ਇੰਡੋਨੇਸ਼ੀਆ ਤੋਂ ਡਿਪੋਰਟ ਕਰਵਾ ਕੇ ਪੰਜਾਬ ਲਿਆਂਦਾ ਗਿਆ ਗੈਂਗਸਟਰ ਜੋਬਨ ਬਿੱਲਾ, AGTF ਦੀ ਵੱਡੀ ਕਾਮਯਾਬੀ

ਚੰਡੀਗੜ੍ਹ : ਪੰਜਾਬ ਪੁਲੀਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਨੇ ਵਿਦੇਸ਼ਾਂ ਵਿੱਚ ਲੁਕੇ ਬੈਠੇ ਅਪਰਾਧੀਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ…

ਪੰਜਾਬ ਪੁਲੀਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਨੇ ਵਿਦੇਸ਼ਾਂ ਵਿੱਚ ਲੁਕੇ ਬੈਠੇ ਅਪਰਾਧੀਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ।

ਚੰਡੀਗੜ੍ਹ : ਪੰਜਾਬ ਪੁਲੀਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਨੇ ਵਿਦੇਸ਼ਾਂ ਵਿੱਚ ਲੁਕੇ ਬੈਠੇ ਅਪਰਾਧੀਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਬੰਬੀਹਾ ਗੈਂਗ ਨਾਲ ਜੁੜੇ ਫ਼ਰਾਰ ਗੈਂਗਸਟਰ ਜੋਬਨਜੀਤ ਸਿੰਘ ਉਰਫ਼ ਜੋਬਨ ਬਿੱਲਾ ਨੂੰ ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ ਤੋਂ ਡਿਪੋਰਟ ਕਰਵਾ ਕੇ ਪੰਜਾਬ ਲਿਆਂਦਾ ਗਿਆ ਹੈ। ਇਸ ਕਾਰਵਾਈ ਨੂੰ ਸਰਹੱਦ ਪਾਰ ਸੰਗਠਿਤ ਅਪਰਾਧ ਖ਼ਿਲਾਫ਼ ਵੱਡੀ ਪ੍ਰਾਪਤੀ ਮੰਨਿਆ ਜਾ ਰਿਹਾ ਹੈ।

ਡਾਇਰੈਕਟਰ ਜਨਰਲ ਆਫ਼ ਪੁਲੀਸ (DGP) ਗੌਰਵ ਯਾਦਵ ਨੇ ਦੱਸਿਆ ਕਿ ਇਹ ਕਾਰਵਾਈ AGTF ਵੱਲੋਂ ਪੰਜਾਬ ਪੁਲੀਸ ਦੇ ‘ਓਵਰਸੀਜ਼ ਫਿਊਜਿਟਿਵ ਟਰੈਕਿੰਗ ਐਂਡ ਐਕਸਟਰਾਡੀਸ਼ਨ ਸੈੱਲ’ (OFTEC) ਅਤੇ ਵੱਖ-ਵੱਖ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਅੰਜ਼ਾਮ ਦਿੱਤੀ ਗਈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਲੁਕੇ ਹੋਏ ਗੈਂਗਸਟਰਾਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਉਣ ਲਈ ਪੰਜਾਬ ਪੁਲੀਸ ਲਗਾਤਾਰ ਕਾਰਵਾਈ ਕਰ ਰਹੀ ਹੈ।

ਅੰਮ੍ਰਿਤਸਰ ਦਿਹਾਤੀ ਦੇ ਪਿੰਡ ਅਰਜਨ ਮੰਗਾ ਦਾ ਰਹਿਣ ਵਾਲਾ ਜੋਬਨ ਬਿੱਲਾ ਪੁਲੀਸ ਰਿਕਾਰਡ ਅਨੁਸਾਰ ਬੰਬੀਹਾ ਗਰੁੱਪ ਦਾ ਸਰਗਰਮ ਮੈਂਬਰ ਹੈ। ਉਸ ਉੱਤੇ ਪੰਜਾਬ ਵਿੱਚ ਚਾਰ ਕਤਲ ਦੇ ਮਾਮਲਿਆਂ ਸਮੇਤ ਕਈ ਗੰਭੀਰ ਦੋਸ਼ ਦਰਜ ਹਨ। ਇਸ ਤੋਂ ਇਲਾਵਾ ਕਤਲ ਦੀ ਕੋਸ਼ਿਸ਼, NDPS ਐਕਟ ਅਤੇ ਆਰਮਜ਼ ਐਕਟ ਤਹਿਤ ਵੀ ਉਸ ਖ਼ਿਲਾਫ਼ 10 ਤੋਂ ਵੱਧ ਐੱਫਆਈਆਰ ਦਰਜ ਹਨ।

