ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਕੋਰੋਨਾ ਵਾਇਰਸ ਬਾਰੇ ਸੋਸ਼ਲ ਮੀਡੀਆ ਉਤੇ ਕੂੜ੍ਹ ਪ੍ਰਚਾਰ ਤੇ ਅਫਵਾਹ ਫੈਲਾਉਣ ਵਾਲਿਆਂ ਵਿਰੁੱਧ ਹੋਰ ਸਿਕੰਜਾ ਕਸਦਿਆਂ ਪੰਜਾਬ ਪੁਲਿਸ ਨੇ ਵੀਰਵਾਰ ਨੂੰ ਅਜਿਹਾ ਝੂਠਾ ਪ੍ਰਚਾਰ ਕਰਨ ਵਾਲੇ 45 ਲਿੰਕਜ਼ ਨੂੰ ਬਲੌਕ ਕਰਨ ਲਈ ਕੇਂਦਰ ਕੋਲ ਪਹੁੰਚ ਕੀਤੀ ਜਿਨ੍ਹਾਂ ਖਿਲਾਫ ਸਬੰਧਤ ਸੋਸ਼ਲ ਮੀਡੀਆ ਪਲਟੇਫਾਰਮ ਨੋਟਿਸ ਦਿੱਤੇ ਜਾਣ ਦੇ ਬਾਵਜੂਦ ਕਾਰਵਾਈ ਕਰਨ ਵਿੱਚ ਅਸਫਲ ਰਹੇ।
ਡੀ.ਜੀ.ਪੀ. ਦਿਨਕਰ ਗੁਪਤਾ ਨੇ ਖੁਲਾਸਾ ਕਰਦਿਆਂ ਦੱਸਿਆ ਕਿ 13 ਹੋਰ ਨਵੇਂ ਖਾਤੇ/ਲਿੰਕ ਬਲੌਕ ਕਰਨ ਦੇ ਨਾਲ ਝੂਠਾ ਪ੍ਰਚਾਰ ਕਰਨ ਲਈ ਸੂਬੇ ਵਿੱਚ ਬਲੌਕ ਕੀਤੇ ਯੂ.ਆਰ.ਐਲਜ਼/ਲਿੰਕਜ਼ ਦੀ ਗਿਣਤੀ ਹੁਣ 121 ਹੋ ਗਈ ਹੈ, ਜਦਕਿ ਕੇਂਦਰ ਸਰਕਾਰ 45 ਮਾਮਲਿਆਂ ਵਿੱਚ ਕੇਂਦਰ ਸਰਕਾਰ ਦਾ ਦਖਲ ਮੰਗਿਆ ਹੈ। ਫੇਸਬੁੱਕ ਨੇ 47 ਬਲੌਕ ਕੀਤੇ ਹਨ ਜਦੋਂ ਕਿ ਟਵਿੱਟਰ ਨੇ 52, ਯੂ.ਟਿਊਬ ਨੇ 21 ਤੇ ਇੰਸਟਾਗ੍ਰਾਮ ਨੇ 1 ਖਾਤਾ/ਲਿੰਕ ਆਪੋ-ਆਪਣੇ ਪਲੇਟਫਾਰਮ ਤੋਂ ਬਲੌਕ ਕੀਤਾ। ਡੀ.ਜੀ.ਪੀ. ਨੇ ਦੱਸਿਆ ਕਿ ਇਸ ਤੋਂ ਇਲਾਵਾ ਨਫਰਤ ਅਤੇ ਝੂਠੀ ਸਮੱਗਰੀ ਪੋਸਟ ਕਰਨ ਵਾਲੇ ਅਜਿਹੇ 292 ਹੋਰ ਯੂ.ਆਰ.ਐਲਜ਼/ਲਿੰਕਜ਼ ਨੂੰ ਬਲੌਕ ਕਰਨ ਲਈ ਸੋਸ਼ਲ ਮੀਡੀਆ ਪਲੇਟਫਾਰਮ ਨੂੰ ਕਿਹਾ ਗਿਆ ਹੈ।
ਡੀ.ਜੀ.ਪੀ. ਨੇ ਦੱਸਿਆ ਕਿ ਅਫਵਾਹਾਂ ਫੈਲਾਉਣ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ 27 ਅਗਸਤ ਤੋਂ 10 ਸਤੰਬਰ, 2020 ਤੱਕ 18 ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚ ਲੋਕ ਇਨਸਾਫ ਪਾਰਟੀ ਦੇ ਨੇਤਾ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ ਵੀ ਸ਼ਾਮਲ ਹਨ ਜਿਨ੍ਹਾਂ ਖਿਲਾਫ ਐਫ.ਆਈ.ਆਰ ਦਰਜ ਹੋਈ ਹੈ।
ਡੀ.ਜੀ.ਪੀ. ਨੇ ਦੱਸਿਆ ਕਿ 45 ਖਾਤੇ/ਲਿੰਕ, ਜਿਨ੍ਹਾਂ ਬਾਰੇ ਸਬੰਧਤ ਸੋਸ਼ਲ ਮੀਡੀਆ ਪਲੇਟਫਾਰਮ ਨੋਟਿਸ ਜਾਰੀ ਕਰਨ ਦੇ ਬਾਵਜੂਦ ਬਲੌਕ ਕਰਨ ਵਿੱਚ ਨਾਕਾਮ ਰਹੇ ਹਨ ਅਤੇ ਇਸ ਬਾਰੇ ਭਾਰਤ ਸਰਕਾਰ ਦੇ ਇਲੈਟ੍ਰਾਨਿਕਸ ਤੇ ਸੂਚਨਾ ਤਕਨਾਲੋਜੀ ਮੰਤਰਾਲੇ ਦੇ ਸਾਈਬਰ ਲਾਅ ਡਵੀਜ਼ਨ ਨੂੰ ਪੱਤਰ ਭੇਜਿਆ ਜਾ ਚੁੱਕਾ ਹੈ। ਬਿਊਰੋ ਆਫ ਇਨਵੈਸਟੀਗੇਸ਼ਨ, ਪੰਜਾਬ ਦੇ ਸਟੇਟ ਸਾਈਬਰ ਸੈੱਲ ਕਰਾਈਮ ਦੇ ਆਈ.ਜੀ. ਨੇ ਪੱਤਰ ਵਿੱਚ ਉਪਰੋਕਤ ਯੂ.ਟਿਊਬ ਚੈਨਲਾਂ/ਖਾਤਿਆਂ ਨੂੰ ਸੂਚਨਾ ਤਕਨਾਲੋਜੀ ਐਕਟ, 2000 ਦੀ ਧਾਰਾ 69ਏ (1), ਪੜ੍ਹਿਆ ਜਾਵੇ ਸੂਚਨਾ ਤਕਨਾਲੋਜੀ (ਲੋਕਾਂ ਦੀ ਸੂਚਨਾ ਤੱਕ ਪਹੁੰਚ ਰੋਕਣ ਲਈ ਪ੍ਰਕਿਰਿਆ ਤੇ ਉਪਾਅ) ਨਿਯਮ, 2009 ਤਹਿਤ ਰੱਦ ਕਰਨ ਦੀ ਬੇਨਤੀ ਕੀਤੀ ਹੈ।
