ਫਗਵਾੜਾ ਹਾਈਵੇਅ ‘ਤੇ ਭਿਆਨਕ ਸੜਕ ਹਾਦਸਾ: LPU ਦੇ 3 ਵਿਦਿਆਰਥੀਆਂ ਦੀ ਦਰਦਨਾਕ ਮੌਤ

ਫਗਵਾੜਾ: ਫਗਵਾੜਾ-ਲੁਧਿਆਣਾ ਰਾਸ਼ਟਰੀ ਮਾਰਗ ‘ਤੇ ਪੈਂਦੇ ਪਿੰਡ ਚਾਚੋਕੀ ਦੇ ਨਜ਼ਦੀਕ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਜਾਨ ਚਲੀ ਗਈ। ਇਹ ਹਾਦਸਾ ਇੱਕ…

ਫਗਵਾੜਾ-ਲੁਧਿਆਣਾ ਰਾਸ਼ਟਰੀ ਮਾਰਗ 'ਤੇ ਪੈਂਦੇ ਪਿੰਡ ਚਾਚੋਕੀ ਦੇ ਨਜ਼ਦੀਕ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਜਾਨ ਚਲੀ ਗਈ।

ਫਗਵਾੜਾ: ਫਗਵਾੜਾ-ਲੁਧਿਆਣਾ ਰਾਸ਼ਟਰੀ ਮਾਰਗ ‘ਤੇ ਪੈਂਦੇ ਪਿੰਡ ਚਾਚੋਕੀ ਦੇ ਨਜ਼ਦੀਕ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਜਾਨ ਚਲੀ ਗਈ। ਇਹ ਹਾਦਸਾ ਇੱਕ ਇਟੀਓਸ ਕਾਰ ਅਤੇ ਟਾਟਾ 407 (ਟਰੱਕ) ਵਿਚਕਾਰ ਹੋਈ ਜ਼ਬਰਦਸਤ ਟੱਕਰ ਕਾਰਨ ਵਾਪਰਿਆ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਅਤੇ ਉਹ ਪੂਰੀ ਤਰ੍ਹਾਂ ਨਾਲ ਚਕਨਾਚੂਰ ਹੋ ਗਈ।

ਮ੍ਰਿਤਕਾਂ ਦੀ ਪਛਾਣ ਅਤੇ ਵੇਰਵੇ

ਇਸ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਤਿੰਨੋਂ ਨੌਜਵਾਨ ਜਲੰਧਰ ਜ਼ਿਲ੍ਹੇ ਦੇ ਫ਼ਿਲੌਰ ਤਹਿਸੀਲ ਦੇ ਪਿੰਡ ਮੁਠੱਡਾ ਕਲਾਂ ਦੇ ਰਹਿਣ ਵਾਲੇ ਸਨ। ਮ੍ਰਿਤਕਾਂ ਦੀ ਪਛਾਣ ਸਾਹਿਲ ਮੁਹੰਮਦ (23), ਦਲਜੀਤ ਭੱਟੀ (20) ਅਤੇ ਅਰਮਾਨ ਮਹਿਮੀ (17) ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਤਿੰਨੋਂ ਨੌਜਵਾਨ ਫਗਵਾੜਾ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਵਿਦਿਆਰਥੀ ਸਨ। ਇਸ ਹਾਦਸੇ ਵਿੱਚ ਟਰੱਕ ਚਾਲਕ ਵਿਜੇ ਕੁਮਾਰ ਵੀ ਜ਼ਖ਼ਮੀ ਹੋਇਆ ਹੈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਕਿਵੇਂ ਵਾਪਰਿਆ ਇਹ ਭਿਆਨਕ ਹਾਦਸਾ?

ਸੜਕ ਸੁਰੱਖਿਆ ਫੋਰਸ (SSF) ਦੇ ਅਧਿਕਾਰੀ ਮੱਖਣ ਸਿੰਘ ਤੋਂ ਮਿਲੀ ਜਾਣਕਾਰੀ ਅਨੁਸਾਰ, ਤਿੰਨੋਂ ਨੌਜਵਾਨ ਆਪਣੀ ਕਾਰ (ਨੰਬਰ PB 10 DS 5210) ਵਿੱਚ ਸਵਾਰ ਹੋ ਕੇ ਫਗਵਾੜਾ ਤੋਂ ਫ਼ਿਲੌਰ ਵੱਲ ਜਾ ਰਹੇ ਸਨ। ਤੇਜ਼ ਰਫ਼ਤਾਰ ਹੋਣ ਕਾਰਨ ਕਾਰ ਅਚਾਨਕ ਬੇਕਾਬੂ ਹੋ ਗਈ ਅਤੇ ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਪਲਟੀਆਂ ਖਾਂਦੀ ਹੋਈ ਹਾਈਵੇਅ ਦੇ ਦੂਜੇ ਪਾਸੇ ਚਲੀ ਗਈ। ਇਸੇ ਦੌਰਾਨ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਕਾਰ ਦੀ ਸਿੱਧੀ ਟੱਕਰ ਹੋ ਗਈ, ਜਿਸ ਕਾਰਨ ਤਿੰਨਾਂ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਹਾਈਵੇਅ ‘ਤੇ ਲੱਗਿਆ ਲੰਬਾ ਜਾਮ

ਹਾਦਸੇ ਤੋਂ ਤੁਰੰਤ ਬਾਅਦ ਹਾਈਵੇਅ ‘ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਅਤੇ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕ੍ਰੇਨ ਦੀ ਮਦਦ ਨਾਲ ਹਾਦਸਾਗ੍ਰਸਤ ਵਾਹਨਾਂ ਨੂੰ ਸਾਈਡ ‘ਤੇ ਕਰਵਾਇਆ ਅਤੇ ਟ੍ਰੈਫਿਕ ਨੂੰ ਸੁਚਾਰੂ ਰੂਪ ਵਿੱਚ ਚਾਲੂ ਕੀਤਾ। ਪੁਲਿਸ ਨੇ ਮ੍ਰਿਤਕ ਦੇਹਾਂ ਨੂੰ ਪੋਸਟਮਾਰਟਮ ਲਈ ਫਗਵਾੜਾ ਦੇ ਸਿਵਲ ਹਸਪਤਾਲ ਵਿੱਚ ਭੇਜ ਦਿੱਤਾ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ 

ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਭਿਆਨਕ ਖੇਡ, ਗੁਆਂਢੀ ਨੇ ਗੋਲੀ ਮਾਰ ਕੇ ਕੀਤਾ ਨੌਜਵਾਨ ਦਾ ਕਤਲ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *