ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਕੋਰੋਨਾ ਵਾਇਰਸ ਜਿੱਥੇ ਇਕ ਪਾਸੇ ਪੂਰੇ ਪੰਜਾਬ ਵਿਚ ਆਪਣਾ ਕਹਿਰ ਵਿਖਾ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਪੰਜਾਬ ਵਜ਼ਾਰਤ ਵਿਚ ਵੀ ਇਸ ਮਹਾਂਮਾਰੀ ਨੇ ਆਪਣੇ ਪੈਰ ਪਸਾਰ ਲਏ ਹਨ। ਦਰਅਸਲ ਪੰਜਾਬ ਦੇ ਇਕ ਹੋਰ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਕੋਰੋਨਾ ਸਕਰਮਿਤ ਪਾਏ ਗਏ ਹਨ ਜਿਸ ਤੋਂ ਬਾਅਦ ਉਨ੍ਹਾਂ ਨੇ ਖੁਦ ਨੂੰ ਕੁਆਰੰਟੀਨ ਕਰ ਲਿਆ ਹੈ। ਇਸ ਤੋਂ ਇਲਾਵਾ ਦੋ ਹੋਰ ਵਿਧਾਇਕਾਂ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਆਈ ਹੈ।
ਦਰਅਸਲ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕੋਰੋਨਾ ਸੰਕਰਮਿਤ ਹੋਣ ਦੀ ਜਾਣਕਾਰੀ ਫੇਸਬੁੱਕ ਪੋਸਟ ਜਰੀਏ ਦਿੱਤੀ ਹੈ। ਉਨ੍ਹਾਂ ਕਿਹਾ ਕਿ ”ਮੇਰਾ ਕੋਵਿਡ 19 ਟੈਸਟ ਪਾਜ਼ੀਟਿਵ ਪਾਇਆ ਗਿਆ ਹੈ ਅਤੇ ਮੈ ਖੁਦ ਨੂੰ ਚੰਡੀਗੜ੍ਹ ਸਥਿਤ ਆਪਣੇ ਘਰ ਵਿਚ ਕੁਆਰੰਟੀਨ ਕਰ ਲਿਆ ਹੈ। ਮੈ ਉਨ੍ਹਾਂ ਸਾਰੇ ਲੋਕਾਂ ਨੂੰ ਅਪੀਲ ਕਰਦਾ ਹੈ ਜਿਹੜੇ ਪਿਛਲੇ ਕੁੱਝ ਦਿਨਾਂ ਵਿਚ ਮੇਰੇ ਸੰਪਰਕ ਵਿਚ ਆਏ ਹਨ ਕਿ ਉਹ ਆਪਣਾ ਕੋਰੋਨਾ ਟੈਸਟ ਕਰਵਾ ਲੈਣ”
ਉੱਥੇ ਹੀ ਰਾਜਪੁਰਾ ਤੋਂ ਕਾਂਗਰਸ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਵੀ ਕੋਰੋਨਾ ਸੰਕਰਮਿਤ ਪਾਏ ਗਏ ਹਨ। ਇਸ ਤੋਂ ਇਲਾਵਾ ਸਨੋਰ ਤੋਂ ਅਕਾਲੀ ਦਲ ਦੇ ਐਮਐਲਏ ਹਰਿੰਦਪਾਲ ਸਿੰਘ ਚੰਦੂਮਾਜਰਾ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਆਈ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਵੀ ਕੋਰੋਨਾ ਸੰਕਰਮਿਤ ਪਾਏ ਗਏ ਹਨ, ਜਦਕਿ ਕੋਰੋਨਾ ਦੀ ਚਪੇਟ ਵਿਚ ਆਏ ਇਕ ਹੋਰ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕੋਰੋਨਾ ਨੂੰ ਮਾਤ ਦੇ ਦਿੱਤੀ ਹੈ ਅਤੇ ਉਹ ਸਿਹਤਯਾਬ ਵੀ ਹੋ ਚੁੱਕੇ ਹਨ। ਜ਼ਿਕਰਯੋਗ ਹੈ ਕਿ 28 ਅਗਸਤ ਨੂੰ ਪੰਜਾਬ ਵਿਧਾਨਸਭਾ ਦਾ ਇਕ ਰੋਜਾ ਸੈਸ਼ਨ ਵੀ ਹੈ ਪਰ ਸੈਸ਼ਨ ਤੋਂ ਪਹਿਲਾਂ ਮੰਤਰੀਆਂ ਅਤੇ ਵਿਧਾਇਕਾਂ ਦਾ ਕੋਰੋਨਾ ਪਾਜ਼ੀਟਿਵ ਹੋਣਾ ਚਿੰਤਾ ਦਾ ਵਿਸ਼ਾ ਬਣ ਗਿਆ ਹੈ।

