ਪਠਾਨਕੋਟ : ਦੇਸ਼ ਅਤੇ ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀਆਂ ਅਸਫ਼ਲ ਕੋਸ਼ਿਸ਼ਾਂ ਦੇ ਤਹਿਤ ਹੁਣ ਸਰਕਾਰੀ ਦਫ਼ਤਰਾਂ ਅਤੇ ਵਿੱਦਿਅਕ ਅਦਾਰਿਆਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਲੜੀ ਤਹਿਤ ਅੱਜ ਪਠਾਨਕੋਟ ਨਗਰ ਨਿਗਮ ਦੀ ਅਧਿਕਾਰਤ ਈ-ਮੇਲ ਆਈ.ਡੀ. ‘ਤੇ ਇੱਕ ਧਮਕੀ ਭਰਿਆ ਸੁਨੇਹਾ ਪ੍ਰਾਪਤ ਹੋਇਆ ਹੈ। ਈ-ਮੇਲ ਭੇਜਣ ਵਾਲੇ ਨੇ ਆਪਣੇ ਆਪ ਨੂੰ ਇੱਕ ਸੰਗਠਨ ਨਾਲ ਜੋੜਦਿਆਂ ਫ਼ੌਜੀ ਖੇਤਰਾਂ, ਆਰਮੀ ਸਕੂਲਾਂ ਅਤੇ ਫ਼ੌਜ ਦੇ ਜਵਾਨਾਂ ਦੇ ਪਰਿਵਾਰਾਂ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਹੈ। ਧਮਕੀ ਮਿਲਣ ਤੋਂ ਤੁਰੰਤ ਬਾਅਦ ਨਿਗਮ ਪ੍ਰਸ਼ਾਸਨ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ, ਜਿਸ ਤੋਂ ਬਾਅਦ ਪੂਰੇ ਸ਼ਹਿਰ ਵਿੱਚ ਸੁਰੱਖਿਆ ਬਲ ਅਲਰਟ ‘ਤੇ ਹਨ।
ਨਗਰ ਨਿਗਮ ਵੱਲੋਂ ਤੁਰੰਤ ਪੁਲਿਸ ਨੂੰ ਦਿੱਤੀ ਗਈ ਇਤਲਾਹ
ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਨਿਗਮ ਦੇ ਅਧਿਕਾਰੀ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਜਦੋਂ ਉਨ੍ਹਾਂ ਨੇ ਨਿਗਮ ਦੀ ਆਫ਼ੀਸ਼ੀਅਲ ਈ-ਮੇਲ ਦੀ ਚੈਕਿੰਗ ਕੀਤੀ ਤਾਂ ਉਸ ਵਿੱਚ ਇੱਕ ਅਣਪਛਾਤੇ ਪਤੇ ਤੋਂ ਧਮਕੀ ਭਰੀ ਚਿੱਠੀ ਆਈ ਹੋਈ ਸੀ। ਮੇਲ ਵਿੱਚ ਆਰਮੀ ਸਕੂਲਾਂ ਅਤੇ ਫ਼ੌਜੀ ਠਿਕਾਣਿਆਂ ਨੂੰ ਬੰਬ ਨਾਲ ਉਡਾਉਣ ਦੀ ਗੱਲ ਕਹੀ ਗਈ ਸੀ। ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਹੋਇਆਂ ਬਿਨਾਂ ਕਿਸੇ ਦੇਰੀ ਦੇ ਸਥਾਨਕ ਪੁਲਿਸ ਨੂੰ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਪੁਲਿਸ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ।
ਮਾਮਲੇ ਦੀ ਜਾਂਚ ਸ਼ੁਰੂ
ਘਟਨਾ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਮੁੱਖੀ (SHO) ਅਮਨਦੀਪ ਕੌਰ ਨੇ ਦੱਸਿਆ ਕਿ ਮੇਲ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਨੇ ਸੰਬੰਧਿਤ ਇਲਾਕਿਆਂ ਅਤੇ ਸੰਵੇਦਨਸ਼ੀਲ ਥਾਵਾਂ ‘ਤੇ ਵਿਸ਼ੇਸ਼ ਚੈਕਿੰਗ ਅਤੇ ਸਰਚ ਅਪ੍ਰੇਸ਼ਨ ਸ਼ੁਰੂ ਕਰ ਦਿੱਤਾ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਅਜਿਹੇ ਸੰਦੇਸ਼ ਮਾਹੌਲ ਖ਼ਰਾਬ ਕਰਨ ਦੀ ਨੀਅਤ ਨਾਲ ਭੇਜੇ ਜਾਂਦੇ ਹਨ ਅਤੇ ਇਹ ਬਿਲਕੁਲ ਗ਼ਲਤ ਹਨ। ਅਜਿਹੀਆਂ ਗੈਰ-ਜ਼ਿੰਮੇਵਾਰਾਨਾ ਅਤੇ ਸ਼ਰਾਰਤੀ ਹਰਕਤਾਂ ਕਰਨ ਵਾਲੇ ਅਨਸਰਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ। ਇਸ ਵੇਲੇ ਸਾਈਬਰ ਸੈੱਲ ਦੀ ਮਦਦ ਨਾਲ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਈ-ਮੇਲ ਕਿਸ IP ਐਡਰੈੱਸ ਤੋਂ ਅਤੇ ਕਿੱਥੋਂ ਭੇਜੀ ਗਈ ਹੈ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਨਕੋਦਰ ਅਤੇ ਨੂਰਮਹਿਲ ‘ਚ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਕਰਨ ਲਈ ਪੁਲਿਸ ਵੱਲੋਂ ਫਲੈਗ ਮਾਰਚ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

