ਲੁਧਿਆਣਾ : ਪੰਜਾਬ ਵਿੱਚ ਮੌਸਮ ਦੇ ਬਦਲਦੇ ਮਿਜਾਜ਼ ਅਤੇ ਤਾਪਮਾਨ ਵਿੱਚ ਹੋਏ ਅਚਾਨਕ ਵਾਧੇ ਕਾਰਨ ਗਰਮੀ ਦਾ ਕਹਿਰ ਵੱਧ ਗਿਆ ਹੈ। ਇਸ ਸਥਿਤੀ ਨੂੰ ਦੇਖਦਿਆਂ ਸਿਹਤ ਵਿਭਾਗ ਲੁਧਿਆਣਾ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ। ਸਿਵਲ ਸਰਜਨ ਡਾ. ਰਮਨਦੀਪ ਕੌਰ ਆਲੂਵਾਲੀਆ ਨੇ ਜ਼ਿਲ੍ਹਾ ਵਾਸੀਆਂ ਲਈ ਇੱਕ ਵਿਸ਼ੇਸ਼ ਐਡਵਾਈਜ਼ਰੀ ਜਾਰੀ ਕਰਦਿਆਂ ਲੋਕਾਂ ਨੂੰ ਗਰਮੀ ਤੋਂ ਬਚਾਅ ਦੇ ਸੁਝਾਅ ਦਿੱਤੇ ਹਨ।
ਧੁੱਪ ਤੋਂ ਬਚਣ ਦੀ ਸਲਾਹ
ਸਿਹਤ ਵਿਭਾਗ ਨੇ ਆਮ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਦੁਪਹਿਰ ਸਮੇਂ ਸਿੱਧੀ ਧੁੱਪ ਦੇ ਸੰਪਰਕ ਵਿੱਚ ਆਉਣ ਤੋਂ ਗੁਰੇਜ਼ ਕਰਨ। ਖਾਸ ਤੌਰ ‘ਤੇ ਦੁਪਹਿਰ 12 ਵਜੇ ਤੋਂ ਲੈ ਕੇ ਸ਼ਾਮ 3 ਵਜੇ ਤੱਕ ਦਾ ਸਮਾਂ ਬਹੁਤ ਨਾਜ਼ੁਕ ਹੈ। ਇਸ ਸਮੇਂ ਦੌਰਾਨ ਬਾਹਰ ਕੰਮ ਕਰਨ ਵਾਲੇ ਮਜ਼ਦੂਰਾਂ ਅਤੇ ਹੋਰ ਕਾਮਿਆਂ ਨੂੰ ਆਪਣੀ ਸਿਹਤ ਦਾ ਵਿਸ਼ੇਸ਼ ਧਿਆਨ ਰੱਖਣ ਲਈ ਕਿਹਾ ਗਿਆ ਹੈ। ਸਰੀਰ ਵਿੱਚ ਪਾਣੀ ਦੀ ਕਮੀ ਨੂੰ ਪੂਰਾ ਕਰਨ ਲਈ ਲੋਕਾਂ ਨੂੰ ਵੱਧ ਤੋਂ ਵੱਧ ਤਰਲ ਪਦਾਰਥਾਂ ਅਤੇ ਪਾਣੀ ਦਾ ਸੇਵਨ ਕਰਨ ਲਈ ਪ੍ਰੇਰਿਤ ਕੀਤਾ ਗਿਆ ਹੈ।
ਬੱਚਿਆਂ ਤੇ ਬਜ਼ੁਰਗਾਂ ਦਾ ਰੱਖੋ ਖਿਆਲ
ਡਾ. ਰਮਨਦੀਪ ਕੌਰ ਆਲੂਵਾਲੀਆ ਨੇ ਦੱਸਿਆ ਕਿ ਗਰਮੀ ਦਾ ਸਭ ਤੋਂ ਜ਼ਿਆਦਾ ਅਸਰ ਛੋਟੇ ਬੱਚਿਆਂ ਅਤੇ ਬਜ਼ੁਰਗਾਂ ‘ਤੇ ਪੈ ਸਕਦਾ ਹੈ। ਉਨ੍ਹਾਂ ਪਰਿਵਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਘਰ ਦੇ ਬਜ਼ੁਰਗਾਂ ਅਤੇ ਬੱਚਿਆਂ ਨੂੰ ਧੁੱਪ ਵਿੱਚ ਬਾਹਰ ਨਾ ਨਿਕਲਣ ਦੇਣ ਅਤੇ ਉਨ੍ਹਾਂ ਨੂੰ ਠੰਢੇ ਵਾਤਾਵਰਣ ਵਿੱਚ ਰੱਖਣ ਨੂੰ ਯਕੀਨੀ ਬਣਾਉਣ।
ਹਸਪਤਾਲਾਂ ਵਿੱਚ ਕੀਤੇ ਗਏ ਵਿਸ਼ੇਸ਼ ਇੰਤਜ਼ਾਮ
ਸਿਹਤ ਵਿਭਾਗ ਨੇ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਿਆਰੀ ਕਰ ਲਈ ਹੈ। ਸ਼ਹਿਰ ਦੇ ਸਿਵਲ ਹਸਪਤਾਲਾਂ ਅਤੇ ਸੀ.ਐੱਚ.ਸੀ. (CHC) ਕੇਂਦਰਾਂ ਵਿੱਚ ਗਰਮੀ ਦੇ ਮਰੀਜ਼ਾਂ ਲਈ ਵਿਸ਼ੇਸ਼ ਕਮਰਿਆਂ ਦਾ ਪ੍ਰਬੰਧ ਕੀਤਾ ਗਿਆ ਹੈ। ਇਨ੍ਹਾਂ ਕਮਰਿਆਂ ਵਿੱਚ ਏ.ਸੀ. (AC) ਦੀ ਸਹੂਲਤ ਵੀ ਉਪਲਬਧ ਕਰਵਾਈ ਗਈ ਹੈ ਤਾਂ ਜੋ ਮਰੀਜ਼ਾਂ ਨੂੰ ਗਰਮੀ ਕਾਰਨ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਨਬੰਰ ਉੱਤੇ ਕਰੋ ਸਪੰਰਕ
ਜੇਕਰ ਕਿਸੇ ਵਿਅਕਤੀ ਨੂੰ ਗਰਮੀ ਦੇ ਲੱਛਣ ਮਹਿਸੂਸ ਹੁੰਦੇ ਹਨ ਜਾਂ ਕੋਈ ਐਮਰਜੈਂਸੀ ਸਥਿਤੀ ਪੈਦਾ ਹੁੰਦੀ ਹੈ, ਤਾਂ ਉਹ ਤੁਰੰਤ ਸਹਾਇਤਾ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ‘ਤੇ ਸੰਪਰਕ ਕਰ ਸਕਦੇ ਹਨ। ਸਿਹਤ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਲਾਪਰਵਾਹੀ ਨਾ ਵਰਤਣ ਅਤੇ ਗਰਮੀ ਤੋਂ ਬਚਾਅ ਦੇ ਨਿਯਮਾਂ ਦੀ ਪਾਲਣਾ ਕਰਨ।



