ਨਕੋਦਰ: ਅਧੀਨ ਆਉਂਦੇ ਇਲਾਕਿਆਂ ਵਿੱਚ ਸੁਰੱਖਿਆ ਵਿਵਸਥਾ ਨੂੰ ਪੁਖ਼ਤਾ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਤਹਿਤ ਥਾਣਾ ਸਿਟੀ ਨਕੋਦਰ, ਥਾਣਾ ਸਦਰ ਨਕੋਦਰ ਅਤੇ ਥਾਣਾ ਨੂਰਮਹਿਲ ਦੀਆਂ ਪੁਲਿਸ ਟੀਮਾਂ ਨੇ ਭਾਰੀ ਫੋਰਸ ਨਾਲ ਨਕੋਦਰ ਅਤੇ ਨੂਰਮਹਿਲ ਸ਼ਹਿਰ ਦੇ ਸੰਵੇਦਨਸ਼ੀਲ ਹਿੱਸਿਆਂ ਵਿੱਚ ਪੈਦਲ ਫਲੈਗ ਮਾਰਚ ਕੀਤਾ ਅਤੇ ਵੱਖ-ਵੱਖ ਥਾਵਾਂ ‘ਤੇ ਚੈਕਿੰਗ ਕੀਤੀ।
ਫਲੈਗ ਮਾਰਚ ਦੌਰਾਨ ਪੁਲਿਸ ਅਧਿਕਾਰੀਆਂ ਨੇ ਸਥਾਨਕ ਨਾਗਰਿਕਾਂ ਅਤੇ ਦੁਕਾਨਦਾਰਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ। ਉਨ੍ਹਾਂ ਲੋਕਾਂ ਨੂੰ ਭਰੋਸਾ ਦਵਾਇਆ ਕਿ ਪੰਜਾਬ ਪੁਲਿਸ ਨਾਗਰਿਕਾਂ ਦੀ ਜਾਨ-ਮਾਲ ਦੀ ਰਾਖੀ ਲਈ ਦਿਨ-ਰਾਤ ਤਾਇਨਾਤ ਹੈ। ਅਧਿਕਾਰੀਆਂ ਨੇ ਕਿਹਾ ਕਿ ਸ਼ਹਿਰ ਵਿੱਚ ਸ਼ਾਂਤੀਮਈ ਮਾਹੌਲ ਅਤੇ ਕਾਨੂੰਨੀ ਵਿਵਸਥਾ ਨੂੰ ਬਰਕਰਾਰ ਰੱਖਣਾ ਪੁਲਿਸ ਦੀ ਪਹਿਲੀ ਪ੍ਰਾਥਮਿਕਤਾ ਹੈ।
ਇਸ ਮੌਕੇ ਪੁਲਿਸ ਪ੍ਰਸ਼ਾਸਨ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਕਿ ਉਹ ਇਲਾਕੇ ਵਿੱਚ ਆਪਸੀ ਭਾਈਚਾਰਕ ਸਾਂਝ ਅਤੇ ਅਮਨ-ਸ਼ਾਂਤੀ ਬਣਾਏ ਰੱਖਣ ਵਿੱਚ ਪੁਲਿਸ ਦਾ ਸਾਥ ਦੇਣ। ਲੋਕਾਂ ਨੂੰ ਤਾਕੀਦ ਕੀਤੀ ਗਈ ਕਿ ਉਹ ਕਿਸੇ ਵੀ ਤਰ੍ਹਾਂ ਦੀ ਝੂਠੀ ਅਫ਼ਵਾਹ ‘ਤੇ ਯਕੀਨ ਨਾ ਕਰਨ। ਪੁਲਿਸ ਨੇ ਸਪੱਸ਼ਟ ਕੀਤਾ ਕਿ ਜੇਕਰ ਕੋਈ ਵੀ ਸ਼ੱਕੀ ਵਿਅਕਤੀ ਜਾਂ ਗੈਰ-ਕਾਨੂੰਨੀ ਗਤੀਵਿਧੀ ਨਜ਼ਰ ਆਉਂਦੀ ਹੈ, ਤਾਂ ਉਸ ਦੀ ਸੂਚਨਾ ਤੁਰੰਤ ਨਜ਼ਦੀਕੀ ਥਾਣੇ ਜਾਂ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ ਜਾਵੇ। ਪੰਜਾਬ ਪੁਲਿਸ ਅਮਨ-ਅਮਾਨ ਦੀ ਸਥਿਤੀ ਨੂੰ ਹਰ ਹੀਲੇ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

