀ ਉਦੋਂ ਤੱਕ ਧਰਨੇ ਪ੍ਰਦਰਸ਼ਨਾਂ ਦਾ ਦੌਰ ਜਾਰੀ ਰਹੇਗਾ।