ਜਾਂਚ ਏਜੰਸੀਆਂ ਮੁਤਾਬਕ ਜੋਬਨ ਬਿੱਲਾ ਗੈਂਗ ਲਈ ਨਸ਼ਾ ਤਸਕਰੀ, ਫਿਰੌਤੀ ਵਸੂਲਣ ਅਤੇ ਹੋਰ ਮੈਂਬਰਾਂ ਨੂੰ ਲੌਜਿਸਟਿਕ ਸਹਾਇਤਾ ਮੁਹੱਈਆ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾ ਰਿਹਾ ਸੀ। ਉਸ ਉੱਤੇ ਆਪਣੇ ਭਰਾ ਗੁਰਵਿੰਦਰ ਸਿੰਘ ਨਾਲ ਮਿਲ ਕੇ ਅੰਮ੍ਰਿਤਸਰ ਦਿਹਾਤੀ ਖੇਤਰ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਧਮਕਾ ਕੇ ਲੱਖਾਂ ਰੁਪਏ ਦੀ ਫਿਰੌਤੀ ਮੰਗਣ ਦੇ ਵੀ ਦੋਸ਼ ਹਨ।

ਜੋਬਨ ਬਿੱਲਾ ਦਾ ਨਾਮ ਸਾਲ 2023 ਵਿੱਚ ਪਿੰਡ ਸਠਿਆਲਾ ਵਿੱਚ ਹੋਏ ਜਰਨੈਲ ਸਿੰਘ ਦੇ ਚਰਚਿਤ ਕਤਲ ਮਾਮਲੇ ਵਿੱਚ ਵੀ ਸਾਹਮਣੇ ਆਇਆ ਸੀ। ਪੁਲੀਸ ਦਾ ਕਹਿਣਾ ਹੈ ਕਿ ਗ੍ਰਿਫ਼ਤਾਰੀ ਤੋਂ ਬਚਣ ਲਈ ਉਹ ਦੁਬਈ ਸਮੇਤ ਕਈ ਦੇਸ਼ਾਂ ਵਿੱਚ ਆਪਣੇ ਟਿਕਾਣੇ ਬਦਲਦਾ ਰਿਹਾ ਅਤੇ ਉੱਥੋਂ ਹੀ ਆਪਣੇ ਅਪਰਾਧਿਕ ਨੈੱਟਵਰਕ ਨੂੰ ਚਲਾਉਂਦਾ ਰਿਹਾ।

ਪੰਜਾਬ ਪੁਲੀਸ ਨੇ ਸਪੱਸ਼ਟ ਕੀਤਾ ਹੈ ਕਿ ਵਿਦੇਸ਼ਾਂ ਵਿੱਚ ਬੈਠ ਕੇ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲੇ ਗੈਂਗਸਟਰਾਂ ਅਤੇ ਅਪਰਾਧੀਆਂ ਖ਼ਿਲਾਫ਼ ਕਾਰਵਾਈ ਅੱਗੇ ਵੀ ਜਾਰੀ ਰਹੇਗੀ। ਪੁਲੀਸ ਦਾ ਕਹਿਣਾ ਹੈ ਕਿ ਕਾਨੂੰਨ ਤੋਂ ਬਚਣ ਲਈ ਵਿਦੇਸ਼ ਭੱਜਣ ਵਾਲੇ ਹਰ ਅਪਰਾਧੀ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਂਦਾ ਜਾਵੇਗਾ।

Leave a Reply

Your email address will not be published. Required fields are marked *