ਹੋਸ਼ਿਆਰਪੁਰ: ਰੋਜ਼ੀ-ਰੋਟੀ ਦੀ ਭਾਲ ਅਤੇ ਸੁਨਹਿਰੀ ਭਵਿੱਖ ਦੇ ਸੁਪਨੇ ਲੈ ਕੇ ਇਟਲੀ ਗਏ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਹੋਸ਼ਿਆਰਪੁਰ ਦੇ ਦਸੂਹਾ ਅਧੀਨ ਪੈਂਦੇ ਪਿੰਡ ਖੋਲੇ ਦੇ 24 ਸਾਲਾ ਨੌਜਵਾਨ ਟਵਿੰਕਲ ਰੰਧਾਵਾ ਦੀ ਇਟਲੀ ਦੇ ਸ਼ਹਿਰ ਲੀਦੋ ਦਾ ਲੇਵਿਨਿਓ (Lido dei Pini) ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਜਿੱਥੇ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ, ਉੱਥੇ ਹੀ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਪੰਜ ਮਹੀਨੇ ਪਹਿਲਾਂ ਹੀ ਗਿਆ ਸੀ ਇਟਲੀ
ਮ੍ਰਿਤਕ ਦੇ ਪਿਤਾ ਜਗੀਰ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਉਹ ਪੇਸ਼ੇ ਤੋਂ ਡਰਾਈਵਰ ਹਨ ਅਤੇ ਪਰਿਵਾਰ ਦੀ ਆਰਥਿਕ ਹਾਲਤ ਕਾਫੀ ਕਮਜ਼ੋਰ ਹੈ। ਉਨ੍ਹਾਂ ਨੇ ਬੜੀ ਮੁਸ਼ਕਲ ਨਾਲ ਕਰਜ਼ਾ ਚੁੱਕ ਕੇ ਆਪਣੇ ਛੋਟੇ ਪੁੱਤਰ ਟਵਿੰਕਲ ਨੂੰ ਮਹਿਜ਼ 5 ਮਹੀਨੇ ਪਹਿਲਾਂ ਹੀ ਇਟਲੀ ਭੇਜਿਆ ਸੀ। ਪਰਿਵਾਰ ਨੂੰ ਉਮੀਦ ਸੀ ਕਿ ਟਵਿੰਕਲ ਵਿਦੇਸ਼ ਜਾ ਕੇ ਘਰ ਦੀ ਗਰੀਬੀ ਦੂਰ ਕਰੇਗਾ, ਪਰ ਕਿਸੇ ਨੂੰ ਕੀ ਪਤਾ ਸੀ ਕਿ ਪੰਜਾਂ ਮਹੀਨਿਆਂ ਵਿੱਚ ਹੀ ਖੁਸ਼ੀਆਂ ਮਾਤਮ ਵਿੱਚ ਬਦਲ ਜਾਣਗੀਆਂ।
ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ
ਟਵਿੰਕਲ ਦੇ ਪਿਤਾ ਅਨੁਸਾਰ, ਦੋ ਦਿਨ ਪਹਿਲਾਂ ਹੀ ਉਨ੍ਹਾਂ ਦੀ ਟਵਿੰਕਲ ਨਾਲ ਫੋਨ ‘ਤੇ ਗੱਲ ਹੋਈ ਸੀ ਅਤੇ ਉਹ ਬਹੁਤ ਖੁਸ਼ ਸੀ। ਅਚਾਨਕ ਆਈ ਮੌਤ ਦੀ ਖ਼ਬਰ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਇਟਲੀ ਵਿੱਚ ਟਵਿੰਕਲ ਦੇ ਨਾਲ ਰਹਿਣ ਵਾਲੇ ਨੌਜਵਾਨਾਂ ਨੇ ਫੋਨ ਰਾਹੀਂ ਇਸ ਮੰਦਭਾਗੀ ਘਟਨਾ ਦੀ ਜਾਣਕਾਰੀ ਦਿੱਤੀ। ਪਿਤਾ ਨੇ ਖ਼ਦਸ਼ਾ ਜ਼ਾਹਰ ਕੀਤਾ ਹੈ ਕਿ ਉਨ੍ਹਾਂ ਦੇ ਪੁੱਤਰ ਨਾਲ ਕੁਝ ਗਲਤ ਹੋਇਆ ਹੈ, ਕਿਉਂਕਿ ਉਹ ਬਿਲਕੁਲ ਠੀਕ-ਠਾਕ ਸੀ।
ਸਰਕਾਰ ਤੋਂ ਮਦਦ ਦੀ ਗੁਹਾਰ
ਪੀੜਤ ਪਰਿਵਾਰ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਪਾਸੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਤਾਂ ਜੋ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਟਵਿੰਕਲ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਵਿੱਚ ਮਦਦ ਕੀਤੀ ਜਾਵੇ, ਤਾਂ ਜੋ ਪਰਿਵਾਰ ਆਪਣੇ ਪੁੱਤਰ ਦਾ ਅੰਤਿਮ ਸੰਸਕਾਰ ਪੰਜਾਬੀ ਰੀਤੀ-ਰਿਵਾਜਾਂ ਅਨੁਸਾਰ ਆਪਣੇ ਪਿੰਡ ਵਿੱਚ ਕਰ ਸਕੇ।



