ਤਰਨਤਾਰਨ : ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਵਿੱਚ ਕਾਨੂੰਨ ਵਿਵਸਥਾ ਨੂੰ ਲੈ ਕੇ ਇੱਕ ਵਾਰ ਫਿਰ ਵੱਡੇ ਸਵਾਲ ਖੜ੍ਹੇ ਹੋ ਗਏ ਹਨ। ਥਾਣਾ ਸਰਹਾਲੀ ਅਧੀਨ ਪੈਂਦੇ ਪਿੰਡ ਨੌਸ਼ਹਿਰਾ ਪੰਨੂਆ ਵਿਖੇ ਦਿਨ-ਦਿਹਾੜੇ ਫਿਰੋਜ਼ਪੁਰ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿਭਾਗ ਵਿੱਚ ਤਾਇਨਾਤ ਸਹਾਇਕ ਸਬ-ਇੰਸਪੈਕਟਰ (ASI) ਇਕਬਾਲ ਸਿੰਘ ਦੀ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ ਹੈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸਨਸਨੀ ਅਤੇ ਸਹਿਮ ਦਾ ਮਾਹੌਲ ਹੈ।
ਮਿਲੀ ਜਾਣਕਾਰੀ ਅਨੁਸਾਰ ਇਹ ਦੁਖਦਾਈ ਘਟਨਾ ਉਸ ਸਮੇਂ ਵਾਪਰੀ ਜਦੋਂ ਏ.ਐਸ.ਆਈ. ਇਕਬਾਲ ਸਿੰਘ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਵਾਪਸ ਘਰ ਪਰਤ ਰਹੇ ਸਨ। ਰਸਤੇ ਵਿੱਚ ਘਾਤ ਲਗਾ ਕੇ ਬੈਠੇ ਮੋਟਰਸਾਈਕਲ ਸਵਾਰ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਮੌਕੇ ‘ਤੇ ਹੀ ਉਨ੍ਹਾਂ ਦੀ ਮੌਤ ਹੋ ਗਈ।
ਇਸ ਸਨਸਨੀਖੇਜ਼ ਮਾਮਲੇ ਵਿੱਚ ਇੱਕ ਹੋਰ ਅਹਿਮ ਪਹਿਲੂ ਸਾਹਮਣੇ ਆਇਆ ਹੈ ਕਿ ਮ੍ਰਿਤਕ ਏ.ਐਸ.ਆਈ. ਇਕਬਾਲ ਸਿੰਘ, ਹਾਲ ਹੀ ਵਿੱਚ ਨੌਸ਼ਹਿਰਾ ਪੰਨੂਆ ਦੇ ਅੱਡੇ ‘ਤੇ ਗੋਲੀਆਂ ਮਾਰ ਕੇ ਮਾਰੇ ਗਏ ਅਜ਼ਮੀਤ ਸਿੰਘ ਦੇ ਚਾਚਾ ਸਨ। ਇਸ ਪੁਰਾਣੀ ਕੜੀ ਨੇ ਮਾਮਲੇ ਨੂੰ ਹੋਰ ਵੀ ਗੰਭੀਰ ਬਣਾ ਦਿੱਤਾ ਹੈ।
ਹਾਲਾਂਕਿ ਮੌਜੂਦਾ ਹਾਲਾਤ ਨੂੰ ਦੇਖਦਿਆਂ ਲੋਕਾਂ ਵਿੱਚ ਕਈ ਤਰ੍ਹਾਂ ਦੀਆਂ ਚਰਚਾਵਾਂ ਹਨ ਕਿ ਕੀ ਇਸ ਕਤਲ ਦਾ ਆਰ.ਪੀ.ਜੀ. ਹਮਲੇ ਜਾਂ ਅਜ਼ਮੀਤ ਸਿੰਘ ਦੇ ਪੁਰਾਣੇ ਮਾਮਲੇ ਨਾਲ ਕੋਈ ਸਬੰਧ ਹੈ, ਪਰ ਮੌਜੂਦਾ ਰਿਪੋਰਟਾਂ ਦੇ ਆਧਾਰ ‘ਤੇ ਬਿਨਾਂ ਪੁਲਿਸ ਦੀ ਅਧਿਕਾਰਤ ਜਾਂਚ ਅਤੇ ਬਿਆਨ ਦੇ ਕਿਸੇ ਵੀ ਨਤੀਜੇ ‘ਤੇ ਪਹੁੰਚਣਾ ਜਲਦਬਾਜ਼ੀ ਹੋਵੇਗੀ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਤਲਾਂ ਦੀ ਭਾਲ ਜਾਰੀ ਹੈ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
Tragic accident in Rewari: निजी बस की चपेट में आई स्कूटी, 25 वर्षीय महिला की मौके पर मौत
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



