ਸਮਰਾਲਾ : ਸਮਰਾਲਾ ਦੇ ਨੇੜਲੇ ਪਿੰਡ ਹਰਿਓਂ ਖੁਰਦ ਵਿੱਚ ਚੋਰਾਂ ਦੇ ਹੌਸਲੇ ਲਗਾਤਾਰ ਬੁਲੰਦ ਹੁੰਦੇ ਜਾ ਰਹੇ ਹਨ, ਜਿੱਥੇ ਦਿਨ-ਦਿਹਾੜੇ ਇੱਕ ਟਰੈਕਟਰ ਦੀ ਬੈਟਰੀ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਏ ਹੈ। ਪੀੜਤ ਟਰੈਕਟਰ ਮਾਲਕ ਨੇ ਦੱਸਿਆ ਕਿ ਉਸ ਨੇ ਰੋਜ਼ਾਨਾ ਦੀ ਤਰ੍ਹਾਂ ਆਪਣਾ ਟਰੈਕਟਰ ਘਰ ਦੇ ਬਾਹਰ ਖੜ੍ਹਾ ਕੀਤਾ ਹੋਇਆ ਸੀ। ਜਦੋਂ ਬਾਅਦ ਵਿੱਚ ਟਰੈਕਟਰ ਨੂੰ ਸਟਾਰਟ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਸਟਾਰਟ ਨਹੀਂ ਹੋਇਆ, ਜਿਸ ਤੋਂ ਬਾਅਦ ਜਾਂਚ ਕਰਨ ‘ਤੇ ਪਤਾ ਲੱਗਿਆ ਕਿ ਟਰੈਕਟਰ ਵਿੱਚੋਂ ਬੈਟਰੀ ਗਾਇਬ ਸੀ।
ਘਟਨਾ ਤੋਂ ਬਾਅਦ ਜਦੋਂ ਪਰਿਵਾਰ ਨੇ ਘਰ ਦੇ ਬਾਹਰ ਲੱगे ਸੀ.ਸੀ.ਟੀ.ਵੀ. (CCTV) ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਤਾਂ ਸਾਰਾ ਸੱਚ ਸਾਹਮਣੇ ਆ ਗਿਆ। ਕੈਮਰੇ ਦੀ ਰਿਕਾਰਡਿੰਗ ਵਿੱਚ ਸਾਫ਼ ਦਿਖਾਈ ਦਿੱਤਾ ਕਿ ਤਿੰਨ ਵਿਅਕਤੀ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਸਨ। ਉਨ੍ਹਾਂ ਵਿੱਚੋਂ ਇੱਕ ਵਿਅਕਤੀ ਮੋਟਰਸਾਈਕਲ ਤੋਂ ਉਤਰਿਆ ਅਤੇ ਬੜੀ ਚਲਾਕੀ ਨਾਲ ਟਰੈਕਟਰ ਦੀ ਬੈਟਰੀ ਖੋਲ੍ਹ ਕੇ ਆਪਣੇ ਸਾਥੀਆਂ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ। ਹੈਰਾਨੀ ਦੀ ਗੱਲ ਇਹ ਰਹੀ ਕਿ ਚੋਰਾਂ ਨੇ ਆਪਣੇ ਚਿਹਰੇ ਵੀ ਨਹੀਂ ਢੱਕੇ ਹੋਏ ਸਨ, ਜਿਸ ਕਾਰਨ ਉਨ੍ਹਾਂ ਦੇ ਚਿਹਰੇ ਕੈਮਰੇ ਵਿੱਚ ਸਾਫ਼ ਕੈਦ ਹੋ ਗਏ ਹਨ।
ਇਸ ਚੋਰੀ ਦੀ ਘਟਨਾ ਸਬੰਧੀ ਪੀੜਤ ਵਰਿੰਦਰ ਸਿੰਘ ਵੱਲੋਂ ਸਥਾਨਕ ਪੁਲਿਸ ਨੂੰ ਲਿਖਤੀ ਦਰਖ਼ਾਸਤ ਦੇ ਦਿੱਤੀ ਗਈ ਹੈ ਅਤੇ ਸਬੂਤ ਵਜੋਂ ਸੀ.ਸੀ.ਟੀ.ਵੀ. ਫੁਟੇਜ ਵੀ ਪੁਲਿਸ ਦੇ ਹਵਾਲੇ ਕਰ ਦਿੱਤੀ ਗਈ ਹੈ। ਦਿਨ-ਦਿਹਾੜੇ ਵਾਪਰੀ ਇਸ ਚੋਰੀ ਦੀ ਘਟਨਾ ਕਾਰਨ ਪਿੰਡ ਅਤੇ ਆਸ-ਪਾਸ ਦੇ ਇਲਾਕੇ ਦੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਹੈ। ਪਿੰਡ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਇਲਾਕੇ ਵਿੱਚ ਵਧ ਰਹੀਆਂ ਚੋਰੀ ਦੀਆਂ ਵਾਰਦਾਤਾਂ ‘ਤੇ ਨੱਥ ਪਾਈ ਜਾਵੇ ਅਤੇ ਸੀ.ਸੀ.ਟੀ.ਵੀ. ਫੁਟੇਜ ਦੇ ਆਧਾਰ ‘ਤੇ ਇਨ੍ਹਾਂ ਮੁਲਜ਼ਮਾਂ ਦੀ ਜਲਦੀ ਤੋਂ ਜਲਦੀ ਪਛਾਣ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



