ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–1984 ਸਿੱਖ ਵਿਰੋਧ ਦੰਗਿਆ ਦੇ ਮਾਮਲੇ ਵਿਚ ਦੋਸ਼ੀ ਸੱਜਣ ਕੁਮਾਰ ਦੀ ਜਮਾਨਤ ਪਟੀਸ਼ਨ ਉੱਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਸੱਜਣ ਕੁਮਾਰ ਨੂੰ ਦਿੱਲੀ ਏਮਜ਼ ਹਸਪਤਾਲ ਦੇ ਬੋਰਡ ਅੱਗੇ ਪੇਸ਼ ਕਰਨ ਦੇ ਹੁਕਮ ਦਿੱਤੇ ਹਨ ਜਿਸ ਦੀ ਰਿਪੋਰਟ ਹਸਪਤਾਲ ਸੁਪਰੀਮ ਕੋਰਟ ਨੂੰ ਸੌਪੇਗਾ ਅਤੇ ਉਸ ਤੋਂ ਬਾਅਦ ਹੀ ਸੱਜਣ ਕੁਮਾਰ ਦੀ ਜ਼ਮਾਨਤ ਉੱਤੇ ਫੈਸਲਾ ਲਿਆ ਜਾਵੇਗਾ।
ਦਰਅਸਲ ਕਾਂਗਰਸ ਦੇ ਸਾਬਕਾ ਆਗੂ ਅਤੇ 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਉਮਰ ਕੈਦ ਦੀ ਸਜਾ ਕੱਟ ਰਹੇ ਸੱਜਣ ਕੁਮਾਰ ਨੇ ਖਰਾਬ ਸਿਹਤ ਦੇ ਅਧਾਰ ਉੱਤੇ ਜ਼ਮਾਨਤ ਮੰਗੀ ਸੀ ਜਿਸ ਉੱਤੇ ਅੱਜ ਬੁੱਧਵਾਰ ਨੂੰ ਚੀਫ ਜਸਟਿਸ ਐਸ ਏ ਬੋਬੜੇ, ਜੱਜ ਬੀ ਆਰ ਗਵਈ ਅਤੇ ਸੂਰਿਆ ਕਾਂਤ ਦੀ ਬੈਂਚ ਨੇ ਸੁਣਵਾਈ ਕਰਦੇ ਹੋਏ ਸੱਜਣ ਕੁਮਾਰ ਨੂੰ ਏਮਜ਼ ਹਸਪਤਾਲ ਬੋਰਡ ਦੇ ਅੱਗੇ ਪੇਸ਼ ਕਰਨ ਦੇ ਹੁਕਮ ਦਿੱਤੇ ਹਨ ਅਤੇ ਹਸਪਤਾਲ ਪ੍ਰਸ਼ਾਸਨ ਨੂੰ 7 ਦਿਨਾਂ ਦੇ ਅੰਦਰ ਸੱਜਣ ਕੁਮਾਰ ਦੀ ਸਿਹਤ ਸਬੰਧੀ ਡਿਟੇਲ ਰਿਪੋਰਟ ਦੇਣ ਲਈ ਕਿਹਾ ਹੈ। ਰਿਪੋਰਟ ਆਉਣ ਤੋਂ ਬਾਅਦ ਕੋਰਟ ਉਸ ਦੀ ਜਮਾਨਤ ਅਰਜੀ ਉੱਤੇ ਸੁਣਵਾਈ ਕਰੇਗਾ।
ਇਸ ਤੋਂ ਪਹਿਲਾਂ ਵੀ ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਨੇ ਬੀਤੀ 14 ਫਰਵਰੀ ਨੂੰ ਜਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਜ਼ਿਕਰਯੋਗ ਹੈ ਕਿ ਸੱਜਣ ਕੁਮਾਰ ਨੂੰ 1984 ਸਿੱਖ ਵਿਰੋਧ ਦੰਗਿਆ ਦੇ ਮਾਮਲੇ ਵਿਚ ਦਿੱਲੀ ਹਾਈ ਕੋਰਟ ਨੇ ਸਾਲ 2018 ਵਿਚ 17 ਦਸੰਬਰ ਨੂੰ ਉੱਮਰ ਕੈਦ ਦੀ ਸਜ਼ਾ ਸੁਣਾਈ ਸੀ ਅਤੇ ਉਦੋਂ ਤੋਂ ਸੱਜਣ ਕੁਮਾਰ ਜੇਲ੍ਹ ਵਿਚ ਬੰਦ ਹੈ।

