ਬਠਿੰਡਾ : ਪੰਜਾਬ ਦੇ ਬਠਿੰਡਾ ਤੋਂ ਇੱਕ ਵੱਡੀ ਅਤੇ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਬਠਿੰਡਾ ਕੋਤਵਾਲੀ ਥਾਣਾ ਪੁਲਿਸ ਨੇ ਭੋਲੇ-ਭਾਲੇ ਲੋਕਾਂ ਨੂੰ ‘ਹਨੀ ਟਰੈਪ’ (Honey Trap) ਵਿੱਚ ਫਸਾ ਕੇ ਲੁੱਟ-ਖੋਹ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 23 ਔਰਤਾਂ ਅਤੇ ਉਨ੍ਹਾਂ ਦੇ 5 ਪੁਰਸ਼ ਸਾਥੀਆਂ ਸਮੇਤ ਕੁੱਲ 28 ਜਣਿਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ।
ਕੋਤਵਾਲੀ ਥਾਣੇ ਦੇ ਐਸ.ਐਚ.ਓ. ਯਾਦਵਿੰਦਰ ਸਿੰਘ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਖੁਲਾਸਾ ਕੀਤਾ ਕਿ ਪਿਛਲੇ ਕੁਝ ਸਮੇਂ ਤੋਂ ਉਨ੍ਹਾਂ ਨੂੰ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਬਠਿੰਡਾ ਦੇ ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ਦੇ ਆਸ-ਪਾਸ ਕੁਝ ਔਰਤਾਂ ਅਤੇ ਉਨ੍ਹਾਂ ਦੇ ਸਾਥੀ ਬਾਹਰੋਂ ਆਉਣ ਵਾਲੇ ਯਾਤਰੀਆਂ ਅਤੇ ਸਾਧਾਰਨ ਲੋਕਾਂ ਨੂੰ ਆਪਣੇ ਜਾਲ ਵਿੱਚ ਫਸਾਉਂਦੇ ਹਨ। ਇਸ ਤੋਂ ਬਾਅਦ ਉਨ੍ਹਾਂ ਨੂੰ ਬਲੈਕਮੇਲ ਕਰਕੇ ਜਾਂ ਸੁੰਨਸਾਨ ਥਾਵਾਂ ‘ਤੇ ਲਿਜਾ ਕੇ ਭਾਰੀ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਸੀ। ਲਿਵਿੰਗ ਇੰਡੀਆ ਨਿਊਜ਼ ਚੈਨਲ ਦੀ ਟੀਮ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਐਸ.ਐਚ.ਓ. ਨੇ ਦੱਸਿਆ ਕਿ ਇਨ੍ਹਾਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲਿਸ ਨੇ ਯੋਜਨਾਬੱਧ ਤਰੀਕੇ ਨਾਲ ਛਾਪੇਮਾਰੀ ਕਰਕੇ ਇਸ ਗਿਰੋਹ ਦੇ ਕੁੱਲ 28 ਮੈਂਬਰਾਂ ਨੂੰ ਕਾਬੂ ਕੀਤਾ ਹੈ।
ਪੁਲਿਸ ਦਾ ਕਹਿਣਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਸ ਗਿਰੋਹ ਦਾ ਮਾਸਟਰਮਾਉਂਡ ਕੌਣ ਹੈ ਅਤੇ ਇਨ੍ਹਾਂ ਨੇ ਹੁਣ ਤੱਕ ਕਿੰਨੇ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਇਆ ਹੈ। ਪੁਲਿਸ ਵੱਲੋਂ ਸਾਰੇ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ, ਤਾਂ ਜੋ ਇਸ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਨੂੰ ਵੀ ਜਲਦੀ ਤੋਂ ਜਲਦੀ ਕਾਨੂੰਨ ਦੇ ਘੇਰੇ ਵਿੱਚ ਲਿਆਂਦਾ ਜਾ ਸਕੇ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ


