ਲੁਧਿਆਣਾ : ਪੰਜਾਬ ਪੁਲਿਸ ਵੱਲੋਂ ਪੰਜਾਬ ਵਿਚੋਂ ਨਸ਼ਾ ਖਤਮ ਕਰਨ ਲਈ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਲੁਧਿਆਣਾ ਪੁਲਿਸ ਨੇ ਦੋ ਦੋਸਤਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਇੰਨ੍ਹਾਂ ਕੋਲੋਂ 9 ਕਰੋੜ ਦੀ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ। ਇੰਨ੍ਹਾਂ ਕੋਲੋ 1 ਕਿਲੋ 870 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ 9 ਕਰੋੜ ਰੁਪਏ ਕੀਮਤ ਦੱਸੀ ਜਾ ਰਹੀ ਹੈ।ਐਸਟੀਐਫ ਲੁਧਿਆਣਾ ਮੁਖੀ ਇੰਸਪੈਕਟਰ ਹਰਬੰਸ ਸਿੰਘ ਦੇ ਮੁਤਾਬਕ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮੋਤੀ ਨਗਰ ਦੇ ਰਹਿਣ ਵਾਲੇ ਮੁਹੰਮਦ ਇਸਤਿਆਕ ਅਤੇ ਮੁਹੱਲਾ ਰਾਮਦਿੱਤ ਨਗਰ ਦੇ ਰਹਿਣ ਵਾਲੇ ਪ੍ਰਵੀਨ ਕੁਮਾਰ ਵਜੋਂ ਹੋਈ ਹੈ।
ਇਸ ਬਾਰੇ ਏਸੀਪੀ ਦਵਿੰਦਰ ਕੁਮਾਰ ਅਤੇ ਐਸਟੀਐਫ ਲੁਧਿਆਣਾ ਮੁਖੀ ਹਰਬੰਸ ਸਿੰਘ ਨੇ ਦੱਸਿਆ ਕੇ ਪੁਲਿਸ ਪਾਰਟੀ ਨੂੰ ਭਰੋਸੇਯੋਗ ਸੂਤਰਾਂ ਕੋਲੋਂ ਜਾਣਕਾਰੀ ਮਿਲੀ ਕਿ ਦੋਵੇਂ ਮੁਲਜ਼ਮ ਹੈਰੋਇਨ ਦੀ ਤਸਕਰੀ ਕਰਦੇ ਹਨ। ਪੁਲਿਸ ਨੂੰ ਇਹ ਵੀ ਪਤਾ ਲੱਗਾ ਕਿ ਮੁਲਜ਼ਮ ਮੋਟਰਸਾਈਕਲ ਤੇ ਸਵਾਰ ਹੋ ਕੇ ਗ੍ਰਾਹਕਾਂ ਨੂੰ ਹੈਰੋਇਨ ਦੀ ਸਪਲਾਈ ਦੇਣ ਜਾ ਰਹੇ ਹਨ।
ਸੂਚਨਾ ਤੋਂ ਬਾਅਦ ਪੁਲਿਸ ਪਾਰਟੀ ਨੇ ਮੁਹੱਲਾ ਮੁਸਲਿਮ ਕਾਲੋਨੀ ਸ਼ੇਰਪੁਰ ਕਲਾਂ ਵਿਖੇ ਨਾਕਾਬੰਦੀ ਕਰਕੇ ਮੋਟਰਸਾਈਕਲ ਸਵਾਰ ਦੋਵਾਂ ਮੁਲਜ਼ਮਾਂ ਨੂੰ ਹਿਰਾਸਤ ਵਿਚ ਲਿਆ। ਪੁਲਿਸ ਨੇ ਜਦੋਂ ਇੰਨ੍ਹਾਂ ਦੇ ਬੈਗ ਚੈੱਕ ਕੀਤੇ ਤਾਂ 1 ਕਿਲੋ 870 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।



