ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਸ਼ੁਰੂ ਕੀਤੀ ਗਈ ‘ਸ਼ੁਕਰਾਨਾ ਯਾਤਰਾ’ ਅੱਜ ਆਪਣੇ ਦੂਜੇ ਦਿਨ ਵਿੱਚ ਦਾਖਲ ਹੋ ਗਈ ਹੈ। ਇਹ ਯਾਤਰਾ ਖਾਸ ਤੌਰ ‘ਤੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਸੋਧ 2026’ ਦੇ ਸਫ਼ਲਤਾਪੂਰਵਕ ਲਾਗੂ ਹੋਣ ਦੀ ਖੁਸ਼ੀ ਵਿੱਚ ਕੱਢੀ ਜਾ ਰਹੀ ਹੈ। ਮੁੱਖ ਮੰਤਰੀ ਅੱਜ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸੰਗਤਾਂ ਦੇ ਰੂ-ਬਰੂ ਹੋਣਗੇ ਅਤੇ ਧਾਰਮਿਕ ਅਸਥਾਨਾਂ ‘ਤੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕਰਨਗੇ।
ਸ੍ਰੀ ਦਰਬਾਰ ਸਾਹਿਬ ਅਤੇ ਧਾਰਮਿਕ ਅਸਥਾਨਾਂ ‘ਤੇ ਹੋਣਗੇ ਨਤਮਸਤਕ
ਅੱਜ ਦੀ ਯਾਤਰਾ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣਗੇ, ਜਿੱਥੇ ਉਹ ਗੁਰੂ ਚਰਨਾਂ ਵਿੱਚ ਸ਼ੁਕਰਾਨਾ ਅਦਾ ਕਰਨਗੇ। ਇਸ ਤੋਂ ਬਾਅਦ ਉਹ ਤਰਨ ਤਾਰਨ ਵਿਖੇ ਬਾਬਾ ਬੁੱਢਾ ਜੀ ਦੇ ਪਵਿੱਤਰ ਅਸਥਾਨ ‘ਤੇ ਜਾ ਕੇ ਮੱਥਾ ਟੇਕਣਗੇ। ਮੁੱਖ ਮੰਤਰੀ ਦੀ ਇਸ ਯਾਤਰਾ ਨੂੰ ਲੈ ਕੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਯਾਤਰਾ ਦਾ ਰੂਟ ਅਤੇ ਪ੍ਰੋਗਰਾਮ
ਇਹ ਸ਼ੁਕਰਾਨਾ ਯਾਤਰਾ ਅੱਜ ਸਵੇਰੇ 9 ਵਜੇ ਜਲੰਧਰ ਤੋਂ ਰਵਾਨਾ ਹੋਈ। ਦਿਨ ਭਰ ਇਹ ਯਾਤਰਾ ਅੰਮ੍ਰਿਤਸਰ, ਤਰਨ ਤਾਰਨ ਅਤੇ ਫਿਰੋਜ਼ਪੁਰ ਤੋਂ ਹੁੰਦੀ ਹੋਈ ਫਰੀਦਕੋਟ ਪਹੁੰਚੇਗੀ। ਯਾਤਰਾ ਦਾ ਪੜਾਅ ਫਰੀਦਕੋਟ ਅਤੇ ਕੋਟਕਪੂਰਾ ਵਿੱਚ ਵੀ ਹੋਵੇਗਾ, ਜਿੱਥੇ ਮੁੱਖ ਮੰਤਰੀ ਸੰਗਤਾਂ ਦੇ ਦਰਸ਼ਨ ਕਰਨਗੇ ਅਤੇ ਉਨ੍ਹਾਂ ਨਾਲ ਗੱਲਬਾਤ ਕਰਨਗੇ। ਅੱਜ ਸ਼ਾਮ ਨੂੰ ਇਸ ਯਾਤਰਾ ਦੀ ਸਮਾਪਤੀ ਕੋਟਕਪੂਰਾ ਵਿਖੇ ਹੋਵੇਗੀ।
ਕਿਉਂ ਕੱਢੀ ਜਾ ਰਹੀ ਹੈ ‘ਸ਼ੁਕਰਾਨਾ ਯਾਤਰਾ’?
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਅਮੈਂਡਮੈਂਟ 2026’ ਪਾਸ ਕੀਤਾ ਗਿਆ ਹੈ, ਜਿਸ ਦਾ ਮਕਸਦ ਪਵਿੱਤਰ ਗੁਰਬਾਣੀ ਅਤੇ ਗੁਰੂ ਸਾਹਿਬ ਦੇ ਸਤਿਕਾਰ ਨੂੰ ਹੋਰ ਮਜ਼ਬੂਤ ਕਰਨਾ ਹੈ। ਇਸ ਇਤਿਹਾਸਕ ਕਦਮ ਦੇ ਲਾਗੂ ਹੋਣ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਇਸ ਯਾਤਰਾ ਦਾ ਆਯੋਜਨ ਕੀਤਾ ਗਿਆ ਹੈ। ਰਸਤੇ ਵਿੱਚ ਵੱਖ-ਵੱਖ ਥਾਵਾਂ ‘ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਸਥਾਨਕ ਲੋਕਾਂ ਵੱਲੋਂ ਮੁੱਖ ਮੰਤਰੀ ਦਾ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ।



