ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਬੀਤੇ ਬੁੱਧਵਾਰ ਸ਼ਾਮ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਹੈ। ਮੀਟਿੰਗ ਵਿਚ ਮੰਤਰੀ ਮੰਡਲ ਨੇ ਕੋਰੋਨਾ ਵਿਰੁੱਧ ਲੜਾਈ ਲਈ ਹੁਣ ਤੱਕ ਖਰਚੇ 501.07 ਕਰੋੜ ਰੁਪਏ ਦੀ ਰਾਸ਼ੀ ਨੂੰ ਮੰਜ਼ੂਰੀ, ਨਵੰਬਰ ਤੱਕ 12ਵੀਂ ਜਮਾਤ ਦੇ ਵਿਦਿਆਰਥੀ/ ਵਿਦਿਆਰਥਣਾਂ ਨੂੰ ਸਮਾਰਟ ਫੋਨ ਵੰਡਣ ਅਤੇ ਆਯੁਸ਼ਮਾਨ ਭਾਰਤ ਸਕੀਮ ਨੂੰ ਇਕ ਸਾਲ ਲਈ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਮੰਤਰੀ ਮੰਡਲ ਨੇ ਕੋਵਿਡ-19 ਮਹਾਂਮਾਰੀ ਵਿਰੁੱਧ ਲੜਾਈ ਵਿੱਚ ਸੂਬਾ ਸਰਕਾਰ ਵੱਲੋਂ ਹੁਣ ਤੱਕ ਖਰਚੇ 501.07 ਕਰੋੜ ਦੀ ਰਾਸ਼ੀ ਨੂੰ ਮੰਜ਼ੂਰੀ ਦੇ ਦਿੱਤੀ ਹੈ। 501.07 ਕਰੋੜ ਰੁਪਏ ਵਿੱਚੋਂ 76.07 ਕਰੋੜ ਰੁਪਏ ਸਿਹਤ ਖੇਤਰ ਦੀ ਪ੍ਰਬੰਧਨ ਤੇ ਖਰੀਦ ਕਮੇਟੀ ਵੱਲੋਂ ਵੱਖ-ਵੱਖ ਉਪਕਰਨਾਂ ਦੀ ਖਰੀਦ ਅਤੇ ਰਾਹਤ ’ਤੇ ਖਰਚੇ ਗਏ ਹਨ ਜਦਕਿ 425 ਕਰੋੜ ਰੁਪਏ ਵੱਖ-ਵੱਖ ਵਿਭਾਗਾਂ ਵੱਲੋਂ ਸਟੇਟ ਡਿਜ਼ਾਸਰ ਰਿਸਪਾਂਸ ਫੰਡ ਅਤੇ ਬਜਟ ਸਰੋਤਾਂ ਵਿੱਚੋਂ ਮਹਾਂਮਾਰੀ ਦੇ ਪ੍ਰਬੰਧਨ ਅਤੇ ਕਾਬੂ ਪਾਉਣ ਲਈ ਖਰਚੇ ਗਏ। ਇਸ ਤੋਂ ਇਲਾਵਾ ਪੰਜਾਬ ਕੈਬਨਿਟ ਨੇ ਸਰਕਾਰੀ ਸਕੂਲਾਂ ’ਚ ਪੜਦੇ ਵਿਦਿਆਰਥੀਆਂ ਤੇ ਵਿਦਿਆਰਥਣਾਂ, ਜੋ ਕਿ ਇਸ ਸਾਲ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਆਨਲਾਈਨ ਢੰਗ ਨਾਲ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਹਨ, ਨੂੰ ਨਵੰਬਰ ਮਹੀਨੇ ਤੱਕ 1,73,823 ਸਮਾਰਟ ਫੋਨ ਵੰਡਣ ਦਾ ਫੈਸਲਾ ਕੀਤਾ ਹੈ। ਉੱਥੇ ਹੀ ਪੰਜਾਬ ਵਜ਼ਾਰਤ ਵੱਲੋਂ ਆਯੁਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਨੂੰ ਇਕ ਸਾਲ ਲਈ ਵਧਾਉਦਿਆਂ ਸੂਬਾ ਸਰਕਾਰ ਦੇ ਕਰਮਚਾਰੀਆਂ/ਪੈਨਸ਼ਨਰਾਂ ਅਤੇ ਪ੍ਰਾਈਵੇਟ ਖੇਤਰ/ਬੋਰਡ ਤੇ ਕਾਰਪੋਰੇਸ਼ਨਾਂ ਸਣੇ ਗੈਰ ਸਰਕਾਰੀ ਸੰਗਠਿਤ ਖੇਤਰਾਂ ਦੇ ਮੁਲਾਜ਼ਮਾਂ ਨੂੰ ਵੀ ਸਿਹਤ ਬੀਮਾ ਯੋਜਨਾ ਦੇ ਦਾਇਰੇ ਵਿੱਚ ਲਿਆਉਣ ਦਾ ਫੈਸਲਾ ਕੀਤਾ ਗਿਆ। ਪੰਜਾਬ ਮੰਤਰੀ ਮੰਡਲ ਵੱਲੋਂ 15ਵੇਂ ਵਿੱਤ ਕਮਿਸ਼ਨ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਪੰਚਾਇਤੀ ਰਾਜ ਸੰਸਥਾਵਾਂ ਨੂੰ 1388 ਕਰੋੜ ਰੁਪਏ ਦੀ ਗਰਾਂਟ-ਇਨ-ਏਡ ਦੀ ਵੰਡ ਨੂੰ ਮਨਜ਼ੂਰੀ ਦੇ ਦਿੱਤੀ ਗਈ।
