ਜਲੰਧਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਐਲਾਨੇ ਗਏ ਸੁਸ਼ੀਲ ਕੁਮਾਰ ਰਿੰਕੂ ਅਤੇ ਵਿਧਾਇਕ ਸ਼ੀਤਲ ਅੰਗੁਰਾਲ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਜਲੰਧਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਨਿਆ ਹੋਇਆ ਸੀ ਪਰ ਉਹ ਆਮ ਆਦਮੀ ਪਾਰਟੀ ਨੂੰ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਹਨ।
ਦੱਸ ਦਈਏ ਕਿ ਪਿਛਲੇ ਸਾਲ ਅਪ੍ਰੈਲ ਮਹੀਨੇ ‘ਚ ਸੁਸ਼ੀਲ ਰਿੰਕੂ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਸਨ, ਜਿਸ ਤੋਂ ਬਾਅਦ ‘ਆਪ’ ਨੇ ਉਨ੍ਹਾਂ ਨੂੰ ਜਲੰਧਰ ਤੋਂ ਉਮੀਦਵਾਰ ਬਣਾਇਆ ਸੀ ਅਤੇ ਉਹ ਉਕਤ ਚੋਣ ਜਿੱਤ ਗਏ ਸਨ। ਦੱਸ ਦੇਈਏ ਕਿ ਸੁਸ਼ੀਲ ਕੁਮਾਰ ਰਿੰਕੂ ਜਲੰਧਰ ਲੋਕ ਸਭਾ ਸੀਟ ‘ਤੇ ਉਪ ਚੋਣ ਜਿੱਤ ਗਏ ਹਨ। ਉਨ੍ਹਾਂ ਕਾਂਗਰਸ ਦੀ ਕਰਮਜੀਤ ਕੌਰ ਚੌਧਰੀ ਨੂੰ ਹਰਾਇਆ। ਕਰਮਜੀਤ ਕੌਰ ਚੌਧਰੀ ਸਾਬਕਾ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਪਤਨੀ ਹੈ। ਸੰਸਦ ਮੈਂਬਰ ਸੰਤੋਖ ਚੌਧਰੀ ਦੀ ਮੌਤ ਤੋਂ ਬਾਅਦ ਇਸ ਸੀਟ ‘ਤੇ ਉਪ ਚੋਣ ਹੋਈ ਸੀ।
ਕਾਂਗਰਸ ਪਾਰਟੀ ਤੋਂ ਰਾਜਨੀਤੀ ਦੀ ਕੀਤੀ ਸੀ ਸ਼ੁਰੂਆਤ
ਸੁਸ਼ੀਲ ਕੁਮਾਰ ਰਿੰਕੂ ਕਾਂਗਰਸ ਦੇ ਸਾਬਕਾ ਵਿਧਾਇਕ ਹਨ। ਉਨ੍ਹਾਂ ਨੇ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਕਾਂਗਰਸ ਪਾਰਟੀ ਤੋਂ ਕੀਤੀ ਸੀ। ਹਾਲਾਂਕਿ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਉਹ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਸਨ। ਦੱਸ ਦੇਈਏ ਕਿ ਰਿੰਕੂ 1990 ਵਿੱਚ NSUI ਦਾ ਸਰਗਰਮ ਮੈਂਬਰ ਰਿਹਾ ਸੀ। 1992 ਵਿੱਚ ਅਕਾਲੀ ਦਲ ਦੀਆਂ ਉਪ ਚੋਣਾਂ ਦੌਰਾਨ ਸੁਸ਼ੀਲ ਕੁਮਾਰ ਰਿੰਕੂ ਨੇ ਨੌਜਵਾਨਾਂ ਨੂੰ ਚੋਣਾਂ ਲਈ ਤਿਆਰ ਕੀਤਾ ਅਤੇ ਬੂਥ ਲੈਵਲ ਵਰਕਰ ਵਜੋਂ ਕੰਮ ਕੀਤਾ।
ਜਲੰਧਰ ਉਪ ਚੋਣ ‘ਚ ‘ਆਪ’ ਦੀ ਅਗਵਾਈ ਕਰਨ ਵਾਲੇ ਸੁਸ਼ੀਲ ਰਿੰਕੂ ਅਤੇ ਉਨ੍ਹਾਂ ਦਾ ਪਰਿਵਾਰ ਸ਼ੁਰੂ ਤੋਂ ਹੀ ਕਾਂਗਰਸ ਨਾਲ ਜੁੜਿਆ ਹੋਇਆ ਸੀ। ਉਸ ਦੇ ਚਾਚਾ ਅਤੇ ਪਿਤਾ ਨੇ ਲਗਭਗ ਹਰ ਵਿਧਾਨ ਸਭਾ ਅਤੇ ਸੰਸਦੀ ਚੋਣ ਵਿੱਚ ਪਾਰਟੀ ਵਰਕਰਾਂ ਵਜੋਂ ਕੰਮ ਕੀਤਾ ਸੀ।ਮੀਡੀਆ ਰਿਪੋਰਟਾਂ ਅਨੁਸਾਰ 1977 ਵਿੱਚ ਐਮਰਜੈਂਸੀ ਦੌਰਾਨ ਕਾਂਗਰਸ ਪਾਰਟੀ ਦਾ ਸਮਰਥਨ ਕਰਨ ਲਈ ਉਸ ਦੇ ਪੂਰੇ ਪਰਿਵਾਰ ਨੂੰ ਜੇਲ੍ਹ ਵਿੱਚ ਬੰਦ ਕਰ ਦਿੱਤਾ ਗਿਆ ਸੀ।
