ਅੰਮ੍ਰਿਤਸਰ : ਪੰਜਗਰਾਈਆਂ ਤੋਂ ਇੱਕ ਬਹੁਤ ਹੀ ਮੰਦਭਾਗੀ ਅਤੇ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਗਰਭਵਤੀ ਨੌਜਵਾਨ ਵਿਆਹੁਤਾ ਲੜਕੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਰੂਬੀ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਅਤੇ ਤਣਾਅ ਦਾ ਮਾਹੌਲ ਹੈ। ਮ੍ਰਿਤਕਾ ਦੇ ਪੇਕੇ ਪਰਿਵਾਰ ਨੇ ਸਹੁਰੇ ਪੱਖ ‘ਤੇ ਗੰਭੀਰ ਦੋਸ਼ ਲਗਾਉਂਦਿਆਂ ਇਸ ਨੂੰ ਖੁਦਕੁਸ਼ੀ ਨਹੀਂ, ਸਗੋਂ ਸੋਚੀ-ਸਮਝੀ ਸਾਜ਼ਿਸ਼ ਤਹਿਤ ਕੀਤਾ ਗਿਆ ਕਤਲ ਕਰਾਰ ਦਿੱਤਾ ਹੈ। ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਅਤੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।
ਪੇਕੇ ਪਰਿਵਾਰ ਵੱਲੋਂ ਲਗਾਏ ਗਏ ਦੋਸ਼ਾਂ ਅਨੁਸਾਰ, ਸਹੁਰੇ ਪਰਿਵਾਰ ਦੀਆਂ ਗੱਲਾਂ ਵਿੱਚ ਵੱਡਾ ਫਰਕ ਦੇਖਣ ਨੂੰ ਮਿਲ ਰਿਹਾ ਹੈ, ਜਿਸ ਕਾਰਨ ਮਾਮਲਾ ਪੂਰੀ ਤਰ੍ਹਾਂ ਸ਼ੱਕੀ ਬਣ ਗਿਆ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਪਹਿਲਾਂ ਫੋਨ ਕਰਕੇ ਸੂਚਨਾ ਦਿੱਤੀ ਗਈ ਸੀ ਕਿ ਰੂਬੀ ਨੂੰ ਅਚਾਨਕ ‘ਹਾਰਟ ਅਟੈਕ’ (ਦਿਲ ਦਾ ਦੌਰਾ) ਪਿਆ ਹੈ। ਪਰ ਜਦੋਂ ਉਹ ਉੱਥੇ ਪਹੁੰਚੇ ਤਾਂ ਕਹਾਣੀ ਬਦਲ ਦਿੱਤੀ ਗਈ ਅਤੇ ਕਿਹਾ ਗਿਆ ਕਿ ਉਸ ਨੇ ਫਾਹਾ ਲਗਾ ਕੇ ਖੁਦਕੁਸ਼ੀ ਕੀਤੀ ਹੈ। ਬਿਆਨਾਂ ਦੇ ਇਸੇ ਉਲਟਫੇਰ ਕਾਰਨ ਪੇਕੇ ਪਰਿਵਾਰ ਨੂੰ ਪੂਰਾ ਯਕੀਨ ਹੈ ਕਿ ਸੱਚਾਈ ਨੂੰ ਲੁਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਸ ਦੌਰਾਨ ਪਿੰਡ ਦੇ ਸਰਪੰਚ ਨੇ ਵੀ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਸੂਚਨਾ ਮਿਲੀ ਸੀ ਕਿ ਲੜਕੀ ਨੇ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਤੱਕ ਮਾਮਲੇ ਦੀ ਡੂੰਘਾਈ ਨਾਲ ਜਾਂਚ ਨਹੀਂ ਹੁੰਦੀ, ਉਦੋਂ ਤੱਕ ਸੱਚ ਸਾਹਮਣੇ ਨਹੀਂ ਆ ਸਕਦਾ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



