ਸਰਹਿੰਦ: ਸਰਹਿੰਦ ਦੇ ਮਾਧੋਪੁਰ ਚੌਂਕ ਦੇ ਨਜ਼ਦੀਕ ਇੱਕ ਬਹੁਤ ਹੀ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲੁਧਿਆਣਾ ਤੋਂ ਹਰਿਦੁਆਰ ਵਿਖੇ ਮੱਥਾ ਟੇਕਣ ਜਾ ਰਹੇ ਸ਼ਰਧਾਲੂਆਂ ਨਾਲ ਭਰਿਆ ਇੱਕ ਛੋਟਾ ਹਾਥੀ ਕਿਸੇ ਅਣਪਛਾਤੇ ਵਾਹਨ ਨਾਲ ਜ਼ਬਰਦਸਤ ਤਰੀਕੇ ਨਾਲ ਟਕਰਾ ਗਿਆ। ਇਸ ਭਿਆਨਕ ਟੱਕਰ ਦੌਰਾਨ ਇੱਕ 28 ਸਾਲਾ ਨੌਜਵਾਨ ਅਤੇ 12 ਸਾਲਾ ਬੱਚੇ ਦੀ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ, ਜਦਕਿ ਜਥੇ ਵਿੱਚ ਸਵਾਰ 15 ਤੋਂ 16 ਦੇ ਕਰੀਬ ਸ਼ਰਧਾਲੂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ। ਹਾਦਸੇ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋਣ ਵਾਲੇ ਅਣਪਛਾਤੇ ਵਾਹਨ ਚਾਲਕ ਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ।
ਇਸ ਦੁਖਦਾਈ ਘਟਨਾ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੰਦਿਆਂ ਥਾਣਾ ਸਰਹਿੰਦ ਦੇ ਸਹਾਇਕ ਥਾਣੇਦਾਰ ਤਿਲਕ ਰਾਜ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਬਬਲੂ ਕੁਮਾਰ ਅਤੇ ਅਸ਼ੀਸ਼ ਕੁਮਾਰ ਵਜੋਂ ਹੋਈ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ ਅਤੇ ਸਾਰੇ ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਫ਼ਤਿਹਗੜ੍ਹ ਸਾਹਿਬ ਵਿਖੇ ਦਾਖ਼ਲ ਕਰਵਾਇਆ ਗਿਆ। ਹਸਪਤਾਲ ਵਿੱਚ ਕੁਝ ਜ਼ਖ਼ਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਨ੍ਹਾਂ ਨੂੰ ਡਾਕਟਰਾਂ ਵੱਲੋਂ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਅੱਗੇ ਲਈ ਰੈਫਰ ਕਰ ਦਿੱਤਾ ਗਿਆ ਹੈ।
ਪੁਲਿਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮਾਮਲੇ ਵਿੱਚ ਫ਼ਰਾਰ ਅਣਪਛਾਤੇ ਵਾਹਨ ਦੇ ਚਾਲਕ ਖ਼ਿਲਾਫ਼ ਸੰਬੰਧਿਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਆਸ-ਪਾਸ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਮੁਲਜ਼ਮ ਨੂੰ ਜਲਦੀ ਤੋਂ ਜਲਦੀ ਕਾਬੂ ਕੀਤਾ ਜਾ ਸਕੇ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



