ਅੰਮ੍ਰਿਤਸਰ : ਅੰਮ੍ਰਿਤਸਰ ਵਿੱਚ ਕਾਂਗਰਸ ਪਾਰਟੀ ਵੱਲੋਂ ਦੇਸ਼ ਦੀ ਚੋਣ ਪ੍ਰਕਿਰਿਆ, ਵੋਟਰ ਸੂਚੀਆਂ ਅਤੇ ਸੰਵਿਧਾਨਕ ਸੰਸਥਾਵਾਂ ਦੀ ਨਿਰਪੱਖਤਾ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਵਿਰੁੱਧ ਇੱਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੌਰਾਨ ਪਾਰਟੀ ਦੇ ਸੀਨੀਅਰ ਆਗੂਆਂ ਨੇ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ‘ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਲੋਕਤੰਤਰ ਦੀ ਹੱਤਿਆ ਦੇ ਦੋਸ਼ ਲਗਾਏ ਹਨ।
ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਅੰਮ੍ਰਿਤਸਰ ਤੋਂ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਦੇਸ਼ ਵਿੱਚ ਲੋਕਤੰਤਰ ‘ਤੇ ਲਗਾਤਾਰ ਹਮਲੇ ਹੋ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੰਸਦ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੱਲੋਂ ਜੋ ਅਹਿਮ ਮੁੱਦੇ ਨਿਡਰਤਾ ਨਾਲ ਉਠਾਏ ਗਏ ਹਨ, ਅੱਜ ਦੇਸ਼ ਦੀ ਜਨਤਾ ਅਤੇ ਮੀਡੀਆ ਵੀ ਉਹੀ ਸਵਾਲ ਪੁੱਛ ਰਹੀ ਹੈ। ਔਜਲਾ ਨੇ ਦੋਸ਼ ਲਾਇਆ ਕਿ ਚੋਣ ਕਮਿਸ਼ਨ ਵੱਲੋਂ ਨਿਯਮਾਂ ਦੀ ਅਣਦੇਖੀ ਕਰਕੇ ਅਤੇ ਕਾਇਦੇ-ਕਾਨੂੰਨਾਂ ਨੂੰ ਛਿੱਕੇ ਟੰਗ ਕੇ ਲੋਕਤੰਤਰਿਕ ਪ੍ਰਣਾਲੀ ਨੂੰ ਜਾਣਬੁੱਝ ਕੇ ਕਮਜ਼ੋਰ ਕੀਤਾ ਜਾ ਰਿਹਾ ਹੈ। ਉਨ੍ਹਾਂ ਚੋਣ ਪ੍ਰਕਿਰਿਆ ਵਿੱਚ ਪੂਰੀ ਪਾਰਦਰਸ਼ਤਾ ਲਿਆਉਣ ਦੀ ਜ਼ੋਰਦਾਰ ਮੰਗ ਕੀਤੀ।
ਸਾਬਕਾ ਮੰਤਰੀ ਅਨਿਲ ਜੋਸ਼ੀ ਨੇ ਤਿੱਖਾ ਹਮਲਾ ਬੋਲਦਿਆਂ ਦਾਅਵਾ ਕੀਤਾ ਕਿ ਦੇਸ਼ ਦੇ ਲਗਭਗ 14 ਕਰੋੜ ਯੋਗ ਨਾਗਰਿਕਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਤੋਂ ਵਾਂਝਾ ਕਰਨ ਦੀ ਡੂੰਘੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਯਾਦ ਕਰਵਾਇਆ ਕਿ ਦੇਸ਼ ਦੇ ਨਾਗਰਿਕਾਂ ਨੇ ਵੱਡੀਆਂ ਕੁਰਬਾਨੀਆਂ ਦੇ ਕੇ ਆਜ਼ਾਦੀ ਅਤੇ ਵੋਟ ਪਾਉਣ ਦਾ ਹੱਕ ਹਾਸਲ ਕੀਤਾ ਸੀ। ਜੋਸ਼ੀ ਨੇ ਦੋਸ਼ ਲਾਇਆ ਕਿ ਗਰੀਬ ਲੋਕਾਂ ਕੋਲ ਪੁਰਾਣੇ ਦਸਤਾਵੇਜ਼ ਨਾ ਹੋਣ ਦੀ ਆੜ ਲੈ ਕੇ ਉਨ੍ਹਾਂ ਦੇ ਸੰਵਿਧਾਨਕ ਅਧਿਕਾਰ ਖੋਹੇ ਜਾ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਰਾਹੁਲ ਗਾਂਧੀ ਵੱਲੋਂ ਚੁੱਕੇ ਗਏ ‘ਵੋਟ ਚੋਰੀ’ ਦੇ ਮੁੱਦੇ ਹੁਣ ਆਮ ਜਨਤਾ ਦੇ ਸਾਹਮਣੇ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕੇ ਹਨ।
