ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਲਿਵਿੰਗ ਇੰਡੀਆ ਨਿਊਜ਼’ ਦੇ ‘ਸ਼ਾਈਨਿੰਗ ਪੰਜਾਬ’ ਕਨਕਲੇਵ ਵਿੱਚ ਹਿੱਸਾ ਲੈਂਦਿਆਂ ਸੂਬੇ ਦੇ ਵਿਕਾਸ ਅਤੇ ਆਪਣੀ ਸਰਕਾਰ ਦੀਆਂ ਨੀਤੀਆਂ ‘ਤੇ ਚਾਨਣਾ ਪਾਇਆ। ਉਨ੍ਹਾਂ ਨੇ ਦਾਅਵਾ ਕੀਤਾ ਕਿ ਪਿਛਲੇ ਕੁਝ ਸਾਲਾਂ ਵਿੱਚ ਪੰਜਾਬ ਨੇ ਹਰ ਖੇਤਰ ਵਿੱਚ ਵੱਡੀਆਂ ਮੱਲਾਂ ਮਾਰੀਆਂ ਹਨ ਅਤੇ ਸੂਬਾ ਇੱਕ ਨਵੇਂ ਦੌਰ ਵਿੱਚ ਦਾਖਲ ਹੋਇਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਇੰਟਰਵਿਊ ਦੌਰਾਨ ਸੂਬੇ ਦੀਆਂ ਵਿਰੋਧੀ ਪਾਰਟੀਆਂ ‘ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਅਤੇ ਕਾਂਗਰਸੀ ਆਗੂਆਂ ‘ਤੇ ਤਿੱਖੀ ਸ਼ਬਦੀ ਵਰਤਦਿਆਂ ਕਈ ਵੱਡੇ ਦਾਅਵੇ ਕੀਤੇ।
ਸਿੱਖਿਆ ਅਤੇ ਸਿਹਤ ਵਿੱਚ ਕ੍ਰਾਂਤੀਕਾਰੀ ਬਦਲਾਅ
ਮੁੱਖ ਮੰਤਰੀ ਨੇ ਸਭ ਤੋਂ ਪਹਿਲਾਂ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਹੋਏ ਸੁਧਾਰਾਂ ਦਾ ਜ਼ਿਕਰ ਕੀਤਾ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਨੂੰ ‘ਸਕੂਲ ਆਫ ਐਮੀਨੈਂਸ’ ਵਜੋਂ ਵਿਕਸਿਤ ਕੀਤਾ ਜਾ ਰਿਹਾ ਹੈ, ਜਿੱਥੇ ਗਰੀਬ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸੇ ਤਰ੍ਹਾਂ, ‘ਆਮ ਆਦਮੀ ਕਲੀਨਿਕਾਂ’ ਰਾਹੀਂ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਅਤੇ ਮੁਫਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਆਪਣਾ ‘ਕੁੰਬਾ’ ਬਚਾਉਣ ਦੀ ਕਰਨ ਕੋਸ਼ਿਸ਼, ਸਾਡੀ ਚਿੰਤਾ ਕਰਨ ਦੀ ਲੋੜ ਨਹੀਂ – CM
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਜਾ ਵੜਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਪਹਿਲਾਂ ਸੁਨੀਲ ਜਾਖੜ ਬਾਰੇ ਪੁੱਛਣ ਕਿ ਉਹ ਕਿੱਥੇ ਹਨ। ਉਨ੍ਹਾਂ ਵਿਰੋਧੀਆਂ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਉਹ ਆਪਣਾ ‘ਕੁੰਬਾ’ ਬਚਾਉਣ ਦੀ ਕੋਸ਼ਿਸ਼ ਕਰਨ, ਸਾਡੀ ਚਿੰਤਾ ਕਰਨ ਦੀ ਉਨ੍ਹਾਂ ਨੂੰ ਕੋਈ ਲੋੜ ਨਹੀਂ ਹੈ। CM ਭਗਵੰਤ ਸਿੰਘ ਮਾਨ ਨੇ ‘CM ਚੇਂਜ’ ਦੀਆਂ ਚਰਚਾਵਾਂ ‘ਤੇ ਪੂਰੀ ਤਰ੍ਹਾਂ ਵਿਰਾਮ ਲਗਾਇਆ।
ਉਨ੍ਹਾਂ ਦੇ ਆਪਣੇ ਪਿਤਾ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਨਹੀਂ ਬਣਾਇਆ, ਮੈਂ ਕਿਵੇਂ ਬਣਾ ਸਕਦਾ ਹਾਂ – CM
