ਬਰਨਾਲਾ : ਬਰਨਾਲਾ ਦੇ ਧਨੌਲਾ ਰੋਡ ‘ਤੇ ਸਥਿਤ ‘ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਲਿਮਟਿਡ’ ਦੀ ਬਿਲਡਿੰਗ ਵਿੱਚ ਅੱਜ ਸਵੇਰੇ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਅੱਗ ਇਮਾਰਤ ਦੀ ਪਹਿਲੀ ਮੰਜ਼ਿਲ ‘ਤੇ ਸਥਿਤ ਦਫ਼ਤਰ ਵਿੱਚ ਲੱਗੀ, ਜਿਸ ਨੇ ਕੁਝ ਹੀ ਸਮੇਂ ਵਿੱਚ ਭਿਆਨਕ ਰੂਪ ਧਾਰਨ ਕਰ ਲਿਆ। ਅੱਗ ਕਾਰਨ ਦਫ਼ਤਰ ਵਿੱਚ ਪਿਆ ਅੱਧੇ ਤੋਂ ਵੱਧ ਕੀਮਤੀ ਰਿਕਾਰਡ, ਦਸਤਾਵੇਜ਼ ਅਤੇ ਹੋਰ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਦੀਆਂ ਲਪਟਾਂ ਇੰਨੀਆਂ ਤੇਜ਼ ਸਨ ਕਿ ਆਸਮਾਨ ਵਿੱਚ ਜ਼ਹਿਰੀਲੇ ਧੂੰਏਂ ਦਾ ਗੁਬਾਰ ਛਾ ਗਿਆ। ਰਾਹਤ ਦੀ ਗੱਲ ਇਹ ਰਹੀ ਕਿ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਫਾਇਰ ਵਿਭਾਗ ਦੀਆਂ 8 ਗੱਡੀਆਂ ਨੇ ਮੁਸ਼ੱਕਤ ਨਾਲ ਪਾਇਆ ਕਾਬੂ
ਘਟਨਾ ਦੀ ਸੂਚਨਾ ਮਿਲਦੇ ਹੀ ਬਰਨਾਲਾ ਦੇ ਜ਼ਿਲ੍ਹਾ ਫਾਇਰ ਅਫ਼ਸਰ ਜਸਪ੍ਰੀਤ ਸਿੰਘ ਬਾਠ ਦੀ ਅਗਵਾਈ ਹੇਠ ਫਾਇਰ ਬ੍ਰਿਗੇਡ ਦੀਆਂ ਕਰੀਬ 8 ਗੱਡੀਆਂ ਮੌਕੇ ‘ਤੇ ਪਹੁੰਚੀਆਂ। ਫਾਇਰ ਫਾਈਟਰਾਂ ਨੇ ਭਾਰੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਪੂਰੀ ਤਰ੍ਹਾਂ ਕਾਬੂ ਪਾਇਆ। ਸਥਾਨਕ ਲੋਕਾਂ ਅਤੇ ਸਮਾਜ ਸੇਵੀਆਂ ਮੁਤਾਬਕ ਅੱਗ ਸਵੇਰੇ ਲੱਗੀ ਸੀ, ਜਿਸ ਕਾਰਨ ਆਸ-ਪਾਸ ਦੇ ਇਲਾਕੇ ਵਿੱਚ ਵੀ ਸਹਿਮ ਦਾ ਮਾਹੌਲ ਬਣ ਗਿਆ। ਹਾਲਾਂਕਿ, ਅੱਗ ਲੱਗਣ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
ਇਕ ਹੀ ਮਹੀਨੇ ‘ਚ ਦੂਜੀ ਵਾਰ ਲੱਗੀ ਅੱਗ
ਜਾਂਚ ਦੌਰਾਨ ਇੱਕ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ ਕਿ ਇਸੇ ਮਹੀਨੇ ਕੁਝ ਦਿਨ ਪਹਿਲਾਂ ਵੀ ਇਸੇ ਦਫ਼ਤਰ ਵਿੱਚ ਅੱਗ ਲੱਗਣ ਦੀ ਘਟਨਾ ਵਾਪਰੀ ਸੀ। ਉਸ ਸਮੇਂ ਫਾਇਰ ਵਿਭਾਗ ਨੇ ਸਖ਼ਤ ਹਦਾਇਤਾਂ ਦਿੰਦਿਆਂ ਕੰਪਨੀ ਨੂੰ ਫਾਇਰ ਸੇਫਟੀ ਦੇ ਪੁਖ਼ਤਾ ਪ੍ਰਬੰਧ ਕਰਨ ਦੇ ਹੁਕਮ ਦਿੱਤੇ ਸਨ। ਪਰ ਇੰਸ਼ੋਰੈਂਸ ਕੰਪਨੀ ਅਤੇ ਬਿਲਡਿੰਗ ਮਾਲਕ ਨੇ ਇਨ੍ਹਾਂ ਨਿਰਦੇਸ਼ਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਦਿੱਤਾ। ਦਫ਼ਤਰ ਵਿੱਚ ਅੱਗ ਬੁਝਾਉਣ ਦੇ ਕੋਈ ਪੁਖ਼ਤਾ ਇੰਤਜ਼ਾਮ ਨਹੀਂ ਸਨ, ਜਿਸ ਕਾਰਨ ਦੁਬਾਰਾ ਇਹ ਵੱਡਾ ਹਾਦਸਾ ਵਾਪਰਿਆ।
ਅਧਿਕਾਰੀਆਂ ਨੇ ਦਿੱਤੇ ਗੋਲ-ਮੋਲ ਜਵਾਬ
ਜਦੋਂ ਇਸ ਹਾਦਸੇ ਅਤੇ ਸੁਰੱਖਿਆ ਖਾਮੀਆਂ ਨੂੰ ਲੈ ਕੇ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ, ਤਾਂ ਉਹ ਪੱਤਰਕਾਰਾਂ ਦੇ ਸਵਾਲਾਂ ਤੋਂ ਬਚਦੇ ਨਜ਼ਰ ਆਏ ਅਤੇ ਫਾਇਰ ਸੇਫਟੀ ਦੇ ਮੁੱਦੇ ‘ਤੇ ਗੋਲ-ਮੋਲ ਜਵਾਬ ਦਿੱਤੇ। ਹੁਣ ਇਹ ਮਾਮਲਾ ਗੰਭੀਰ ਜਾਂਚ ਦਾ ਵਿਸ਼ਾ ਬਣ ਗਿਆ ਹੈ ਕਿ ਲੋਕਾਂ ਦੀਆਂ ਪਾਲਿਸੀਆਂ ਅਤੇ ਰਿਕਾਰਡ ਦੀ ਸੁਰੱਖਿਆ ਕਰਨ ਵਾਲੀ ਕੰਪਨੀ ਖੁਦ ਇੰਨੀ ਗੈਰ-ਜ਼ਿੰਮੇਵਾਰ ਕਿਵੇਂ ਹੋ ਸਕਦੀ ਹੈ। ਇਲਾਕਾ ਨਿਵਾਸੀਆਂ ਨੇ ਮੰਗ ਕੀਤੀ ਹੈ ਕਿ ਇਸ ਵੱਡੀ ਲਾਪਰਵਾਹੀ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



