ਜਲੰਧਰ: ਜਲੰਧਰ ਸ਼ਹਿਰ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਨਵਵਿਆਹੁਤਾ ਮਹਿਲਾ ਨੇ ਸਹੁਰਾ ਪਰਿਵਾਰ ਦੀ ਕਥਿਤ ਪ੍ਰਤਾੜਨਾ ਤੋਂ ਤੰਗ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕਾ ਦੀ ਪਛਾਣ ਪੂਜਾ ਵਜੋਂ ਹੋਈ ਹੈ। ਖੁਦਕੁਸ਼ੀ ਵਰਗਾ ਖੌਫਨਾਕ ਕਦਮ ਚੁੱਕਣ ਤੋਂ ਪਹਿਲਾਂ ਪੂਜਾ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਆਪਣਾ ਦਰਦ ਬਿਆਨ ਕੀਤਾ ਅਤੇ ਆਪਣੇ ਪਤੀ ਤੇ ਸਹੁਰੇ ਪਰਿਵਾਰ ਨੂੰ ਮੌਤ ਲਈ ਜ਼ਿੰਮੇਵਾਰ ਠਹਿਰਾਇਆ।
ਵਿਆਹ ਦੇ ਕੁਝ ਮਹੀਨਿਆਂ ਬਾਅਦ ਹੀ ਸ਼ੁਰੂ ਹੋਇਆ ਕਲੇਸ਼
ਮ੍ਰਿਤਕਾ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਧੀ ਪੂਜਾ ਦਾ ਵਿਆਹ 18 ਅਪ੍ਰੈਲ 2024 ਨੂੰ ਅੰਮ੍ਰਿਤਸਰ ਦੇ ਰਮੇਸ਼ ਨਗਰ ਵਾਸੀ ਹਰੀਸ਼ ਨਾਲ ਬੜੇ ਚਾਵਾਂ ਨਾਲ ਕੀਤਾ ਸੀ। ਹਰੀਸ਼ ਭਾਰਤੀ ਫੌਜ ਵਿੱਚ ਕਲਰਕ ਵਜੋਂ ਤਾਇਨਾਤ ਹੈ। ਪਿਤਾ ਅਨੁਸਾਰ ਵਿਆਹ ਦੇ ਕੁਝ ਸਮੇਂ ਬਾਅਦ ਹੀ ਸਹੁਰਾ ਪਰਿਵਾਰ ਨੇ ਦਾਜ ਦੀ ਖਾਤਰ ਪੂਜਾ ਨੂੰ ਤੰਗ-ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਸੀ। ਇਸ ਸਬੰਧੀ ਪਹਿਲਾਂ ਵੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ।
ਤਲਾਕ ਦਾ ਦਬਾਅ ਅਤੇ ਮਾਨਸਿਕ ਪ੍ਰੇਸ਼ਾਨੀ
ਪੀੜਤ ਪਰਿਵਾਰ ਨੇ ਦੋਸ਼ ਲਾਇਆ ਕਿ ਹਰੀਸ਼ ਆਪਣੀ ਪਤਨੀ ਪੂਜਾ ਤੋਂ ਤਲਾਕ ਲੈਣਾ ਚਾਹੁੰਦਾ ਸੀ, ਜਦਕਿ ਪੂਜਾ ਤਲਾਕ ਦੇਣ ਲਈ ਤਿਆਰ ਨਹੀਂ ਸੀ ਅਤੇ ਉਹ ਆਪਣੇ ਪਤੀ ਨਾਲ ਹੀ ਰਹਿਣਾ ਚਾਹੁੰਦੀ ਸੀ। ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨ ਜਦੋਂ ਪੂਜਾ ਅੰਮ੍ਰਿਤਸਰ ਆਪਣੇ ਸਹੁਰੇ ਘਰ ਗਈ ਤਾਂ ਉਨ੍ਹਾਂ ਨੇ ਉਸ ਨੂੰ ਘਰ ਵਿੱਚ ਵੜਨ ਨਹੀਂ ਦਿੱਤਾ ਅਤੇ ਵਾਪਸ ਭੇਜ ਦਿੱਤਾ। ਇਸ ਅਪਮਾਨ ਅਤੇ ਮਾਨਸਿਕ ਪੀੜਾ ਨੂੰ ਨਾ ਸਹਾਰਦੇ ਹੋਏ ਪੂਜਾ ਨੇ ਜ਼ਹਿਰੀਲੀ ਚੀਜ਼ ਨਿਗਲ ਲਈ।
ਸੋਸ਼ਲ ਮੀਡੀਆ ਵੀਡੀਓ ਰਾਹੀਂ ਲੱਗਿਆ ਪਤਾ
ਪੂਜਾ ਨੇ ਜ਼ਹਿਰ ਖਾਣ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਆਪਣੀ ਆਖਰੀ ਗੱਲ ਕਹੀ। ਜਦੋਂ ਰਿਸ਼ਤੇਦਾਰਾਂ ਨੇ ਇਹ ਵੀਡੀਓ ਦੇਖੀ ਤਾਂ ਤੁਰੰਤ ਪਰਿਵਾਰ ਨੂੰ ਸੂਚਿਤ ਕੀਤਾ। ਪਰਿਵਾਰਕ ਮੈਂਬਰ ਉਸ ਨੂੰ ਗੰਭੀਰ ਹਾਲਤ ਵਿੱਚ ਜਾਲੰਧਰ ਦੇ ਸਿਵਲ ਹਸਪਤਾਲ ਲੈ ਕੇ ਪਹੁੰਚੇ, ਪਰ ਅਫਸੋਸ ਕਿ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਬਾਰਾਦਰੀ ਦੇ ਏ.ਐੱਸ.ਆਈ. ਵਿਨੈ ਕੁਮਾਰ ਪੁਲਿਸ ਟੀਮ ਸਮੇਤ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁੱਢਲੀ ਜਾਣਕਾਰੀ ਅਨੁਸਾਰ ਮਹਿਲਾ ਨੇ ਸਹੁਰੇ ਪਰਿਵਾਰ ਤੋਂ ਪਰੇਸ਼ਾਨ ਹੋ ਕੇ ਇਹ ਕਦਮ ਚੁੱਕਿਆ ਹੈ। ਪੁਲਿਸ ਵੱਲੋਂ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



