ਅੰਮ੍ਰਿਤਸਰ : ਪਾਕਿਸਤਾਨ ਦੇ ਫਾਰੂਕਾਬਾਦ ਤੋਂ ਇੱਕ ਬੇਹੱਦ ਮੰਦਭਾਗੀ ਅਤੇ ਸਿੱਖ ਹਿਰਦਿਆਂ ਨੂੰ ਵਲੂੰਧਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇਤਿਹਾਸਕ ਗੁਰਦੁਆਰਾ ਸੱਚਾ ਸੌਦਾ ਸਾਹਿਬ ਦੇ ਨਜ਼ਦੀਕ ਸਥਿਤ ਕਰੀਬ 125 ਸਾਲ ਪੁਰਾਣੇ ਗੁਰਦੁਆਰਾ ਸਿੰਘ ਸਭਾ ਦੀ ਇਮਾਰਤ ਨੂੰ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਢਾਹ ਦਿੱਤਾ ਗਿਆ ਹੈ। ਇਸ ਘਟਨਾ ਦੀ ਭਣਕ ਲੱਗਦਿਆਂ ਹੀ ਦੁਨੀਆ ਭਰ ਵਿੱਚ ਵਸਦੀ ਸਿੱਖ ਕੌਮ ਅਤੇ ਧਾਰਮਿਕ ਜਥੇਬੰਦੀਆਂ ਵਿੱਚ ਭਾਰੀ ਰੋਸ ਅਤੇ ਗੁੱਸੇ ਦੀ ਲਹਿਰ ਦੌੜ ਗਈ ਹੈ।
ਇਸ ਗੰਭੀਰ ਮਾਮਲੇ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੈਂਬਰ ਭਾਈ ਮਨਜੀਤ ਸਿੰਘ ਨੇ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਉਨ੍ਹਾਂ ਖੁਲਾਸਾ ਕੀਤਾ ਕਿ 24 ਤੇ 25 ਜੂਨ ਦੀ ਦਰਮਿਆਨੀ ਰਾਤ ਨੂੰ ਇਸ ਪੁਰਾਤਨ ਗੁਰਦੁਆਰਾ ਸਾਹਿਬ ਨੂੰ ਨਿਸ਼ਾਨਾ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਗੁਰਧਾਮ ਸਿੱਖ ਇਤਿਹਾਸ, ਸੱਭਿਆਚਾਰ ਅਤੇ ਸਾਡੀ ਅਮੀਰ ਵਿਰਾਸਤ ਦੇ ਪ੍ਰਤੀਕ ਹਨ। ਅਜਿਹੀ ਘਿਨਾਉਣੀ ਹਰਕਤ ਨੇ ਸਮੁੱਚੀ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ, ਜਿਸ ਨੂੰ ਕਦੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਐੱਸ.ਜੀ.ਪੀ.ਸੀ. ਮੈਂਬਰ ਨੇ ਪਾਕਿਸਤਾਨ ਦੇ ਪੰਜਾਬ ਸੂਬੇ ਦੀ ਮੁੱਖ ਮੰਤਰੀ ਮਰਿਯਮ ਨਵਾਜ਼ ਸ਼ਰੀਫ਼ ਨੂੰ ਇਸ ਮਾਮਲੇ ਵਿੱਚ ਨਿੱਜੀ ਤੌਰ ‘ਤੇ ਤੁਰੰਤ ਦਖ਼ਲ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਸਾਜ਼ਿਸ਼ ਪਿੱਛੇ ਮੌਜੂਦ ਸਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਕਾਨੂੰਨੀ ਸਜ਼ਾ ਦਿੱਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਜ਼ੋਰ ਦਿੱਤਾ ਕਿ ਬਿਨਾਂ ਕਿਸੇ ਦੇਰੀ ਦੇ ਢਾਹੀ ਗਈ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਸਰਕਾਰੀ ਖ਼ਰਚੇ ‘ਤੇ ਮੁੜ ਉਸਾਰਿਆ ਜਾਵੇ ਤਾਂ ਜੋ ਸੰਗਤ ਦੇ ਮਨਾਂ ਨੂੰ ਸ਼ਾਂਤ ਕੀਤਾ ਜਾ ਸਕੇ।
ਭਾਈ ਮਨਜੀਤ ਸਿੰਘ ਨੇ ਕਿਹਾ ਕਿ ਪਾਕਿਸਤਾਨ ਦੀ ਧਰਤੀ ‘ਤੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਹੋਰ ਗੁਰੂ ਸਾਹਿਬਾਨ ਚਰਨ-ਛੋਹ ਪ੍ਰਾਪਤ ਅਨੇਕਾਂ ਇਤਿਹਾਸਕ ਗੁਰਧਾਮ ਮੌਜੂਦ ਹਨ, ਜਿਨ੍ਹਾਂ ਦੀ ਸੁਰੱਖਿਆ ਕਰਨਾ ਉੱਥੋਂ ਦੀ ਹਕੂਮਤ ਦੀ ਮੁਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਪਾਕਿਸਤਾਨ ਸਰਕਾਰ ਦੇ ਸਾਹਮਣੇ ਇੱਕ ਅਹਿਮ ਮੰਗ ਰੱਖਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਅਤੇ ਭਾਰਤ ਦੀਆਂ ਕਾਰ ਸੇਵਾ ਵਾਲੀਆਂ ਪ੍ਰਮੁੱਖ ਸ਼ਖਸੀਅਤਾਂ ਨੂੰ ਇਨ੍ਹਾਂ ਇਤਿਹਾਸਕ ਅਸਥਾਨਾਂ ਦੀ ਸੇਵਾ-ਸੰਭਾਲ ਕਰਨ ਦੀ ਖੁੱਲ੍ਹ ਦਿੱਤੀ ਜਾਵੇ। ਜੇਕਰ ਅਜਿਹੀ ਇਜਾਜ਼ਤ ਮਿਲਦੀ ਹੈ, ਤਾਂ ਸਿੱਖ ਸੰਸਥਾਵਾਂ ਇਨ੍ਹਾਂ ਪੁਰਾਤਨ ਇਮਾਰਤਾਂ ਦੀ ਬਿਹਤਰ ਢੰਗ ਨਾਲ ਸਾਂਭ-ਸੰਭਾਲ ਕਰ ਸਕਦੀਆਂ ਹਨ।
ਸਿੱਖ ਆਗੂ ਨੇ ਅਖੀਰ ਵਿੱਚ ਕਿਹਾ ਕਿ ਸਿੱਖ ਕੌਮ ਆਪਣੇ ਧਾਰਮਿਕ ਅਸਥਾਨਾਂ ਪ੍ਰਤੀ ਹਮੇਸ਼ਾ ਸੰਵੇਦਨਸ਼ੀਲ ਰਹੀ ਹੈ। ਉਨ੍ਹਾਂ ਪਾਕਿਸਤਾਨ ਪ੍ਰਸ਼ਾਸਨ ਨੂੰ ਚੇਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਭਵਿੱਖ ਵਿੱਚ ਕਿਸੇ ਵੀ ਗੁਰਦੁਆਰਾ ਸਾਹਿਬ ਜਾਂ ਘੱਟਗਿਣਤੀਆਂ ਦੇ ਧਾਰਮਿਕ ਸਥਾਨ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਨੂੰ ਰੋਕਣ ਲਈ ਪੁਖ਼ਤਾ ਅਤੇ ਠੋਸ ਕਦਮ ਚੁੱਕੇ ਜਾਣ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



