ਪਟਿਆਲਾ : ਪਟਿਆਲਾ ਦਿਹਾਤੀ ਦੇ ਅਧੀਨ ਆਉਂਦੇ ਪਿੰਡ ਫੱਗਣ ਮਾਜਰਾ ਵਿੱਚ ਅਵਾਰਾ ਅਤੇ ਖ਼ਤਰਨਾਕ ਕੁੱਤਿਆਂ ਦੇ ਵੱਧ ਰਹੇ ਹਮਲਿਆਂ ਕਾਰਨ ਪਿੰਡ ਵਾਸੀਆਂ ਵਿੱਚ ਦਹਿਸ਼ਤ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਸਥਾਨਕ ਲੋਕਾਂ ਦਾ ਦਾਅਵਾ ਹੈ ਕਿ ਪਿੰਡ ਵਿੱਚ ਘੁੰਮ ਰਹੇ ਕੁਝ ਕੁੱਤੇ ਰੇਬੀਜ਼ (ਹਲਕ) ਵਰਗੀ ਨਾਮੁਰਾਦ ਬੀਮਾਰੀ ਤੋਂ ਪ੍ਰਭਾਵਿਤ ਹਨ, ਜੋ ਲਗਾਤਾਰ ਪਾਲਤੂ ਪਸ਼ੂਆਂ ਨੂੰ ਆਪਣਾ ਸ਼ਿਕਾਰ ਬਣਾ ਰਹੇ ਹਨ। ਤਾਜ਼ਾ ਮਾਮਲੇ ਵਿੱਚ ਕੁੱਤਿਆਂ ਦੇ ਇੱਕ ਝੁੰਡ ਨੇ ਇੱਕ ਘਰ ਦੀ ਕੰਧ ਟੱਪ ਕੇ ਅੰਦਰ ਵੜ ਕੇ ਪਸ਼ੂ ਦੇ ਬੱਚੇ ਨੂੰ ਬੁਰੀ ਤਰ੍ਹਾਂ ਨੋਚ ਕੇ ਮਾਰ ਦਿੱਤਾ। ਇਸ ਗੰਭੀਰ ਸਮੱਸਿਆ ਨੂੰ ਲੈ ਕੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵੀ ਚਿੰਤਾ ਪ੍ਰਗਟਾਈ ਹੈ।
ਪਿੰਡ ਵਾਸੀਆਂ ਦਾ ਦਰਦ
ਪਿੰਡ ਦੇ ਨਿਵਾਸੀ ਰਣਜੀਤ ਸਿੰਘ ਨੇ ਮਾਮਲੇ ਦੀ ਗੰਭੀਰਤਾ ਬਾਰੇ ਦੱਸਦਿਆਂ ਆਖਿਆ ਕਿ ਪਿੰਡ ਦੀਆਂ ਗਲੀਆਂ ਵਿੱਚ ਹਰ ਵੇਲੇ ਕੁੱਤਿਆਂ ਦੇ ਭਿਆਨਕ ਝੁੰਡ ਘੁੰਮਦੇ ਰਹਿੰਦੇ ਹਨ, ਜੋ ਹੁਣ ਲੋਕਾਂ ਦੇ ਘਰਾਂ ਦੇ ਅੰਦਰ ਤੱਕ ਦਾਖ਼ਲ ਹੋਣ ਲੱਗੇ ਹਨ। ਉਨ੍ਹਾਂ ਦੱਸਿਆ ਕਿ ਇਹ ਕੁੱਤੇ ਹੁਣ ਤੱਕ ਕਈ ਬੇਜ਼ੁਬਾਨ ਪਸ਼ੂਆਂ ਨੂੰ ਨੋਚ ਕੇ ਜ਼ਖ਼ਮੀ ਕਰ ਚੁੱਕੇ ਹਨ ਅਤੇ ਕਈਆਂ ਦੀ ਜਾਨ ਵੀ ਲੈ ਚੁੱਕੇ ਹਨ।
ਪਿੰਡ ਵਾਸੀਆਂ ਮੁਤਾਬਕ ਹੁਣ ਸਭ ਤੋਂ ਵੱਡਾ ਡਰ ਛੋਟੇ ਬੱਚਿਆਂ ਅਤੇ ਬਜ਼ੁਰਗਾਂ ਦੀ ਸੁਰੱਖਿਆ ਨੂੰ ਲੈ ਕੇ ਹੈ, ਕਿਉਂਕਿ ਇਹ ਹਲਕੇ ਹੋਏ ਕੁੱਤੇ ਕਦੇ ਵੀ ਕਿਸੇ ਮਾਸੂਮ ‘ਤੇ ਹਮਲਾ ਕਰ ਸਕਦੇ ਹਨ। ਪਿੰਡ ਵਾਸੀਆਂ ਨੇ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਹਨਾਂ ਖ਼ਤਰਨਾਕ ਕੁੱਤਿਆਂ ਤੋਂ ਉਨ੍ਹਾਂ ਨੂੰ ਤੁਰੰਤ ਨਿਜਾਤ ਦਿਵਾਈ ਜਾਵੇ।
ਸਥਾਈ ਹੱਲ ਲਈ ਬਣ ਰਹੀ ਹੈ ਯੋਜਨਾ
ਇਸ ਮਾਮਲੇ ‘ਤੇ ਸੰਵੇਦਨਸ਼ੀਲਤਾ ਦਿਖਾਉਂਦੇ ਹੋਏ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਅਵਾਰਾ ਕੁੱਤਿਆਂ ਦੀ ਇਹ ਸਮੱਸਿਆ ਸਿਰਫ਼ ਕਿਸੇ ਇੱਕ ਪਿੰਡ ਜਾਂ ਸ਼ਹਿਰ ਦੀ ਨਹੀਂ, ਸਗੋਂ ਪੂਰੇ ਦੇਸ਼ ਪੱਧਰ ‘ਤੇ ਇੱਕ ਵੱਡੀ ਚੁਣੌਤੀ ਬਣੀ ਹੋਈ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਇਸ ਮੁੱਦੇ ਦੇ ਸਥਾਈ ਹੱਲ ਲਈ ਸਥਾਨਕ ਸਰਕਾਰਾਂ ਤੇ ਪਸ਼ੂ ਪਾਲਣ ਵਿਭਾਗ ਨਾਲ ਮਿਲ ਕੇ ਸਰਗਰਮੀ ਨਾਲ ਕੰਮ ਕਰ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਅਮਰਨਾਥ ਯਾਤਰਾ ’ਤੇ ਗਏ ਬਰਨਾਲਾ ਦੇ 40 ਸਾਲਾ ਨੌਜਵਾਨ ਦੀ ਸੋਨਮਾਰਗ ਵਿਖੇ ਮੌਤ, ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



