ਅਬੋਹਰ: ਅਬੋਹਰ ਸ਼ਹਿਰ ਵਿੱਚ ਬੀਤੀ ਰਾਤ ਇੱਕ ਭਿਆਨਕ ਸੜਕ ਹਾਦਸੇ ਨੇ ਤਿੰਨ ਘਰਾਂ ਦੇ ਚਿਰਾਗ ਬੁਝਾ ਦਿੱਤੇ। ਰਾਤ ਕਰੀਬ 1:00 ਵਜੇ ਰੋਟੀ ਚੌਂਕ ਦੇ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਟਕਰਾ ਗਈ। ਇਸ ਦਰਦਨਾਕ ਹਾਦਸੇ ਵਿੱਚ ਕਾਰ ਸਵਾਰ ਪੰਜ ਨੌਜਵਾਨਾਂ ਵਿੱਚੋਂ ਤਿੰਨ ਦੀ ਮੌਤ ਹੋ ਗਈ, ਜਦਕਿ ਦੋ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਮ੍ਰਿਤਕਾਂ ਦੀ ਪਛਾਣ ਪਿੰਡ ਬਲੂਆਣਾ ਦੇ ਨਿਵਾਸੀਆਂ ਵਜੋਂ ਹੋਈ ਹੈ।
ਦੋ ਸਕੇ ਭਰਾਵਾਂ ਦੀ ਮੌਤ
ਇਸ ਹਾਦਸੇ ਵਿੱਚ ਜਾਨ ਗੁਆਉਣ ਵਾਲਿਆਂ ਵਿੱਚ ਦੋ ਸਕੇ ਭਰਾ ਉਦੈ ਅਤੇ ਵਿਸ਼ਾਲ ਸ਼ਾਮਲ ਹਨ, ਜਦਕਿ ਉਨ੍ਹਾਂ ਦੇ ਤੀਜੇ ਸਾਥੀ ਦੀ ਪਛਾਣ ਰਮਨ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਹਾਦਸਾ ਇੰਨਾ ਭਿਆਨਕ ਸੀ ਕਿ ਨੌਜਵਾਨਾਂ ਦੀ ਮੌਕੇ ‘ਤੇ ਹੀ ਹਾਲਤ ਬੇਹੱਦ ਨਾਜ਼ੁਕ ਹੋ ਗਈ ਸੀ ਅਤੇ ਹਸਪਤਾਲ ਵਿੱਚ ਇਲਾਜ ਦੌਰਾਨ ਉਨ੍ਹਾਂ ਨੇ ਦਮ ਤੋੜ ਦਿੱਤਾ। ਇਕੋ ਪਰਿਵਾਰ ਦੇ ਦੋ ਪੁੱਤਾਂ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਦੋ ਨੌਜਵਾਨਾਂ ਦੀ ਹਾਲਤ ਨਾਜ਼ੁਕ
ਕਾਰ ਵਿੱਚ ਸਵਾਰ ਦੋ ਹੋਰ ਨੌਜਵਾਨ, ਅਨਮੋਲ ਅਤੇ ਰੌਸ਼ਨ, ਇਸ ਹਾਦਸੇ ਵਿੱਚ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ। ਅਬੋਹਰ ਦੇ ਸਥਾਨਕ ਹਸਪਤਾਲ ਵਿੱਚ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਨ੍ਹਾਂ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਨ੍ਹਾਂ ਨੂੰ ਬਿਹਤਰ ਇਲਾਜ ਲਈ ਫਰੀਦਕੋਟ ਰੈਫਰ ਕਰ ਦਿੱਤਾ ਹੈ, ਜਿੱਥੇ ਉਹ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ।
ਪੁਲਿਸ ਜਾਂਚ ਸ਼ੁਰੂ
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਮੁੱਢਲੀ ਜਾਂਚ ਵਿੱਚ ਹਾਦਸੇ ਦਾ ਕਾਰਨ ਕਾਰ ਦੀ ਤੇਜ਼ ਰਫ਼ਤਾਰ ਦੱਸਿਆ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਆਸ-ਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਵੀ ਮਦਦ ਲਈ ਜਾਵੇਗੀ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
Bathinda-chandigarh Highway accident : ਸੰਘਣੀ ਧੁੰਦ ਵਾਪਰਿਆ ਭਿਆਨਕ ਹਾਦਸਾ, ਇੱਕਠੀ 10 ਗੱਡੀਆਂ ਟਕਰਾਈਆਂ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



