ਤਰਨ ਤਾਰਨ : ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਚੂਸਲੇਵਾੜ ਦੇ ਨਜ਼ਦੀਕ ਇੱਕ ਬੇਹੱਦ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਤੇਜ਼ ਰਫ਼ਤਾਰ ਥਾਰ ਗੱਡੀ ਦੀ ਟੱਕਰ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਪਿੰਡ ਬ੍ਰਹਮਪੁਰਾ ਦੇ ਰਹਿਣ ਵਾਲੇ ਸਨ ਅਤੇ ਪੇਸ਼ੇ ਤੋਂ ਹਲਵਾਈ ਦਾ ਕੰਮ ਕਰਦੇ ਸਨ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਕੰਮ ‘ਤੇ ਜਾ ਰਹੇ ਸਨ ਦੋਵੇਂ ਨੌਜਵਾਨ
ਮ੍ਰਿਤਕ ਦੇ ਭਰਾ ਸੁਖਚੈਨ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਦੋਵੇਂ ਨੌਜਵਾਨ ਆਪਣੇ ਕੰਮ ਦੇ ਸਿਲਸਿਲੇ ਵਿੱਚ ਪਿੰਡ ਸਿਧਵਾਂ ਵੱਲ ਜਾ ਰਹੇ ਸਨ। ਜਿਵੇਂ ਹੀ ਉਹ ਪਿੰਡ ਚੂਸਲੇਵਾੜ ਦੇ ਕੋਲ ਪਹੁੰਚੇ, ਤਾਂ ਸਾਹਮਣੇ ਤੋਂ ਆ ਰਹੀ ਤੇਜ਼ ਰਫ਼ਤਾਰ ਥਾਰ ਗੱਡੀ ਨੇ ਉਹਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵਾਂ ਨੌਜਵਾਨਾਂ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ। ਇਸ ਹਾਦਸੇ ਤੋਂ ਬਾਅਦ ਪੂਰੇ ਇਲਾਕੇ ਅਤੇ ਪਿੰਡ ਬ੍ਰਹਮਪੁਰਾ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਪੁਲਿਸ ਵੱਲੋਂ ਮਾਮਲਾ ਦਰਜ, ਗੱਡੀ ਕਬਜ਼ੇ ਵਿੱਚ ਲਈ
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਪੱਟੀ ਦੇ ਮੁਖੀ ਵਿਪਨ ਕੁਮਾਰ ਪੁਲਿਸ ਫੋਰਸ ਸਮੇਤ ਮੌਕੇ ‘ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਹਾਦਸਾਗ੍ਰਸਤ ਥਾਰ ਗੱਡੀ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਮ੍ਰਿਤਕਾਂ ਦੀਆਂ ਦੇਹਾਂ ਨੂੰ ਪੋਸਟਮਾਰਟਮ ਲਈ ਪੱਟੀ ਦੇ ਸਰਕਾਰੀ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਹੈ।
ਕਾਨੂੰਨੀ ਕਾਰਵਾਈ ਜਾਰੀ
ਥਾਣਾ ਮੁਖੀ ਅਨੁਸਾਰ, ਮ੍ਰਿਤਕ ਦੇ ਭਰਾ ਸੁਖਚੈਨ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਬਣਦੀਆਂ ਕਾਨੂੰਨੀ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ ਅਤੇ ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਕੈਥਲ ਪੁਲਿਸ ਦੀ ਵੱਡੀ ਕਾਰਵਾਈ: ਨੌਜਵਾਨ ‘ਤੇ ਜਾਨਲੇਵਾ ਹਮਲਾ ਕਰਨ ਵਾਲੇ 5 ਮੁਲਜ਼ਮ ਗ੍ਰਿਫ਼ਤਾਰ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



