ਤਰਨ ਤਾਰਨ: ਜ਼ਿਲ੍ਹੇ ਅਧੀਨ ਪੈਂਦੇ ਫਤਿਆਬਾਦ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਤੇਜ਼ ਰਫ਼ਤਾਰ ਸਕਾਰਪੀਓ ਗੱਡੀ ਨੇ ਮੋਟਰਸਾਈਕਲ ਸਵਾਰਾਂ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਇਸ ਭਿਆਨਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਮ੍ਰਿਤਕ ਨੌਜਵਾਨ ਆਪਣੇ ਪਰਿਵਾਰ ਵਿੱਚ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ, ਜਿਸ ਦੀ ਮੌਤ ਤੋਂ ਬਾਅਦ ਪੂਰੇ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਗੋਇੰਦਵਾਲ ਸਾਹਿਬ ਤੋਂ ਮੱਥਾ ਟੇਕ ਕੇ ਪਰਤ ਰਹੇ ਸਨ ਨੌਜਵਾਨ
ਪਰਿਵਾਰਕ ਮੈਂਬਰਾਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਦੋਵੇਂ ਨੌਜਵਾਨ ਗੋਇੰਦਵਾਲ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਆਪਣੇ ਘਰ ਵਾਪਸ ਆ ਰਹੇ ਸੀ। ਜਦੋਂ ਉਹ ਫਤਿਆਬਾਦ ਨੇੜੇ ਪਹੁੰਚੇ ਤਾਂ ਪਿੱਛੋਂ ਆ ਰਹੀ ਇੱਕ ਤੇਜ਼ ਰਫ਼ਤਾਰ ਸਕਾਰਪੀਓ ਗੱਡੀ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਬੁਰੀ ਤਰ੍ਹਾਂ ਟੱਕਰ ਮਾਰ ਦਿੱਤੀ। ਇਸ ਹਾਦਸੇ ਦੌਰਾਨ ਗੁਰਪ੍ਰੀਤ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਪਿੰਡ ਫਤਿਆਬਾਦ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਸ ਦਾ ਦੂਜਾ ਸਾਥੀ ਜਿਸ ਦੀ ਪਛਾਣ ਧੋਨੀ ਵਜੋਂ ਹੋਈ ਹੈ, ਗੰਭੀਰ ਜ਼ਖ਼ਮੀ ਹੋ ਗਿਆ। ਹਾਦਸੇ ਤੋਂ ਬਾਅਦ ਜ਼ਖ਼ਮੀ ਨੌਜਵਾਨ ਨੂੰ ਤੁਰੰਤ ਇਲਾਜ ਲਈ ਤਰਨ ਤਾਰਨ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ।
ਪੁਲਿਸ ਕਾਰਵਾਈ ਜਾਰੀ
ਘਟਨਾ ਦੀ ਸੂਚਨਾ ਮਿਲਦਿਆਂ ਹੀ ਫਤਿਆਬਾਦ ਪੁਲਿਸ ਚੌਂਕੀ ਦੀ ਟੀਮ ਤੁਰੰਤ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉੱਧਰ, ਪੀੜਤ ਪਰਿਵਾਰ ਅਤੇ ਰਿਸ਼ਤੇਦਾਰਾਂ ਨੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਪਾਸੋਂ ਮੰਗ ਕੀਤੀ ਹੈ ਕਿ ਦੋਸ਼ੀ ਵਾਹਨ ਚਾਲਕ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਨੈਸ਼ਨਲ ਹਾਈਵੇ ‘ਤੇ ਚਲਦੀ ਕਾਰ ਦਾ ਟਾਇਰ ਫਟਣ ਨਾਲ ਭਿਆਨਕ ਹਾਦਸਾ, ਮੋਟਰਸਾਈਕਲ ਨੂੰ ਲਪੇਟ ‘ਚ ਲਿਆ; 4 ਜ਼ਖ਼ਮੀ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



