ਫਿਰੋਜ਼ਪੁਰ : ਫਿਰੋਜ਼ਪੁਰ ਸ਼ਹਿਰ ਦੇ ਪੌਸ਼ ਇਲਾਕੇ ਗੋਲਡਨ ਇੰਕਲੇਵ ਵਿੱਚ ਉਸ ਸਮੇਂ ਸਨਸਨੀ ਅਤੇ ਸੋਗ ਦੀ ਲਹਿਰ ਦੌੜ ਗਈ, ਜਦੋਂ ਇੱਕ 65 ਸਾਲਾ ਵਿਅਕਤੀ ਨੇ ਆਪਣੇ ਹੀ ਲਾਇਸੈਂਸੀ ਹਥਿਆਰ ਨਾਲ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਛਾਣ ਗੁਰਕਿਰਪਾਲ ਸਿੰਘ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ।
ਪਰਿਵਾਰਕ ਮੈਂਬਰਾਂ ਦੇ ਬਾਹਰ ਜਾਣ ਸਮੇਂ ਚੁੱਕਿਆ ਖ਼ੌਫ਼ਨਾਕ ਕਦਮ
ਮ੍ਰਿਤਕ ਦੇ ਭਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਕਿਰਪਾਲ ਸਿੰਘ ਆਮ ਤੌਰ ‘ਤੇ ਸਵੇਰੇ ਕਰੀਬ 4 ਵਜੇ ਉੱਠ ਕੇ ਪਾਠ ਕਰਦੇ ਸਨ, ਪਰ ਅੱਜ ਉਹ ਕਾਫ਼ੀ ਦੇਰ ਤੱਕ ਕਮਰੇ ਤੋਂ ਬਾਹਰ ਨਹੀਂ ਆਏ। ਜਦੋਂ ਪਰਿਵਾਰ ਵਾਲਿਆਂ ਨੇ ਕਮਰੇ ਵਿੱਚੋਂ ਕਿਸੇ ਅਜੀਬ ਚੀਜ਼ ਦੀ ਆਵਾਜ਼ ਸੁਣੀ ਅਤੇ ਕਿਰਾਏਦਾਰ ਨੂੰ ਬੁਲਾ ਕੇ ਦਰਵਾਜ਼ਾ ਤੋੜਿਆ, ਤਾਂ ਅੰਦਰ ਦਾ ਦ੍ਰਿਸ਼ ਦੇਖ ਕੇ ਸਭ ਦੇ ਹੋਸ਼ ਉੱਡ ਗਏ। ਗੁਰਕਿਰਪਾਲ ਸਿੰਘ ਨੇ ਆਪਣੇ .32 ਬੋਰ ਦੇ ਲਾਇਸੈਂਸੀ ਹਥਿਆਰ ਨਾਲ ਆਪਣੇ ਆਪ ਨੂੰ ਗੋਲੀ ਮਾਰ ਲਈ ਸੀ। ਜਿਸ ਸਮੇਂ ਇਹ ਘਟਨਾ ਵਾਪਰੀ, ਉਸ ਸਮੇਂ ਉਨ੍ਹਾਂ ਦੀ ਪਤਨੀ ਅਤੇ ਬੇਟਾ ਕਿਸੇ ਕੰਮ ਲਈ ਰਿਸ਼ਤੇਦਾਰੀ ਵਿੱਚ ਗਏ ਹੋਏ ਸਨ।
ਦਿਮਾਗੀ ਬਿਮਾਰੀ ਦਾ ਚੱਲ ਰਿਹਾ ਸੀ ਇਲਾਜ
ਪਰਿਵਾਰਕ ਮੈਂਬਰਾਂ ਮੁਤਾਬਕ ਗੁਰਕਿਰਪਾਲ ਸਿੰਘ ਪਿਛਲੇ ਕੁਝ ਸਮੇਂ ਤੋਂ ਦਿਮਾਗ ਨਾਲ ਸਬੰਧਤ ਸਮੱਸਿਆ ਤੋਂ ਪੀੜਤ ਸਨ ਅਤੇ ਉਨ੍ਹਾਂ ਦੀ ਦਵਾਈ ਵੀ ਚੱਲ ਰਹੀ ਸੀ। ਹਾਲਾਂਕਿ, ਉਨ੍ਹਾਂ ਨੇ ਅਜਿਹਾ ਖ਼ੌਫ਼ਨਾਕ ਕਦਮ ਕਿਉਂ ਚੁੱਕਿਆ, ਇਸ ਬਾਰੇ ਅਜੇ ਤੱਕ ਪਰਿਵਾਰ ਕੋਈ ਵੀ ਸਪੱਸ਼ਟ ਕਾਰਨ ਨਹੀਂ ਦੱਸ ਪਾਇਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਪੁਲਿਸ ਮੌਕੇ ‘ਤੇ ਪਹੁੰਚੀ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਮੁਕੰਮਲ ਹੋਣ ਤੋਂ ਬਾਅਦ ਹੀ ਖ਼ੁਦਕੁਸ਼ੀ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



