ਚੰਡੀਗੜ੍ਹ : ਦੇਸ਼ ਵਿੱਚ ਲਗਾਤਾਰ ਸਾਹਮਣੇ ਆ ਰਹੇ ਪੇਪਰ ਲੀਕ ਮਾਮਲਿਆਂ ਨੂੰ ਲੈ ਕੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ (MP) ਸ਼ੇਰ ਸਿੰਘ ਘੁਬਾਇਆ ਨੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਤਿੱਖੇ ਸ਼ਬਦੀ ਹਮਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਬਾਰ-ਬਾਰ ਹੁੰਦੀਆਂ ਇਨ੍ਹਾਂ ਗੜਬੜੀਆਂ ਨੇ ਦੇਸ਼ ਦੀ ਪੂਰੀ ਸਿੱਖਿਆ ਪ੍ਰਣਾਲੀ ਦੇ ਵਿਸ਼ਵਾਸ ਨੂੰ ਠੇਸ ਪਹੁੰਚਾਈ ਹੈ। ਘੁਬਾਇਆ ਨੇ ਦੋਸ਼ ਲਗਾਇਆ ਕਿ ਲਿਆਕਤ ਵਾਲੇ ਅਤੇ ਮਿਹਨਤੀ ਵਿਦਿਆਰਥੀਆਂ ਦਾ ਹੱਕ ਮਾਰ ਕੇ ਸਿਫ਼ਾਰਸ਼ੀ ਲੋਕਾਂ ਨੂੰ ਪਿਛਲੇ ਚੋਰ ਦਰਵਾਜ਼ੇ ਤੋਂ ਪਾਸ ਕਰਵਾਇਆ ਜਾ ਰਿਹਾ ਹੈ, ਜੋ ਕਿ ਦੇਸ਼ ਦੇ ਭਵਿੱਖ ਨਾਲ ਸਿੱਧਾ ਧੋਖਾ ਹੈ।
ਸੰਸਦ ਮੈਂਬਰ ਨੇ ਕਿਹਾ ਕਿ ਇਸ ਘੁਟਾਲੇ ਦੇ ਸਾਹਮਣੇ ਆਉਣ ਤੋਂ ਬਾਅਦ ਕਾਂਗਰਸ ਪਾਰਟੀ ਅਤੇ ਵਿਸ਼ੇਸ਼ ਤੌਰ ‘ਤੇ ਰਾਹੁਲ ਗਾਂਧੀ ਨੇ ਵਿਦਿਆਰਥੀਆਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ। ਕਾਂਗਰਸ ਵੱਲੋਂ ਬਣਾਏ ਗਏ ਭਾਰੀ ਦਬਾਅ ਤੋਂ ਬਾਅਦ ਹੀ ਸਰਕਾਰ ਨੂੰ ਸਬੰਧਤ ਅਹੁਦੇਦਾਰਾਂ/ਮੰਤਰੀਆਂ ਦੇ ਅਸਤੀਫ਼ੇ ਲੈਣ ਲਈ ਮਜ਼ਬੂਰ ਹੋਣਾ ਪਿਆ, ਪਰ ਇਸ ਪ੍ਰਕਿਰਿਆ ਵਿੱਚ ਵੀ 8 ਦਿਨਾਂ ਦੀ ਅਣਚਾਹੀ ਦੇਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਮਾਨਸਿਕ ਤਣਾਅ ਕਾਰਨ ਜਿਨ੍ਹਾਂ ਵਿਦਿਆਰਥੀਆਂ ਨੇ ਆਪਣੀ ਜਾਨ ਗੁਆਈ ਹੈ, ਉਸ ਦੀ ਪੂਰੀ ਨੈਤਿਕ ਅਤੇ ਕਾਨੂੰਨੀ ਜ਼ਿੰਮੇਵਾਰੀ ਕੇਂਦਰੀ ਗ੍ਰਹਿ ਮੰਤਰੀ ਅਤੇ ਮੋਦੀ ਸਰਕਾਰ ਦੀ ਹੈ। ਸਾਡੀ ਪਾਰਟੀ ਮੰਗ ਕਰਦੀ ਹੈ ਕਿ ਪ੍ਰਧਾਨ ਮੰਤਰੀ ਖ਼ੁਦ ਸੰਸਦ ਵਿੱਚ ਆ ਕੇ ਇਸ ਸੰਵੇਦਨਸ਼ੀਲ ਮੁੱਦੇ ‘ਤੇ ਆਪਣਾ ਸਪੱਸ਼ਟੀਕਰਨ ਦੇਣ।
ਘੁਬਾਇਆ ਨੇ ਮੰਗ ਕੀਤੀ ਕਿ ਹੱਕਾਂ ਲਈ ਸ਼ਾਂਤਮਈ ਪ੍ਰਦਰਸ਼ਨ ਕਰਨ ਵਾਲੇ ਨਿਰਦੋਸ਼ ਵਿਦਿਆਰਥੀਆਂ ‘ਤੇ ਦਰਜ ਕੀਤੇ ਗਏ ਝੂਠੇ ਪਰਚੇ ਤੁਰੰਤ ਰੱਦ ਕੀਤੇ ਜਾਣ ਅਤੇ ਅਸਲ ਦੋਸ਼ੀਆਂ ਨੂੰ ਜੇਲ੍ਹ ਭੇਜਿਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਭਾਜਪਾ ਸੰਸਦ ਕੰਗਨਾ ਰਣੌਤ ਦੁਆਰਾ ਦਿੱਤੇ ਵਿਵਾਦਤ ਬਿਆਨਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਦੇਸ਼ ਦੇ ਨੌਜਵਾਨਾਂ ਨੂੰ ਗ਼ਲਤ ਠਹਿਰਾਉਣਾ ਬਹੁਤ ਹੀ ਮੰਦਭਾਗਾ ਹੈ। ਪੰਜਾਬ ਦੀ ਸਿਆਸਤ ‘ਤੇ ਬੋਲਦਿਆਂ ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਵਿੱਚ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ ਹੈ ਅਤੇ ਰਾਹੁਲ ਗਾਂਧੀ ਦੀ ਅਗਵਾਈ ਹੇਠ ਆਉਣ ਵਾਲੀਆਂ ਚੋਣਾਂ ਵਿੱਚ ਹੂੰਝਾਫੇਰ ਜਿੱਤ ਦਰਜ ਕਰਕੇ ਸਰਕਾਰ ਬਣਾਏਗੀ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

