ਜਗਰਾਓਂ: ਸ਼ਹਿਰ ਵਿੱਚ ਗੁੰਡਾਗਰਦੀ ਅਤੇ ਦਹਿਸ਼ਤ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕਰੀਬ ਇੱਕ ਦਰਜਨ ਅਣਪਛਾਤੇ ਨੌਜਵਾਨਾਂ ਨੇ 22 ਸਾਲਾ ਇੱਕ ਨੌਜਵਾਨ ਨੂੰ ਅਗਵਾ ਕਰਕੇ ਉਸ ਦੀ ਹੱਡ-ਭੰਨਵੀਂ ਕੁੱਟਮਾਰ ਕੀਤੀ। ਹਮਲਾਵਰ ਨੌਜਵਾਨ ਨੂੰ ਅੱਧਮਰੀ ਹਾਲਤ ਵਿੱਚ ਸਿਟੀ ਥਾਣੇ ਦੇ ਨੇੜੇ ਸੁੱਟ ਕੇ ਫ਼ਰਾਰ ਹੋ ਗਏ। ਜ਼ਖ਼ਮੀ ਦੀਆਂ ਦੋਵੇਂ ਲੱਤਾਂ ਅਤੇ ਬਾਹਾਂ ਟੁੱਟ ਗਈਆਂ ਹਨ, ਜਿਸ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਲੋਹੇ ਦੀਆਂ ਰਾਡਾਂ ਨਾਲ ਕੀਤਾ ਜਾਨਲੇਵਾ ਹਮਲਾ
ਪੀੜਤ ਨੌਜਵਾਨ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦੀ ਕੁੱਝ ਸਥਾਨਕ ਨੌਜਵਾਨਾਂ ਨਾਲ ਰੰਜਿਸ਼ ਚੱਲ ਰਹੀ ਸੀ। ਉਸ ਰੰਜਿਸ਼ ਤਹਿਤ ਵਿਰੋਧੀਆਂ ਨੇ ਅਣਪਛਾਤੇ ਗੁੰਡਿਆਂ ਨੂੰ ਨਾਲ ਮਿਲਾ ਕੇ ਨੌਜਵਾਨ ਨੂੰ ਜਗਰਾਓਂ ਤੋਂ ਅਗਵਾ ਕਰ ਲਿਆ ਅਤੇ ਰਾਏਕੋਟ ਵੱਲ ਸੁੰਨਸਾਨ ਜਗ੍ਹਾ ‘ਤੇ ਲੈ ਗਏ। ਉੱਥੇ ਲੋਹੇ ਦੀਆਂ ਰਾਡਾਂ ਨਾਲ ਤਾਬੜਤੋੜ ਹਮਲਾ ਕਰ ਕੇ ਉਸ ਦੀਆਂ ਲੱਤਾਂ-ਬਾਹਾਂ ਤੋੜ ਦਿੱਤੀਆਂ ਅਤੇ ਬਾਅਦ ਵਿੱਚ ਬੇਹੋਸ਼ੀ ਦੀ ਹਾਲਤ ਵਿੱਚ ਥਾਣਾ ਸਿਟੀ ਦੇ ਬਾਹਰ ਸੁੱਟ ਕੇ ਫ਼ਰਾਰ ਹੋ ਗਏ।
ਪਰਿਵਾਰ ਨੇ ਲਗਾਈ ਇਨਸਾਫ਼ ਦੀ ਗੁਹਾਰ
ਘਟਨਾ ਤੋਂ ਬਾਅਦ ਪੀੜਤ ਪਰਿਵਾਰ ਵਿੱਚ ਡਰ ਅਤੇ ਰੋਸ ਦਾ ਮਾਹੌਲ ਹੈ। ਜ਼ਖ਼ਮੀ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਗੁੰਡਾਗਰਦੀ ਕਰਨ ਵਾਲੇ ਇਨ੍ਹਾਂ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਨ ਅਤੇ ਜਲਦ ਇਨਸਾਫ਼ ਦੇਣ ਦੀ ਮੰਗ ਕੀਤੀ ਹੈ।
ਦੋਸ਼ੀ ਜਲਦ ਹੋਣਗੇ ਸਲਾਖਾਂ ਪਿੱਛੇ
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਜਗਰਾਓਂ ਨੇ ਦੱਸਿਆ ਕਿ ਜ਼ਖ਼ਮੀ ਨੌਜਵਾਨ ਦਾ ਸਿਵਲ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਹੈ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਤਫ਼ਤੀਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਨੌਜਵਾਨ ਨੂੰ ਅਗਵਾ ਕਰਕੇ ਕੁੱਟਮਾਰ ਕਰਨ ਵਾਲੇ ਸਾਰੇ ਅਨਸਰਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਕੇ ਕਾਨੂੰਨ ਦੇ ਕਟਹਿਰੇ ਵਿੱਚ ਖੜ੍ਹਾ ਕੀਤਾ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



