ਗੁਰਦਾਸਪੁਰ : ਗੁਰਦਾਸਪੁਰ ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿੱਚ ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਆਗੂ ਸੁਖਦੇਵ ਸਿੰਘ ਭੋਜਰਾਜ ਦੀ ਅਗਵਾਈ ਹੇਠ ਕਿਸਾਨਾਂ ਦੇ ਇੱਕ ਵਫ਼ਦ ਨੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਇੱਕ ਮੰਗ ਪੱਤਰ ਸੌਂਪਿਆ ਹੈ। ਵਫ਼ਦ ਨੇ ਮੰਗ ਕੀਤੀ ਹੈ ਕਿ ਮੰਡੀਆਂ ਵਿੱਚ ਫ਼ਸਲ ਦੀ ਖਰੀਦ ਸਰਕਾਰੀ ਨਿਯਮਾਂ ਤਹਿਤ ਯਕੀਨੀ ਬਣਾਈ ਜਾਵੇ ਅਤੇ ਕਿਸਾਨਾਂ ਦੀ ਹੋ ਰਹੀ ਕਥਿਤ ਲੁੱਟ ਨੂੰ ਤੁਰੰਤ ਰੋਕਿਆ ਜਾਵੇ।
ਸਰਕਾਰੀ ਰੇਟ ਨਾਲੋਂ ਘੱਟ ਭਾਅ ਦੇਣ ਦੇ ਗੰਭੀਰ ਦੋਸ਼
ਕਿਸਾਨ ਆਗੂਆਂ ਨੇ ਦੋਸ਼ ਲਾਇਆ ਹੈ ਕਿ ਮੰਡੀਆਂ ਵਿੱਚ ਆੜ੍ਹਤੀਆਂ ਅਤੇ ਖਰੀਦ ਨਾਲ ਜੁੜੇ ਕੁਝ ਲੋਕਾਂ ਵੱਲੋਂ ਸਰਕਾਰੀ ਨਿਰਧਾਰਤ ਭਾਅ ਨਾਲੋਂ ਕਾਫੀ ਘੱਟ ਰੇਟ ‘ਤੇ ਝੋਨਾ ਖਰੀਦਿਆ ਜਾ ਰਿਹਾ ਹੈ। ਸਰਕਾਰ ਵੱਲੋਂ ‘ਏ’ ਗ੍ਰੇਡ ਝੋਨੇ ਦਾ ਮੁੱਲ 2461 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਗਿਆ ਹੈ, ਪਰ ਜ਼ਿਲ੍ਹੇ ਦੀਆਂ ਕੁਝ ਮੰਡੀਆਂ ਵਿੱਚ ਕਿਸਾਨਾਂ ਨੂੰ 2000 ਤੋਂ 2300 ਰੁਪਏ ਪ੍ਰਤੀ ਕੁਇੰਟਲ ਯਾਨੀ ਕਿ 400 ਤੋਂ 500 ਰੁਪਏ ਤੱਕ ਘੱਟ ਰੇਟ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਆਗੂਆਂ ਦਾ ਕਹਿਣਾ ਹੈ ਕਿ ਬਾਅਦ ਵਿੱਚ ਇਹੀ ਫ਼ਸਲ ਸਰਕਾਰੀ ਖਰੀਦ ਵਿੱਚ ਪੂਰੇ ਰੇਟ ‘ਤੇ ਦਰਜ ਕੀਤੇ ਜਾਣ ਦੀਆਂ ਸ਼ਿਕਾਇਤਾਂ ਵੀ ਸਾਹਮਣੇ ਆ ਰਹੀਆਂ ਹਨ।
ਪ੍ਰਸ਼ਾਸਨ ਕੋਲੋਂ ਨਿਰਪੱਖ ਜਾਂਚ ਦੀ ਮੰਗ
