ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ। ਇਸ ਗੱਲ ਦਾ ਖੁਲਾਸਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਰ੍ਹੇ ਦੌਰਾਨ 15.17 ਕਰੋੜ ਰੁਪਏ ਦੀ ਰਾਸ਼ੀ ਰਲੀਜ਼ ਕੀਤੀ ਗਈ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਰਾਸ਼ੀ ਦੇ ਰਲੀਜ਼ ਹੋਣ ਨਾਲ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਮਾਰਚ 2023 ਦੇ 2975 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਤੱਕ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।
ਮੰਤਰੀ ਨੇ ਅੱਗੇ ਦੱਸਿਆ ਕਿ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

