ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–1984 ਸਿੱਖ ਵਿਰੋਧ ਦੰਗਿਆਂ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਕਾਂਗਰਸ ਦੇ ਸਾਬਕਾ ਨੇਤਾ ਸੱਜਣ ਕੁਮਾਰ ਨੂੰ ਅੱਜ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਦਰਅਸਲ ਕੋਰਟ ਨੇ ਸੱਜਣ ਕੁਮਾਰ ਨੂੰ ਸਿਹਤ ਦੇ ਆਧਾਰ ਉੱਤੇ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ ਜਿਸ ਕਰਕੇ ਫਿਲਹਾਲ ਉਸ ਨੂੰ ਜੇਲ੍ਹ ਵਿਚ ਹੀ ਰਹਿਣਾ ਪਵੇਗਾ।
ਜਾਣਕਾਰੀ ਅਨੁਸਾਰ ਚੀਫ ਜਸਟਿਸ ਐਸ ਏ ਬੋਬੜੇ ਦੀ ਅਗਵਾਈ ਵਾਲੀ ਬੈਂਚ ਨੇ ਸੁਣਵਾਈ ਦੌਰਾਨ ਕਿਹਾ ਕਿ ”ਮਾਫ ਕਰੋ। ਅਸੀ ਇਛੁੱਕ ਨਹੀਂ ਹਾਂ। ਖਾਰਜ਼”। ਕੁਮਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਵਿਕਾਸ ਸਿੰਘ ਨੇ ਦਲੀਲ ਦਿੱਤੀ ਕਿ ਸੱਜਣ ਕੁਮਾਰ ਨੂੰ ਸਿਹਤ ਦੇ ਅਧਾਰ ਉੱਤੇ ਅੰਤਰਿਮ ਜ਼ਮਾਨਤ ਦੇਣੀ ਚਾਹੀਦੀ ਹੈ, ਕਿਉਂਕਿ ਉਹ 20 ਮਹੀਨਿਆਂ ਤੋਂ ਜੇਲ੍ਹ ਵਿਚ ਹੈ ਅਤੇ ਉਸ ਦਾ ਲਗਭਗ 16 ਕਿਲੋਂ ਵਜ਼ਨ ਘੱਟ ਗਿਆ ਹੈ। ਉਸ ਨੂੰ ਪਹਿਲਾਂ ਤੋਂ ਹੋਏ ਕਈਂ ਰੋਗਾਂ ਦਾ ਵੀ ਇਲਾਜ ਕਰਵਾਉਣ ਦੀ ਲੋੜ ਹੈ। ਦੂਜੇ ਪਾਸੇ ਦੰਗਾ ਪੀੜਤਾਂ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਐਚਐਸ ਫੁੱਲਕਾ ਨੇ ਪਟੀਸ਼ਨ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਸੱਜਣ ਕੁਮਾਰ ਨੂੰ ਜਿਸ ਇਲਾਜ ਦੀ ਜਰੂਰਤ ਹੈ ਉਹ ਹਸਪਤਾਲ ਵਿਚ ਉਨ੍ਹਾਂ ਨੂੰ ਦਿੱਤਾ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਸੱਜਣ ਕੁਮਾਰ ਨੂੰ 1984 ਸਿੱਖ ਵਿਰੋਧ ਦੰਗਿਆ ਦੇ ਮਾਮਲੇ ਵਿਚ ਦਿੱਲੀ ਹਾਈ ਕੋਰਟ ਨੇ ਸਾਲ 2018 ਵਿਚ 17 ਦਸੰਬਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ ਅਤੇ ਉਦੋਂ ਤੋਂ ਸੱਜਣ ਕੁਮਾਰ ਜੇਲ੍ਹ ਵਿਚ ਬੰਦ ਹੈ। ਇਸ ਤੋਂ ਪਹਿਲਾਂ ਵੀ ਸੱਜਣ ਕੁਮਾਰ ਨੇ ਵੱਧ ਰਹੀ ਉਮੱਰ ਅਤੇ ਖਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਮਾਰਚ ਮਹੀਨੇ ਵਿਚ ਸੁਪਰੀਮ ਕੋਰਟ ਤੋਂ ਜ਼ਮਾਨਤ ਮੰਗੀ ਸੀ ਪਰ ਕੋਰਟ ਨੇ ਉਸ ਦੀ ਮੰਗ ਨੂੰ ਠੁਕਰਾ ਦਿੱਤਾ ਸੀ।
