ਲੁਧਿਆਣਾ : ਲੁਧਿਆਣਾ ਦੇ ਆਤਮਾ ਪਾਰਕ ਦੇ ਬਾਹਰ ਪੁਲਿਸ ਅਤੇ ਗੈਂਗਸਟਰਾਂ ਦੇ ਵਿਚਕਾਰ ਇੱਕ ਭਿਆਨਕ ਮੁਕਾਬਲਾ ਦੇਖਣ ਨੂੰ ਮਿਲਿਆ। ਮਿਲੀ ਜਾਣਕਾਰੀ ਦੇ ਅਨੁਸਾਰ, ਇਹ ਗੈਂਗਸਟਰ ਕਿਸੇ ਵੱਡੀ ਘਟਨਾ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸਨ। ਪਤਾ ਲੱਗਾ ਹੈ ਕਿ ਇਨ੍ਹਾਂ ਬਦਮਾਸ਼ਾਂ ਨੇ ਰਵੀ ਖਵਾਜਕੇ ਦੇ ਬਲੱਡ ਡੋਨੇਸ਼ਨ ਕੈਂਪ ਵਿੱਚ ਪਹੁੰਚ ਕੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣਾ ਸੀ। ਇਸ ਗੁਪਤ ਸੂਚਨਾ ਦੇ ਆਧਾਰ ‘ਤੇ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਅਤੇ ਲੁਧਿਆਣਾ ਪੁਲਿਸ ਦੀ ਟੀਮ ਪਹਿਲਾਂ ਹੀ ਅਲਰਟ ‘ਤੇ ਸੀ ਅਤੇ ਇਨ੍ਹਾਂ ਦੀ ਤਲਾਸ਼ ਕਰ ਰਹੀ ਸੀ।
ਮੋਟਰਸਾਈਕਲ ਸਵਾਰ ਬਦਮਾਸ਼ਾਂ ਵੱਲੋਂ ਫਾਇਰਿੰਗ
ਜਦੋਂ ਪੁਲਿਸ ਟੀਮ ਨੇ ਮੋਟਰਸਾਈਕਲ ‘ਤੇ ਸਵਾਰ ਇਨ੍ਹਾਂ ਸ਼ੱਕੀ ਗੈਂਗਸਟਰਾਂ ਨੂੰ ਘੇਰਨ ਦੀ ਕੋਸ਼ਿਸ਼ ਕੀਤੀ, ਤਾਂ ਬਦਮਾਸ਼ਾਂ ਨੇ ਪੁਲਿਸ ਨੂੰ ਦੇਖਦਿਆਂ ਹੀ ਘਬਰਾਹਟ ਵਿੱਚ ਆ ਕੇ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਿਸ ਟੀਮ ਨੇ ਆਪਣੀ ਜਾਨ ਦੀ ਪਰਵਾਹ ਨਾ ਕਰਦਿਆਂ ਤੁਰੰਤ ਮੋਰਚਾ ਸੰਭਾਲਿਆ ਅਤੇ ਜਵਾਬੀ ਕਾਰਵਾਈ ਕੀਤੀ। ਇਸ ਆਹਮੋ-ਸਾਹਮਣੇ ਮੁਕਾਬਲੇ ਦੌਰਾਨ ਪੁਲਿਸ ਵੱਲੋਂ ਕਰੀਬ 25 ਰੌਂਦ ਫਾਇਰ ਕੀਤੇ ਗਏ।
ਪੁਲਿਸ ਦੀ ਇਸ ਸਖ਼ਤ ਜਵਾਬੀ ਕਾਰਵਾਈ ਵਿੱਚ ਦੋਵੇਂ ਗੈਂਗਸਟਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ, ਜਿਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੇ ਉੱਚ ਅਧਿਕਾਰੀ ਅਤੇ ਭਾਰੀ ਪੁਲਿਸ ਬਲ ਮੌਕੇ ‘ਤੇ ਪਹੁੰਚ ਗਿਆ। ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੇ ਪੂਰੇ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਇਲਾਕੇ ਵਿੱਚ ਸੁਰੱਖਿਆ ਨੂੰ ਮਜ਼ਬੂਤ ਕਰ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਅੱਗੇ ਦੀ ਜਾਂਚ ਗੰਭੀਰਤਾ ਨਾਲ ਜਾਰੀ ਹੈ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