ਕਿਸਾਨ ਵਫ਼ਦ ਨੇ ਡਿਪਟੀ ਕਮਿਸ਼ਨਰ ਪਾਸੋਂ ਮੰਗ ਕੀਤੀ ਹੈ ਕਿ ਮੰਡੀਆਂ ਵਿੱਚ ਚੱਲ ਰਹੇ ਖਰੀਦ ਪ੍ਰਣਾਲੀ ਦੇ ਰਿਕਾਰਡ, ਨਮੀ ਦੀ ਜਾਂਚ, ਕਟੌਤੀਆਂ ਅਤੇ ਖਰੀਦ ਏਜੰਸੀਆਂ ਦੇ ਕੰਮਕਾਜ ਦੀ ਡੂੰਘਾਈ ਨਾਲ ਜਾਂਚ ਕਰਵਾਈ ਜਾਵੇ। ਉਨ੍ਹਾਂ ਮੰਗ ਕੀਤੀ ਕਿ ਜੇਕਰ ਕੋਈ ਵੀ ਵਿਅਕਤੀ ਇਸ ਗ਼ੈਰ-ਕਾਨੂੰਨੀ ਪ੍ਰਕਿਰਿਆ ਵਿੱਚ ਸ਼ਾਮਲ ਪਾਇਆ ਜਾਂਦਾ ਹੈ, ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਪ੍ਰਸ਼ਾਸਨ ਦਾ ਭਰੋਸਾ ਅਤੇ ਕਿਸਾਨਾਂ ਵੱਲੋਂ ਸੰਘਰਸ਼ ਦੀ ਚੇਤਾਵਨੀ
ਕਿਸਾਨ ਆਗੂਆਂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਵੱਲੋਂ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਜਾਂਚ ਕਰਵਾਉਣ ਅਤੇ ਬੇਨਿਯਮੀਆਂ ਪਾਏ ਜਾਣ ‘ਤੇ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਦੂਜੇ ਪਾਸੇ, ਸੁਖਦੇਵ ਸਿੰਘ ਭੋਜਰਾਜ ਨੇ ਪ੍ਰਸ਼ਾਸਨ ਨੂੰ ਦੋ ਦਿਨਾਂ ਦਾ ਅਲਟੀਮੇਟਮ ਦਿੰਦਿਆਂ ਚੇਤਾਵਨੀ ਦਿੱਤੀ ਹੈ ਕਿ ਜੇਕਰ ਨਿਰਧਾਰਤ ਸਮੇਂ ਵਿੱਚ ਸਮੱਸਿਆ ਦਾ ਹੱਲ ਨਾ ਹੋਇਆ ਅਤੇ ਘੱਟ ਰੇਟ ‘ਤੇ ਝੋਨਾ ਖਰੀਦਣ ਦੀ ਪ੍ਰਥਾ ਨਾ ਰੁਕੀ, ਤਾਂ ਕਿਸਾਨ ਜਥੇਬੰਦੀ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਲੋੜ ਪੈਣ ‘ਤੇ ਪਹਿਲਾਂ ਕਲਾਨੌਰ-ਬਟਾਲਾ ਰੋਡ ਅਤੇ ਬਾਅਦ ਵਿੱਚ ਅੰਮ੍ਰਿਤਸਰ-ਪਠਾਨਕੋਟ ਹਾਈਵੇਅ ‘ਤੇ ਅਣਮਿੱਥੇ ਸਮੇਂ ਲਈ ਧਰਨਾ ਲਗਾ ਕੇ ਆਵਾਜਾਈ ਠੱਪ ਕੀਤੀ ਜਾਵੇਗੀ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਚੰਡੀਗੜ੍ਹ ਵਿੱਚ ਨਸ਼ਾ ਤਸਕਰੀ ਦਾ ਵੱਡਾ ਪਰਦਾਫਾਸ਼: ਹਰ ਮਹੀਨੇ 8 ਕਿਲੋ ਹੈਰੋਇਨ ਖਪਾਉਣ ਵਾਲਾ ਗ੍ਰਿਫਤਾਰ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



