ਗੁਰਦਾਸਪੁਰ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਗੁਰਦਾਸਪੁਰ ਵਿੱਚ ‘ਨਸ਼ਾ ਮੁਕਤੀ ਮੋਰਚਾ’ ਦੀ ਜ਼ਿਲ੍ਹਾ ਪੱਧਰੀ ਰਿਵੀਊ ਮੀਟਿੰਗ ਕੀਤੀ ਗਈ। ਹਲਕਾ ਇੰਚਾਰਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਰਮਨ ਬਹਿਲ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਜ਼ਮੀਨੀ ਪੱਧਰ ’ਤੇ ਕੀਤੇ ਜਾ ਰਹੇ ਕਾਰਜਾਂ ਦੀ ਵਿਸਤਾਰ ਨਾਲ ਸਮੀਖਿਆ ਕੀਤੀ ਗਈ।
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਜ਼ਮੀਨੀ ਸਮੀਖਿਆ
ਗੁਰਦਾਸਪੁਰ ਦੇ ਇੱਕ ਨਿੱਜੀ ਹੋਟਲ ਵਿਖੇ ਹੋਈ ਇਸ ਮੀਟਿੰਗ ਦੌਰਾਨ ਵੱਖ-ਵੱਖ ਹਲਕਿਆਂ ਦੇ ਕੋਆਰਡੀਨੇਟਰਾਂ ਨੇ ਆਪਣੇ ਇਲਾਕਿਆਂ ਦੀ ਫੀਡਬੈਕ ਸਾਂਝੀ ਕੀਤੀ। ਇਸ ਮੌਕੇ ਰਮਨ ਬਹਿਲ ਨੇ ਕਿਹਾ ਕਿ ਸਰਕਾਰ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰ ਰਹੀ ਹੈ। ਇਸ ਦੇ ਨਾਲ ਹੀ ਨਸ਼ਿਆਂ ਦੀ ਲਤ ਵਿੱਚ ਫਸ ਚੁੱਕੇ ਨੌਜਵਾਨਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਰਾਹੀਂ ਮੁਫ਼ਤ ਇਲਾਜ ਅਤੇ ਮੁੜ ਵਸੇਬੇ ਦੀਆਂ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਲੋਕਾਂ ਦੇ ਸਹਿਯੋਗ ਨਾਲ ਮਜ਼ਬੂਤ ਹੋ ਰਿਹਾ ਨਸ਼ਾ ਮੁਕਤੀ ਮੋਰਚਾ
ਰਮਨ ਬਹਿਲ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰੀ ਯਤਨਾਂ ਦੇ ਨਾਲ-ਨਾਲ ਆਮ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਨਸ਼ਾ ਮੁਕਤੀ ਮੋਰਚਾ ਦੀਆਂ ਟੀਮਾਂ ਪ੍ਰਸ਼ਾਸਨ ਦੇ ਨਾਲ ਮਿਲ ਕੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਚਲਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਲੋਕ ਖ਼ੁਦ ਅੱਗੇ ਆ ਕੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਦੀ ਸੂਚਨਾ ਪ੍ਰਸ਼ਾਸਨ ਤੱਕ ਪਹੁੰਚਾ ਰਹੇ ਹਨ, ਜਿਸ ਨਾਲ ਇਸ ਲੜਾਈ ਨੂੰ ਹੋਰ ਵੀ ਬਹੁਤ ਬਲ ਮਿਲਿਆ ਹੈ।
ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਨੂੰ ਉਤਸ਼ਾਹਿਤ
ਨੌਜਵਾਨ ਪੀੜ੍ਹੀ ਨੂੰ ਉਸਾਰੂ ਪਾਸੇ ਲਾਉਣ ਬਾਰੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਵਿੱਚ 3100 ਪੇਂਡੂ ਖੇਡ ਮੈਦਾਨਾਂ ਦੀ ਉਸਾਰੀ ਕਰਵਾ ਰਹੀ ਹੈ। ਇਸ ਦੇ ਦੂਜੇ ਪੜਾਅ ਤਹਿਤ ਪੇਂਡੂ ਨੌਜਵਾਨਾਂ ਨੂੰ ਆਧੁਨਿਕ ਖੇਡ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਉਹ ਖੇਡਾਂ ਨਾਲ ਜੁੜ ਕੇ ਤੰਦਰੁਸਤ ਰਹਿਣ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ।
ਟੀਮਾਂ ਵੱਲੋਂ ਮਿਲ ਕੇ ਕੰਮ ਕਰਨ ਦਾ ਪ੍ਰਣ
ਮੀਟਿੰਗ ਦੇ ਅੰਤ ਵਿੱਚ ਨਸ਼ਾ ਮੁਕਤੀ ਮੋਰਚਾ ਦੇ ਵਾਈਸ ਕੋਆਰਡੀਨੇਟਰਾਂ ਅਤੇ ਬਲਾਕ ਕੋਆਰਡੀਨੇਟਰਾਂ ਨੇ ਆਪਣੇ ਸੁਝਾਅ ਰੱਖੇ। ਸਾਰਿਆਂ ਨੇ ਪ੍ਰਸ਼ਾਸਨ ਅਤੇ ਜਨਤਾ ਦੇ ਆਪਸੀ ਤਾਲਮੇਲ ਦੀ ਸ਼ਲਾਘਾ ਕਰਦਿਆਂ ਨਸ਼ਾ ਮੁਕਤ ਪੰਜਾਬ ਦੇ ਸੁਪਨੇ ਨੂੰ ਸੱਚ ਕਰਨ ਲਈ ਆਪਣੀ ਵਚਨਬੱਧਤਾ ਦੁਹਾਈ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
Big incident in Amritsar: ਸੋਸ਼ਲ ਮੀਡੀਆ ਰਾਹੀਂ ਹੋਈ ਜਾਣ-ਪਛਾਣ ਬਾਅਦ 13 ਸਾਲਾ ਨਾਬਾਲਿਗਾ ਨਾਲ ਛੇੜਛਾੜ ਦੀ ਕੋਸ਼ਿਸ਼
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



