ਅੰਮ੍ਰਿਤਸਰ : ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ‘ਤੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਦਾ ਅਨੋਖਾ ਮਾਹੌਲ ਦੇਖਣ ਨੂੰ ਮਿਲਿਆ। ਇਸ ਸ਼ੁਭ ਦਿਹਾੜੇ ‘ਤੇ ਗੁਰੂ ਘਰ ਨੂੰ ਦੇਸ਼-ਵਿਦੇਸ਼ ਤੋਂ ਆਈ ਸੰਗਤ ਦੇ ਸਵਾਗਤ ਲਈ ਬਹੁਤ ਹੀ ਸੁੰਦਰ ਫੁੱਲਾਂ ਅਤੇ ਰੰਗ-ਬਰੰਗੀਆਂ ਰੌਸ਼ਨੀਆਂ ਨਾਲ ਸ਼ਿੰਗਾਰਿਆ ਗਿਆ ਸੀ। ਸ਼ਾਮ ਨੂੰ ਰਹਿਰਾਸ ਸਾਹਿਬ ਦੇ ਪਾਠ ਤੋਂ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਅਲੌਕਿਕ ਦੀਪਮਾਲਾ ਅਤੇ ਸ਼ਾਨਦਾਰ ਆਤਸ਼ਬਾਜ਼ੀ ਕੀਤੀ ਗਈ। ਆਤਸ਼ਬਾਜ਼ੀ ਦੇ ਇਨ੍ਹਾਂ ਮਨਮੋਹਕ ਨਜ਼ਾਰਿਆਂ ਨੇ ਹਰਿਮੰਦਰ ਸਾਹਿਬ ਦੇ ਆਸਮਾਨ ਨੂੰ ਰੌਸ਼ਨ ਕਰ ਦਿੱਤਾ, ਜਿਸ ਨੂੰ ਵੇਖ ਕੇ ਦੇਸ਼-ਵਿਦੇਸ਼ ਤੋਂ ਪਹੁੰਚੀ ਸੰਗਤ ਮਸਤ ਤੇ ਨਿਹਾਲ ਹੋ ਗਈ।
ਇਤਿਹਾਸਕ ਮਹੱਤਤਾ ਅਤੇ ਸੰਗਤ ਦੀ ਆਮਦ
ਇਸ ਮੌਕੇ ਸਵੇਰ ਦੇ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਨਗਰ ਕੀਰਤਨ ਵੀ ਸਜਾਇਆ ਗਿਆ ਅਤੇ ਸੰਗਤ ਦੇ ਦਰਸ਼ਨਾਂ ਲਈ ਜਲੌ ਸਾਹਿਬ ਨੂੰ ਸੁਸ਼ੋਭਿਤ ਕੀਤਾ ਗਿਆ। ਇਤਿਹਾਸਕ ਪਿਛੋਕੜ ਬਾਰੇ ਗੱਲ ਕਰਦਿਆਂ ਸੰਗਤ ਨੇ ਦੱਸਿਆ ਕਿ ਸਾਲ 1604 ਵਿੱਚ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪਾਦਨ ਪੂਰਾ ਕਰਵਾਇਆ ਸੀ ਅਤੇ ਬਾਬਾ ਬੁੱਢਾ ਜੀ ਨੇ ਇਸ ਪਾਵਨ ਸਰੂਪ ਦਾ ਪਹਿਲਾ ਪ੍ਰਕਾਸ਼ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ ਸੀ। ਇਸ ਇਤਿਹਾਸਕ ਦਿਨ ‘ਤੇ ਨਤਮਸਤਕ ਹੋਣ ਲਈ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਇਲਾਵਾ ਵਿਦੇਸ਼ਾਂ ਤੋਂ ਵੀ ਵੱਡੀ ਗਿਣਤੀ ਵਿੱਚ ਸ਼ਰਧਾਲੂ ਅੰਮ੍ਰਿਤਸਰ ਪਹੁੰਚੇ, ਜਿਨ੍ਹਾਂ ਨੇ ਗੁਰੂ ਘਰ ਮੱਥਾ ਟੇਕ ਕੇ ਆਪਣਾ ਜੀਵਨ ਸਫ਼ਲ ਕੀਤਾ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



