ਚੰਡੀਗੜ੍ਹ, 26 ਫਰਵਰੀ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 37ਵੇਂ ਦਿਨ ਪੰਜਾਬ ਪੁਲੀਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 601 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਹੈ ,ਜਿਸਦੀ ਸ਼ੁੁਰੂਆਤ 20 ਜਨਵਰੀ, 2026 ਨੂੰ ਪੁਲੀਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲੀਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
37ਵੇਂ ਦਿਨ, ਪੁਲੀਸ ਟੀਮਾਂ ਨੇ 203 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਹਥਿਆਰ ਬਰਾਮਦ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫਤਾਰੀਆਂ 11,616 ਹੋ ਗਈਆਂ।
ਇਸ ਤੋਂ ਇਲਾਵਾ 147 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 145 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲੀਸ ਟੀਮਾਂ ਨੇ ਕਾਰਵਾਈ ਦੌਰਾਨ ਅੱਠ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।
ਉਨ੍ਹਾਂ ਕਿਹਾ ਕਿ ਲੋਕ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕੀਤੀ ਜਾ ਸਕਦੀ ਹੈ।
ਇਸ ਦੌਰਾਨ ਪੁਲੀਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ 362ਵੇਂ ਦਿਨ 67 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.4 ਕਿਲੋ ਹੈਰੋਇਨ, 301 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3350 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ, ਸਿਰਫ 362 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 51,305 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 30 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
ਹੋਰ ਜਾਣੋ:
Hukamnama Sri Darbar Sahib: ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 27-February-2026
ਨਿਊਜ਼ ਅਪਡੇਟਸ ਲਈ LIVING INDIA NEWS 24/7 LIVE ਨਾਲ ਜੁੜੇ ਰਹੋ।



