ਅੰਮ੍ਰਿਤਸਰ : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਤਸਕਰਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਸੁਦਾਗਰਾਂ ਖ਼ਿਲਾਫ਼ ਇੱਕ ਵਿਸ਼ੇਸ਼ ਮੁਹਿੰਮ ਤਹਿਤ ਸਰਹੱਦ ਪਾਰ ਤੋਂ ਚੱਲ ਰਹੇ 3 ਅਲੱਗ-ਅਲੱਗ ਨੈੱਟਵਰਕਾਂ ਨੂੰ ਢਹਿ-ਢੇਰੀ ਕੀਤਾ ਹੈ। ਇਸ ਮੁਹਿੰਮ ਦੌਰਾਨ ਪੁਲਿਸ ਨੇ 6 ਕਿਲੋ 311 ਗ੍ਰਾਮ ਹੈਰੋਇਨ ਅਤੇ 9 ਨਾਜਾਇਜ਼ ਪਿਸਤੌਲ ਬਰਾਮਦ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਨ੍ਹਾਂ ਮਾਮਲਿਆਂ ਵਿੱਚ ਇੱਕ ਔਰਤ ਸਮੇਤ ਕੁੱਲ 5 ਆਰੋਪੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਡਰੋਨ ਰਾਹੀਂ ਆਉਂਦੀ ਸੀ ਹੈਰੋਇਨ
ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਖ਼ੁਲਾਸਾ ਕੀਤਾ ਕਿ ਗ੍ਰਿਫ਼ਤਾਰ ਕੀਤੀ ਗਈ ਔਰਤ ਨਸ਼ਾ ਤਸਕਰੀ ਦੇ ਇੱਕ ਵੱਡੇ ਗਿਰੋਹ ਦੀ ਅਹਿਮ ਕੜੀ ਹੈ। ਇਸ ਗਿਰੋਹ ਦਾ ਮੁੱਖ ਮਾਸਟਰਮਾਈਂਡ ਪਾਕਿਸਤਾਨੀ ਸਮੱਗਲਰਾਂ ਦੇ ਸਿੱਧੇ ਸੰਪਰਕ ਵਿੱਚ ਸੀ ਅਤੇ ਡਰੋਨ ਰਾਹੀਂ ਸਰਹੱਦ ਪਾਰ ਤੋਂ ਹੈਰੋਇਨ ਦੀਆਂ ਖੇਪਾਂ ਮੰਗਵਾਉਂਦਾ ਸੀ। ਇਹ ਖੇਪ ਇੱਕ ਨਾਬਾਲਗ ਦੇ ਜ਼ਰੀਏ ਉਕਤ ਔਰਤ ਤੱਕ ਪਹੁੰਚਾਈ ਜਾਂਦੀ ਸੀ, ਜੋ ਅੱਗੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਇਸ ਦੀ ਸਪਲਾਈ ਕਰਦੀ ਸੀ। ਜਾਂਚ ਦੌਰਾਨ ਹੁਣ ਤੱਕ ਅਜਿਹੀਆਂ 6 ਤੋਂ 7 ਖੇਪਾਂ ਆਉਣ ਦੀ ਪੁਸ਼ਟੀ ਹੋਈ ਹੈ। ਫਿਲਹਾਲ ਮਾਸਟਰਮਾਈਂਡ ਫਰਾਰ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।
ਸੋਸ਼ਲ ਮੀਡੀਆ ਰਾਹੀਂ ਨੌਜਵਾਨਾਂ ਨੂੰ ਲਾਲਚ
ਹਥਿਆਰ ਤਸਕਰੀ ਮਾਮਲੇ ਵਿੱਚ ਪੁਲਿਸ ਨੇ 20 ਤੋਂ 22 ਸਾਲ ਦੀ ਉਮਰ ਦੇ 3 ਨੌਜਵਾਨਾਂ ਨੂੰ ਕਾਬੂ ਕਰਕੇ 9 ਪਿਸਤੌਲ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਵਿੱਚੋਂ ਦੋ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਦੇ ਰਹਿਣ ਵਾਲੇ ਹਨ ਅਤੇ ਮਜ਼ਦੂਰੀ ਕਰਦੇ ਸਨ। ਪੁਲਿਸ ਮੁਤਾਬਕ ਪਾਕਿਸਤਾਨੀ ਤਸਕਰਾਂ ਨੇ ਸੋਸ਼ਲ ਮੀਡੀਆ ਰਾਹੀਂ ਇਨ੍ਹਾਂ ਨੌਜਵਾਨਾਂ ਨੂੰ ਆਪਣੇ ਜਾਲ ਵਿੱਚ ਫਸਾਇਆ ਅਤੇ ਹਰੇਕ ਖੇਪ ਇੱਧਰ-ਓਧਰ ਪਹੁੰਚਾਉਣ ਬਦਲੇ 25,000 ਰੁਪਏ ਦਾ ਲਾਲਚ ਦਿੱਤਾ। ਇਹ ਨੌਜਵਾਨ GPS ਲੋਕੇਸ਼ਨ ਦੇ ਆਧਾਰ ‘ਤੇ ਹਥਿਆਰ ਚੁੱਕ ਕੇ ਨਿਰਧਾਰਤ ਥਾਵਾਂ ‘ਤੇ ਰੱਖਦੇ ਸਨ।
ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਸੀ ਯੋਜਨਾ
ਪੁਲਿਸ ਅਨੁਸਾਰ ਬਰਾਮਦ ਕੀਤੇ ਗਏ ਇਹ ਹਥਿਆਰ ਫਿਰੌਤੀ, ਲੁੱਟ-ਖੋਹ, ਗੋਲੀਬਾਰੀ ਅਤੇ ਕਤਲ ਵਰਗੀਆਂ ਗੰਭੀਰ ਵਾਰਦਾਤਾਂ ਵਿੱਚ ਵਰਤੇ ਜਾਣੇ ਸਨ। ਫਿਲਹਾਲ ਪੁਲਿਸ ਆਰੋਪੀਆਂ ਤੋਂ ਪੁੱਛਗਿੱਛ ਕਰਕੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਪੁਲਿਸ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ‘ਚ ਹੋਰ ਵੀ ਵੱਡੀਆਂ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਪੂਰੀ ਸੰਭਾਵਨਾ ਹੈ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

