ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪਾਕਿਸਤਾਨ ਵਿਚ ਭਾਈ ਤਾਰੂ ਸਿੰਘ ਦੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ਼ਹੀਦ ਗੰਜ ਨੂੰ ਮਸਜਿਦ ਵਿਚ ਤਬਦੀਲ ਕਰਨ ਦੀਆਂ ਕੀਤੀਆਂ ਜਾ ਰਹੀਆਂ ਕੌਸ਼ਿਸ਼ਾਂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖਤ ਨਿਖੇਧੀ ਕੀਤੀ ਹੈ ਅਤੇ ਭਾਰਤ ਸਰਕਾਰ ਨੂੰ ਇਹ ਮਸਲਾ ਪਾਕਿਸਤਾਨ ਸਰਕਾਰ ਅੱਗੇ ਉਠਾਉਣ ਲਈ ਕਿਹਾ ਹੈ।
ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਇੱਕ ਫੇਸਬੁੱਕ ਪੋਸਟ ਜਰੀਏ ਕਿਹਾ ਕਿ ”ਲਾਹੌਰ ਵਿਖੇ ਸ਼ਹੀਦ ਭਾਈ ਤਾਰੂ ਸਿੰਘ ਜੀ ਦੀ ਸ਼ਹਾਦਤ ਦੇ ਅਸਥਾਨ ਗੁਰਦੁਆਰਾ ਸ਼੍ਰੀ ਸ਼ਹੀਦੀ ਅਸਥਾਨ ਨੂੰ ਮਸਜਿਦ ਵਿਚ ਤਬਦੀਲ ਕਰਨ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਅਸੀਂ ਸਖ਼ਤ ਨਿੰਦਾ ਕਰਦੇ ਹਾਂ। ਮੈ, ਵਿਦੇਸ਼ ਮੰਤਰੀ ਡਾਕਟਰ ਐਸ ਜੈਂਸ਼ਕਰ ਜੀ ਨੂੰ ਅਪੀਲ ਕਰਦੇ ਹਾਂ ਕਿ ਉਹ ਪਾਕਿਸਤਾਨ ਵਿਖੇ ਸਿੱਖਾਂ ਦੇ ਧਾਰਮਿਕ ਅਸਥਾਨਾਂ ਦੀ ਰਾਖੀ ਲਈ ਇੱਧਰਲੇ ਸਿੱਖ ਭਾਈਚਾਰੇ ਦੀਆਂ ਚਿੰਤਾਵਾਂ ਨੂੰ ਪਾਕਿਸਤਾਨ ਸਰਕਾਰ ਅੱਗੇ ਜ਼ਾਹਰ ਕਰਨ ਤੇ ਇਸ ਮਸਲੇ ਨੂੰ ਗੰਭੀਰਤਾ ਨਾਲ ਲੈਣ। ਦੱਸ ਦਈਏ ਕਿ ਇਸ ਤੋਂ ਪਹਿਲਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਫਦ ਇਸ ਮਾਮਲੇ ਨੂੰ ਲੈ ਵਿਦੇਸ਼ ਮੰਤਰਾਲੇ ਨੂੰ ਮਿਲਿਆ ਸੀ ਜਿਸ ਦੀ ਅਗਵਾਈ ਖੁਦ ਡੀਐਸਜੀਐਮਸੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕੀਤੀ ਸੀ। ਡੀਐਸਜੀਐਮਸੀ ਦੇ ਵਫਦ ਨੂੰ ਇਸ ਮਸਲੇ ਉੱਤੇ ਵਿਦੇਸ਼ ਮੰਤਰਾਲੇ ਨੇ ਪਾਕਿਸਤਾਨ ਨਾਲ ਗੱਲਬਾਤ ਕਰਨ ਦਾ ਭਰੋਸਾ ਦਿੱਤਾ ਸੀ। ਜ਼ਿਕਰਯੋਗ ਹੈ ਕਿ ਗੁਰਦੁਆਰਾ ਸ਼ਹੀਦ ਗੰਜ ਇਕ ਇਤਿਹਾਸਕ ਸਥਾਨ ਹੈ ਜੋ ਕਿ ਲਾਹੌਰ ਦੇ ਨੌਲਖਾ ਬਾਜ਼ਾਰ ਵਿਚ ਸਥਿਤ ਹੈ ਤੇ ਇਥੇ ਭਾਈ ਤਾਰੂ ਸਿੰਘ ਜੀ ਨੇ 1745 ਵਿਚ ਸਿੱਖ ਧਰਮ ਲਈ ਆਪਣੀ ਸ਼ਹਾਦਤ ਦੇ ਦਿੱਤੀ ਸੀ।

