ਗੁਰਦਾਸਪੁਰ : ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਰੱਖਣ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਪੁਖ਼ਤਾ ਕਰਨ ਲਈ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਨਜ਼ਰ ਆ ਰਿਹਾ ਹੈ। ਇਸੇ ਕੜੀ ਤਹਿਤ ਅੱਜ ਗੁਰਦਾਸਪੁਰ ਪੁਲਿਸ ਵੱਲੋਂ ਰੇਲਵੇ ਸਟੇਸ਼ਨਾਂ ‘ਤੇ ਇੱਕ ਵਿਸ਼ੇਸ਼ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਸ ਸੁਰੱਖਿਆ ਮੁਹਿੰਮ ਦੌਰਾਨ SSP ਆਦਿਤਿਆ ਖ਼ੁਦ ਮੌਕੇ ‘ਤੇ ਮੌਜੂਦ ਰਹੇ ਅਤੇ ਉਨ੍ਹਾਂ ਦੀ ਨਿਗਰਾਨੀ ਹੇਠ ਪੁਲਿਸ ਮੁਲਾਜ਼ਮਾਂ ਅਤੇ ਐੱਸ.ਓ.ਐੱਸ. (SOS) ਦੇ ਜਵਾਨਾਂ ਨੇ ਪੂਰੇ ਰੇਲਵੇ ਸਟੇਸ਼ਨ ਦਾ ਚੱਪਾ-ਚੱਪਾ ਖੰਗਾਲਿਆ।
ਰੇਲ ਗੱਡੀਆਂ ਦੇ ਅੰਦਰ ਤਲਾਸ਼ੀ
ਸਰਚ ਆਪ੍ਰੇਸ਼ਨ ਦੌਰਾਨ ਸਟੇਸ਼ਨ ‘ਤੇ ਪਹੁੰਚਣ ਵਾਲੀਆਂ ਰੇਲ ਗੱਡੀਆਂ ਦੇ ਅੰਦਰ ਜਾ ਕੇ ਪੁਲਿਸ ਵੱਲੋਂ ਸਖ਼ਤ ਚੈਕਿੰਗ ਕੀਤੀ ਗਈ। ਮੁਸਾਫ਼ਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦੇ ਸਾਮਾਨ ਅਤੇ ਬੈਗਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਇਸ ਦੇ ਨਾਲ ਹੀ ਪੁਲਿਸ ਟੀਮਾਂ ਵੱਲੋਂ ਰੇਲਵੇ ਸਟੇਸ਼ਨ ਦੇ ਪਲੇਟਫਾਰਮਾਂ, ਪਾਰਕਿੰਗ ਏਰੀਆ ਅਤੇ ਆਸ-ਪਾਸ ਦੇ ਸ਼ੱਕੀ ਠਿਕਾਣਿਆਂ ‘ਤੇ ਵੀ ਤਿੱਖੀ ਨਜ਼ਰ ਰੱਖੀ ਗਈ। ਸਟੇਸ਼ਨ ‘ਤੇ ਘੁੰਮ ਰਹੇ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਉਨ੍ਹਾਂ ਤੋਂ ਪੁੱਛਗਿੱਛ ਵੀ ਕੀਤੀ ਗਈ।
ਸ਼ਰਾਰਤੀ ਅੰਸਰਾਂ ਅਤੇ ਅਪਰਾਧੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: SSP ਆਦਿਤਿਆ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸ.ਐੱਸ.ਪੀ. ਆਦਿਤਿਆ ਨੇ ਕਿਹਾ ਕਿ ਇਹ ਚੈਕਿੰਗ ਸੁਰੱਖਿਆ ਦੇ ਮੱਦੇਨਜ਼ਰ ਚੁੱਕਿਆ ਗਿਆ ਇੱਕ ਅਹਿਮ ਕਦਮ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਅਜਿਹੀਆਂ ਕਾਰਵਾਈਆਂ ਭਵਿੱਖ ਵਿੱਚ ਵੀ ਲਗਾਤਾਰ ਜਾਰੀ ਰਹਿਣਗੀਆਂ ਤਾਂ ਜੋ ਕਿਸੇ ਵੀ ਸ਼ਰਾਰਤੀ ਜਾਂ ਸਮਾਜ ਵਿਰੋਧੀ ਅੰਸਰ ਨੂੰ ਜ਼ਿਲ੍ਹੇ ਵਿੱਚ ਕੋਈ ਵੀ ਗੜਬੜ ਕਰਨ ਦਾ ਮੌਕਾ ਨਾ ਮਿਲੇ। ਉਨ੍ਹਾਂ ਨੇ ਅੱਗੇ ਕਿਹਾ ਕਿ ਗੁਰਦਾਸਪੁਰ ਇੱਕ ਸੰਵੇਦਨਸ਼ੀਲ ਸਰਹੱਦੀ ਇਲਾਕਾ ਹੈ, ਜਿਸ ਕਾਰਨ ਨਸ਼ਾ ਤਸਕਰੀ, ਹਥਿਆਰਾਂ ਦੀ ਗੈਰ-ਕਾਨੂੰਨੀ ਹਲਚਲ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਨੂੰ ਨੱਥ ਪਾਉਣ ਲਈ ਪੁਲਿਸ 24 ਘੰਟੇ ਸਰਗਰਮ ਹੈ ਅਤੇ ਜਨਤਾ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



