ਅੰਮ੍ਰਿਤਸਰ : ਆਜ਼ਾਦੀ ਦਿਹਾੜੇ ਦੇ ਸ਼ੁਭ ਮੌਕੇ ‘ਤੇ ਆਮ ਆਦਮੀ ਪਾਰਟੀ (ਆਪ) ਦੇ ਯੂਥ ਵਿੰਗ ਵੱਲੋਂ ਅੰਮ੍ਰਿਤਸਰ ਵਿਖੇ ਇੱਕ ਵਿਸ਼ਾਲ ਤਿਰੰਗਾ ਯਾਤਰਾ ਦਾ ਆਯੋਜਨ ਕੀਤਾ ਗਿਆ। ਇਹ ਪੈਦਲ ਮਾਰਚ ਸਥਾਨਕ ਭੰਡਾਰੀ ਪੁਲ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਇਤਿਹਾਸਕ ਹਾਲ ਗੇਟ ਤੱਕ ਪਹੁੰਚਿਆ। ਇਸ ਦੌਰਾਨ ਭਾਰੀ ਗਿਣਤੀ ਵਿੱਚ ਇਕੱਠੇ ਹੋਏ ਨੌਜਵਾਨਾਂ ਅਤੇ ਪਾਰਟੀ ਆਗੂਆਂ-ਵਰਕਰਾਂ ਦੇ ਹੱਥਾਂ ਵਿੱਚ ਝੂਲਦਾ ਤਿਰੰਗਾ ਅਤੇ ਜ਼ੁਬਾਨ ‘ਤੇ ਦੇਸ਼ ਭਗਤੀ ਦੇ ਨਾਅਰੇ ਗੂੰਜਦੇ ਨਜ਼ਰ ਆਏ, ਜਿਸ ਨਾਲ ਪੂਰਾ ਮਾਹੌਲ ਰਾਸ਼ਟਰੀ ਜਜ਼ਬੇ ਨਾਲ ਭਰ ਗਿਆ।
ਯਾਤਰਾ ਦੌਰਾਨ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਅਮਰ ਸ਼ਹੀਦਾਂ ਨੂੰ ਨਮਨ ਕਰਦਿਆਂ ਸ਼ਰਧਾਂਜਲੀ ਦਿੱਤੀ ਗਈ। ਆਪ ਯੂਥ ਆਗੂਆਂ ਨੇ ਕਿਹਾ ਕਿ ਅੱਜ ਅਸੀਂ ਜਿਸ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ, ਉਹ ਸ਼ਹੀਦ ਭਗਤ ਸਿੰਘ, ਸ਼ਹੀਦ ਊਧਮ ਸਿੰਘ ਅਤੇ ਅਣਗਿਣਤ ਦੇਸ਼ ਭਗਤਾਂ ਦੀਆਂ ਅਸੀਮ ਕੁਰਬਾਨੀਆਂ ਦੀ ਬਦੌਲਤ ਹੈ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਨਵੀਂ ਪੀੜ੍ਹੀ ਨੂੰ ਆਪਣੇ ਇਨ੍ਹਾਂ ਸ਼ੂਰਵੀਰਾਂ ਦੇ ਇਤਿਹਾਸ ਅਤੇ ਸੰਘਰਸ਼ ਤੋਂ ਜਾਣੂ ਕਰਵਾਉਣਾ ਬਹੁਤ ਜ਼ਰੂਰੀ ਹੈ।
ਇਸ ਮੌਕੇ ਯੂਥ ਆਗੂਆਂ ਨੇ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ, ਖ਼ਾਸ ਕਰਕੇ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਆਪਣੀ ਊਰਜਾ ਪੜ੍ਹਾਈ ਅਤੇ ਖੇਡਾਂ ਵੱਲ ਲਗਾਉਣ ਦਾ ਸੱਦਾ ਦਿੱਤਾ ਤਾਂ ਜੋ ਪੰਜਾਬ ਦੀ ਤਰੱਕੀ ਵਿੱਚ ਯੋਗਦਾਨ ਪਾਇਆ ਜਾ ਸਕੇ। ਇਸ ਦੇ ਨਾਲ ਹੀ ਆਗੂਆਂ ਨੇ ਆਪਸੀ ਭਾਈਚਾਰੇ, ਪਿਆਰ ਅਤੇ ਏਕਤਾ ਨੂੰ ਕਾਇਮ ਰੱਖਦੇ ਹੋਏ ਨਸ਼ਾ ਮੁਕਤ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਦਾ ਸੁਨੇਹਾ ਦਿੱਤਾ।
ਇਸ ਪ੍ਰਭਾਵਸ਼ਾਲੀ ਸਮਾਗਮ ਵਿੱਚ ਜ਼ਿਲ੍ਹਾ ਯੂਥ ਪ੍ਰਧਾਨ ਤੇ ਕੌਂਸਲਰ ਸੰਦੀਪ ਸਿੰਘ, ਯੁਵਰਾਜ ਸਿੰਘ, ਯੂਥ ਵਿੰਗ ਦੇ ਸਟੇਟ ਸੈਕਟਰੀ ਸਮੇਤ ਪਾਰਟੀ ਦੇ ਕਈ ਹੋਰ ਆਗੂ ਅਤੇ ਵਰਕਰ ਵੱਡੀ ਸੰਖਿਆ ਵਿੱਚ ਸ਼ਾਮਲ ਹੋਏ। ਸਮਾਗਮ ਦੇ ਅੰਤ ਵਿੱਚ ਸਮੂਹ ਪੰਜਾਬੀਆਂ ਅਤੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਲੱਖ-ਲੱਖ ਮੁਬਾਰਕਾਂ ਦਿੱਤੀਆਂ ਗਈਆਂ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਮਾਰਕੀਟ ਵਿੱਚ ਵੱਡੀ ਚੋਰੀ: ਰੈਡੀਮੇਡ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦੇ ਕੱਪੜੇ ਅਤੇ ਨਕਦੀ ਲੈ ਕੇ ਚੋਰ ਫ਼ਰਾਰ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



