ਫਿਲੌਰ : ਫਿਲੌਰ ਨੇੜਲੇ ਪਿੰਡ ਦੁਸਾਂਝ ਕਲਾਂ ਤੋਂ ਇੱਕ ਅਹਿਮ ਅਤੇ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ। ਅੰਤਰਰਾਸ਼ਟਰੀ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਦੇ ਜੱਦੀ ਪਿੰਡ ਵਿੱਚ ਉਨ੍ਹਾਂ ਦੇ ਘਰ ਦੇ ਨੇੜੇ ਕਿਸੇ ਅਣਪਛਾਤੇ ਵਿਅਕਤੀਆਂ ਵੱਲੋਂ ਕੰਧਾਂ ਉੱਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।
ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਦਿਲਜੀਤ ਦੁਸਾਂਝ ਦੇ ਇੱਕ ਗਵਾਂਢੀ ਨੇ ਦੱਸਿਆ ਕਿ ਇਹ ਘਟਨਾ ਰਾਤ ਦੇ ਕਰੀਬ ਡੇਢ ਵਜੇ ਵਾਪਰੀ। ਉਨ੍ਹਾਂ ਦੱਸਿਆ ਕਿ ਚਾਰ ਨਕਾਬਪੋਸ਼ ਵਿਅਕਤੀ ਸਪਰੇਅ ਦੀ ਮਦਦ ਨਾਲ ਕੰਧਾਂ ਉੱਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖ ਕੇ ਫ਼ਰਾਰ ਹੋ ਗਏ। ਗਵਾਂਢੀ ਨੇ ਸਪੱਸ਼ਟ ਕੀਤਾ ਕਿ ਜਿਸ ਜਗ੍ਹਾ ਉੱਤੇ ਇਹ ਨਾਅਰੇ ਲਿਖੇ ਗਏ ਹਨ, ਉਹ ਅਸਲ ਵਿੱਚ ਦਿਲਜੀਤ ਦੁਸਾਂਝ ਦਾ ਘਰ ਨਹੀਂ ਹੈ, ਸਗੋਂ ਉਸ ਘਰ ਤੋਂ ਲਗਭਗ 100 ਗਜ ਦੀ ਦੂਰੀ ‘ਤੇ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਉਹ ਖੁਦ ਕਿਸੇ ਵੀ ਰਾਜਨੀਤਕ ਜਾਂ ਸਿਆਸੀ ਪਾਰਟੀ ਨਾਲ ਕੋਈ ਸਬੰਧ ਨਹੀਂ ਰੱਖਦੇ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੰਚਾਇਤ ਮੌਕੇ ‘ਤੇ ਪਹੁੰਚੀ ਅਤੇ ਤੁਰੰਤ ਇਨ੍ਹਾਂ ਨਾਅਰਿਆਂ ਨੂੰ ਮਿਟਾ ਦਿੱਤਾ ਗਿਆ।
ਘਟਨਾ ਦੀ ਗੰਭੀਰਤਾ ਨੂੰ ਦੇਖਦਿਆਂ ਡੀ.ਐਸ.ਪੀ. ਭਰਤ ਮਸੀਹ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਮੁਕੱਦਮਾ ਦਰਜ ਕਰ ਲਿਆ ਹੈ। ਦੋਸ਼ੀਆਂ ਦੀ ਭਾਲ ਲਈ ਆਸ-ਪਾਸ ਦੇ ਇਲਾਕਿਆਂ ਦੀ CCTV ਫੁਟੇਜ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਦਾਅਵਾ ਹੈ ਕਿ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



