ਬਰਨਾਲਾ : ਬਰਨਾਲਾ-ਹੰਡਿਆਇਆ ਮਾਰਗ ‘ਤੇ ਅਵਾਰਾ ਪਸ਼ੂਆਂ ਕਾਰਨ ਹੋਣ ਵਾਲੇ ਹਾਦਸਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਬੀਤੀ ਰਾਤ ਇਸੇ ਮਾਰਗ ‘ਤੇ ਇੱਕ ਤੇਜ਼ ਰਫ਼ਤਾਰ ਕਾਰ ਅਤੇ ਬਲੈਰੋ ਪਿਕਅਪ ਵਿਚਕਾਰ ਆਹਮੋ-ਸਾਹਮਣੀ ਭਿਆਨਕ ਟੱਕਰ ਹੋ ਗਈ। ਇਸ ਦਰਦਨਾਕ ਹਾਦਸੇ ਵਿੱਚ ਕਾਰ ਚਾਲਕ ਦੀ ਹਾਲਤ ਗੰਭੀਰ ਬਣੀ ਹੋਈ ਹੈ, ਜਦਕਿ ਹਾਦਸੇ ਕਾਰਨ ਪਿਕਅਪ ਗੱਡੀ ਵੀ ਸੜਕ ਵਿਚਕਾਰ ਪਲਟ ਗਈ ਅਤੇ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ।
ਅਵਾਰਾ ਪਸ਼ੂ ਨੂੰ ਬਚਾਉਂਦਿਆਂ ਬੇਕਾਬੂ ਹੋਈਆਂ ਗੱਡੀਆਂ
ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਅਚਾਨਕ ਸੜਕ ‘ਤੇ ਅਵਾਰਾ ਪਸ਼ੂ ਆ ਜਾਣ ਕਾਰਨ ਵਾਪਰਿਆ। ਕਾਰ ਚਾਲਕ ਵੱਲੋਂ ਪਸ਼ੂ ਨੂੰ ਬਚਾਉਣ ਲਈ ਗੱਡੀ ਨੂੰ ਕੱਟ ਮਾਰਿਆ ਗਿਆ, ਜਿਸ ਨਾਲ ਗੱਡੀ ਦਾ ਸੰਤੁਲਨ ਵਿਗੜ ਗਿਆ ਅਤੇ ਸਾਹਮਣੇ ਤੋਂ ਆ ਰਹੀ ਬਲੈਰੋ ਪਿਕਅਪ ਨਾਲ ਜ਼ਬਰਦਸਤ ਟੱਕਰ ਹੋ ਗਈ। ਜ਼ਖ਼ਮੀ ਕਾਰ ਚਾਲਕ ਦੀ ਪਛਾਣ ਅਜੇ ਕੁਮਾਰ ਵਾਸੀ ਹੰਡਿਆਇਆ ਬਾਜ਼ਾਰ, ਵਾਰਡ ਨੰਬਰ 9, ਬਰਨਾਲਾ ਵਜੋਂ ਹੋਈ ਹੈ, ਜਿਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ ਜਿੱਥੇ ਉਸਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਸੜਕ ਸੁਰੱਖਿਆ ਫੋਰਸ ਅਤੇ ਐਂਬੂਲੈਂਸ ਟੀਮ ਵੱਲੋਂ ਤੁਰੰਤ ਲਈ ਗਈ ਸਾਰ
ਘਟਨਾ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ (SSF) ਦੇ ਕਾਂਸਟੇਬਲ ਮਨਪ੍ਰੀਤ ਸਿੰਘ ਆਪਣੀ ਟੀਮ ਸਮੇਤ ਤੁਰੰਤ ਮੌਕੇ ‘ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜ਼ਖ਼ਮੀ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਅਤੇ ਇਸ ਮਾਮਲੇ ਦੀ ਸੂਚਨਾ ਸਬੰਧਤ ਥਾਣੇ ਨੂੰ ਦੇ ਦਿੱਤੀ ਹੈ। ਇਸ ਤੋਂ ਇਲਾਵਾ ਐਂਬੂਲੈਂਸ ਡਰਾਈਵਰ ਸੋਮਾ ਸਿੰਘ ਨੇ ਦੱਸਿਆ ਕਿ ਪੀੜਤ ਅਜੇ ਕੁਮਾਰ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਆਂਦਾ ਗਿਆ ਸੀ, ਜਿੱਥੇ ਉਹ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ।
ਸਥਾਨਕ ਦੁਕਾਨਦਾਰਾਂ ਅਤੇ ਲੋਕਾਂ ਵਿੱਚ ਭਾਰੀ ਰੋਸ
ਹਾਦਸੇ ਵਾਲੀ ਥਾਂ ਦੇ ਨੇੜੇ ਮੌਜੂਦ ਦੁਕਾਨਦਾਰ ਰਾਜੂ ਸਹੋਤਾ ਅਤੇ ਹੋਰ ਸਥਾਨਕ ਨਿਵਾਸੀਆਂ ਨੇ ਪ੍ਰਸ਼ਾਸਨ ਅਤੇ ਸਰਕਾਰ ਵਿਰੁੱਧ ਰੋਸ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਬਰਨਾਲਾ-ਹੰਡਿਆਇਆ ਰੋਡ ‘ਤੇ ਅਵਾਰਾ ਪਸ਼ੂਆਂ ਦੀ ਭਰਮਾਰ ਕਾਰਨ ਰੋਜ਼ਾਨਾ ਹਾਦਸੇ ਵਾਪਰ ਰਹੇ ਹਨ ਅਤੇ ਪਹਿਲਾਂ ਵੀ ਕਈ ਕੀਮਤੀ ਜਾਨਾਂ ਜਾ ਚੁੱਕੀਆਂ ਹਨ। ਲੋਕਾਂ ਨੇ ਮੰਗ ਕੀਤੀ ਹੈ ਕਿ ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇ ਅਤੇ ਸੜਕ ਨੂੰ ਚੌੜਾ ਕਰਕੇ ਇਸ ਦੇ ਵਿਚਕਾਰ ਡਿਵਾਈਡਰ ਬਣਾਏ ਜਾਣ ਤਾਂ ਜੋ ਭਵਿੱਖ ਵਿੱਚ ਅਜਿਹੇ ਭਿਆਨਕ ਹਾਦਸਿਆਂ ਤੋਂ ਬਚਿਆ ਜਾ ਸਕੇ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
रादौर में स्वतंत्रता दिवस समारोह की अंतिम रिहर्सल आयोजित, विद्यार्थियों ने दी शानदार प्रस्तुतियां
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