ਸਾਬਕਾ ਕੈਬਨਿਟ ਮੰਤਰੀ ਸੁਖਵਿੰਦਰ ਸਿੰਘ ਸੁਖ ਸਰਕਾਰੀਆ ਨੇ ਤੰਜ ਕੱਸਦਿਆਂ ਕਿਹਾ ਕਿ ਜਦੋਂ ਵੀ ਚੋਣਾਂ ਦਾ ਸਮਾਂ ਨੇੜੇ ਆਉਂਦਾ ਹੈ, ਤਾਂ ਖ਼ਾਸ ਪ੍ਰਕਿਰਿਆਵਾਂ ਅਤੇ ਹੇਰਾਫੇਰੀ ਰਾਹੀਂ ਲੋਕਾਂ ਦੇ ਫ਼ਤਵੇ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ, ਪਰ ਹੁਣ ਦੇਸ਼ ਦੀ ਜਨਤਾ ਇਨ੍ਹਾਂ ਚਾਲਾਂ ਨੂੰ ਚੰਗੀ ਤਰ੍ਹਾਂ ਸਮਝ ਚੁੱਕੀ ਹੈ। ਭਾਜਪਾ ਨੂੰ ਚੇਤਾਵਨੀ ਦਿੰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿੱਚ ਸਰਕਾਰ ਬਣਾਉਣ ਦੇ ਖ਼ਿਆਲੀ ਸੁਪਨੇ ਦੇਖਣੇ ਛੱਡ ਦੇਵੇ, ਕਿਉਂਕਿ ਪੰਜਾਬ ਦਾ ਹਰ ਇੱਕ ਨਾਗਰਿਕ ਜਾਗਰੂਕ ਹੈ ਅਤੇ ਸੂਬੇ ਵਿੱਚ ਉਨ੍ਹਾਂ ਦਾ ਖਾਤਾ ਵੀ ਨਹੀਂ ਖੁੱਲ੍ਹੇਗਾ।
ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਆਮ ਲੋਕਾਂ ਦੇ ਬੁਨਿਆਦੀ ਹਧਿਕਾਰਾਂ ਨੂੰ ਲਤਾੜਿਆ ਜਾ ਰਿਹਾ ਹੈ ਅਤੇ ਸੰਵਿਧਾਨਕ ਸੰਸਥਾਵਾਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ‘ਵੋਟ ਚੋਰ ਗੱਦੀ ਛੱਡ’ ਦਾ ਨਾਅਰਾ ਬੁਲੰਦ ਕਰਦਿਆਂ ਉਨ੍ਹਾਂ ਐਲਾਨ ਕੀਤਾ ਕਿ ਕਾਂਗਰਸੀ ਵਰਕਰ ਕਦੇ ਵੀ ਚੁੱਪ ਕਰਕੇ ਨਹੀਂ ਬੈਠਣਗੇ। ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਸਿਰਫ਼ ਸੜਕਾਂ ਤੱਕ ਹੀ ਸੀਮਤ ਨਹੀਂ ਰਹੇਗਾ, ਸਗੋਂ ਸੜਕ ਤੋਂ ਲੈ ਕੇ ਸੰਸਦ ਤੱਕ ਲੋਕਤੰਤਰ ਦੀ ਰਾਖੀ ਲਈ ਡਟ ਕੇ ਲੜਾਈ ਲੜੀ ਜਾਵੇਗੀ। ਇਸ ਮੌਕੇ ਸਮੂਹ ਕਾਂਗਰਸੀ ਆਗੂਆਂ ਨੇ ਪਾਰਟੀ ਦੀ ਇਕਜੁੱਟਤਾ ਨੂੰ ਦੁਹਰਾਉਂਦਿਆਂ ਆਉਣ ਵਾਲੇ ਸਮੇਂ ਵਿੱਚ ਹਰ ਸਿਆਸੀ ਚੁਣੌਤੀ ਦਾ ਮਜ਼ਬੂਤੀ ਨਾਲ ਮੁਕਾਬਲਾ ਕਰਨ ਦਾ ਪ੍ਰਣ ਲਿਆ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
Sirsa में निकाली भव्य कलश यात्रा ,भागवत कथा का हुआ शुभारंभ, 5 अक्तूबर को होगा हवन यज्ञ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