ਸੁਖਬੀਰ ਸਿੰਘ ਬਾਦਲ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਅੱਜ ‘ਚੂਰ-ਚੂਰ’ ਹੋ ਚੁੱਕਾ ਹੈ। ਉਨ੍ਹਾਂ ਨੇ ਤੰਜ਼ ਕਸਦਿਆਂ ਕਿਹਾ ਕਿ “ਉਨ੍ਹਾਂ ਦੇ ਟੁਕੜਿਆਂ ਦਾ ਮੈਂ ਕੀ ਕਰਾਂ?” ਉਨ੍ਹਾਂ ਨੇ ਅੱਗੇ ਕਿਹਾ ਕਿ ਸੁਖਬੀਰ ਬਾਦਲ ਕੋਲ ਅੱਜ ਆਪਣੀ ਪਾਰਟੀ ਨੂੰ ਜੋੜਨ ਲਈ 5 ਮੈਂਬਰ ਵੀ ਨਹੀਂ ਬਚੇ ਹਨ। ਭਗਵੰਤ ਸਿੰਘ ਮਾਨ ਨੇ ਬਾਦਲ ਦੇ ਵਿਜ਼ਨ ਨੂੰ ‘ਸੀਪ ਵਾਲਾ’ (ਖੋਖਲਾ) ਦੱਸਦਿਆਂ ਕਿਹਾ ਕਿ ਜਿਨ੍ਹਾਂ ਨੂੰ ਉਨ੍ਹਾਂ ਦੇ ਆਪਣੇ ਪਿਤਾ ਨੇ ਮੁੱਖ ਮੰਤਰੀ ਨਹੀਂ ਬਣਾਇਆ, ਉਨ੍ਹਾਂ ਨੂੰ ਮੈਂ ਕਿਵੇਂ ਬਣਾ ਸਕਦਾ ਹਾਂ।
ਨਸ਼ੇ ਦੇ ਮੁੱਦੇ ‘ਤੇ ਘੇਰਿਆ ਮਜੀਠੀਆ ਨੂੰ
ਬਿਕਰਮ ਸਿੰਘ ਮਜੀਠੀਆ ‘ਤੇ ਹਮਲਾ ਬੋਲਦਿਆਂ CM ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੇ ਪੰਜਾਬ ਵਿੱਚ ਨਸ਼ਾ ਵਧਾਇਆ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਵੱਡੇ-ਵੱਡੇ ਤਸਕਰ ਪੁੱਛਗਿੱਛ ਦੌਰਾਨ ਮਜੀਠੀਆ ਦਾ ਨਾਮ ਲੈ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੰਭੀਰ ਟਿੱਪਣੀ ਕਰਦਿਆਂ ਕਿਹਾ ਕਿ ਇਨ੍ਹਾਂ ‘ਤੇ ‘ਨਸਲਕੁਸ਼ੀ’ ਦੇ ਮਾਮਲੇ ਦਰਜ ਹੋਣੇ ਚਾਹੀਦੇ ਹਨ, ਕਿਉਂਕਿ ਇਨ੍ਹਾਂ ਦੇ ਕਾਰਨ ਪੰਜਾਬ ਦੇ 2 ਸਾਲ ਦੇ ਬੱਚੇ ਤੱਕ ਨਸ਼ੇ ਦੇ ਜੰਜਾਲ ਵਿੱਚ ਫਸੇ ਹੋਏ ਹਨ, ਕਿਉਂ ਕਿ ਇੱਕ ਦੋ ਸਾਲ ਦੇ ਬੱਚੇ ਦੀ ਮਾਂ ਨਸ਼ੇ ਕਰਦੀ ਸੀ, ਜਿਸ ਕਾਰਨ ਵਜੋਂ ਉਸ ਦਾ ਬੱਚੇ ਵਿੱਚ ਵੀ ਨਸ਼ਾ ਪਾਇਆ ਗਿਆ।
ਕਾਂਗਰਸ ਅਤੇ ਰਾਹੁਲ ਗਾਂਧੀ ‘ਤੇ ਨਿਸ਼ਾਨਾ
ਪੰਜਾਬ ਵਿੱਚ ਕਾਂਗਰਸ ਦੇ ਇਤਿਹਾਸ ‘ਤੇ ਚਰਚਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੇ 8 ਮੁੱਖ ਮੰਤਰੀ ਰਹਿ ਚੁੱਕੇ ਹਨ, ਪਰ ਉਨ੍ਹਾਂ ਨੇ ਸੂਬੇ ਲਈ ਕੁਝ ਨਹੀਂ ਕੀਤਾ। ਉਨ੍ਹਾਂ ਰਾਹੁਲ ਗਾਂਧੀ ਦੇ ਪ੍ਰਧਾਨ ਮੰਤਰੀ ਬਣਨ ਦੇ ਸੁਪਨੇ ‘ਤੇ ਵੀ ਚੁਟਕੀ ਲਈ ਅਤੇ ਕਿਹਾ ਕਿ ਉਨ੍ਹਾਂ ਦੇ ਪ੍ਰਧਾਨ ਮੰਤਰੀ ਬਣਨ ‘ਤੇ ਲੋਕਾਂ ਨੇ ਆਪਣੇ ਦਰਵਾਜ਼ੇ ਬੰਦ ਕਰ ਦਿੱਤੇ ਹਨ।
ਨਿਵੇਸ਼ ਅਤੇ ਰੁਜ਼ਗਾਰ ਦੇ ਮੌਕੇ
ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪੰਜਾਬ ਵਿੱਚ ਉਦਯੋਗਿਕ ਮਾਹੌਲ ਨੂੰ ਬਦਲਣ ਲਈ ‘ਸਿੰਗਲ ਵਿੰਡੋ ਸਿਸਟਮ’ ਵਰਗੀਆਂ ਪਹਿਲਕਦਮੀਆਂ ਕੀਤੀਆਂ ਗਈਆਂ ਹਨ, ਜਿਸ ਨਾਲ ਵੱਡੇ ਨਿਵੇਸ਼ਕ ਸੂਬੇ ਵੱਲ ਆਕਰਸ਼ਿਤ ਹੋ ਰਹੇ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਸਰਕਾਰ ਦਾ ਮੁੱਖ ਟੀਚਾ ਪੰਜਾਬ ਦੇ ਨੌਜਵਾਨਾਂ ਨੂੰ ਆਪਣੇ ਹੀ ਸੂਬੇ ਵਿੱਚ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਵਿਦੇਸ਼ ਜਾਣ ਦੀ ਬਜਾਏ ਪੰਜਾਬ ਦੇ ਵਿਕਾਸ ਵਿੱਚ ਯੋਗਦਾਨ ਪਾ ਸਕਣ।
ਸਰਕਾਰੀ ਸੇਵਾਵਾਂ ਦਿੱਤੀਆਂ ਜਾ ਰਹੀਆਂ ਆਨਲਾਈਨ ਅਤੇ ਸਹੀ ਤਰੀਕੇ ਨਾਲ
ਭ੍ਰਿਸ਼ਟਾਚਾਰ ‘ਤੇ ਜ਼ੀਰੋ ਟੋਲਰੈਂਸ ਦੀ ਨੀਤੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪ੍ਰਸ਼ਾਸਨ ਵਿੱਚ ਪਾਰਦਰਸ਼ਤਾ ਲਿਆਉਣ ਲਈ ਸਖਤ ਕਦਮ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਪੁਰਾਣੇ ਸਿਸਟਮ ਵਿੱਚ ਜੋ ਭ੍ਰਿਸ਼ਟਾਚਾਰ ਸੀ, ਉਸ ਨੂੰ ਖਤਮ ਕਰਕੇ ਹੁਣ ਸਰਕਾਰੀ ਸੇਵਾਵਾਂ ਆਨਲਾਈਨ ਅਤੇ ਸਹੀ ਤਰੀਕੇ ਨਾਲ ਦਿੱਤੀਆਂ ਜਾ ਰਹੀਆਂ ਹਨ।
ਆਮ ਲੋਕਾਂ ਦੇ ਆਰਥਿਕ ਬੋਝ ਨੂੰ ਕੀਤਾ ਗਿਆ ਘੱਟ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਿਜਲੀ ਖੇਤਰ ਵਿੱਚ ਸੁਧਾਰਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਦੇ ਵੱਡੇ ਹਿੱਸੇ ਨੂੰ ਹੁਣ ਮੁਫਤ ਬਿਜਲੀ ਦਾ ਲਾਭ ਮਿਲ ਰਿਹਾ ਹੈ, ਜਿਸ ਨਾਲ ਆਮ ਲੋਕਾਂ ਦੇ ਆਰਥਿਕ ਬੋਝ ਨੂੰ ਘੱਟ ਕੀਤਾ ਗਿਆ ਹੈ। ਨਾਲ ਹੀ, ਉਨ੍ਹਾਂ ਨੇ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਨੂੰ ਹੋਰ ਲਾਹੇਵੰਦ ਬਣਾਉਣ ਲਈ ਸਰਕਾਰ ਦੀਆਂ ਕੋਸ਼ਿਸ਼ਾਂ ਬਾਰੇ ਵੀ ਵਿਸਤਾਰ ਨਾਲ ਚਰਚਾ ਕੀਤੀ।
ਬਦਲੇ ਹੋਏ ਪੰਜਾਬ ਦਾ ਸੰਕਲਪ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਹੁਣ ਸਿਰਫ਼ ਇੱਕ ਸੂਬਾ ਨਹੀਂ, ਸਗੋਂ ਵਿਕਾਸ ਦੀ ਇੱਕ ਨਵੀਂ ਉਦਾਹਰਣ ਬਣ ਰਿਹਾ ਹੈ। ਉਨ੍ਹਾਂ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੇ ਸੁਨਹਿਰੀ ਭਵਿੱਖ ਲਈ ਸਰਕਾਰ ਦਾ ਸਾਥ ਦੇਣ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ‘ਬਦਲੇ ਹੋਏ ਪੰਜਾਬ’ ਦੀ ਇਹ ਮੁਹਿੰਮ ਨਿਰੰਤਰ ਜਾਰੀ ਰਹੇਗੀ ਅਤੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਇਆ ਜਾਵੇਗਾ।



