ਮਾਛੀਵਾੜਾ: ਪੰਜਾਬ ਦੇ ਮਾਛੀਵਾੜਾ ਇਲਾਕੇ ਤੋਂ ਇੱਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸਵੇਰੇ ਸਕੂਲ ਜਾ ਰਹੇ ਇੱਕ 18 ਸਾਲਾ ਵਿਦਿਆਰਥੀ ਦੀ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜਿਸ ਦੀ ਅਚਾਨਕ ਮੌਤ ਨਾਲ ਪੂਰੇ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ, ਪਿੰਡ ਜੀਵਨਪੁਰ ਦਾ ਰਹਿਣ ਵਾਲਾ 18 ਸਾਲਾ ਬਾਰ੍ਹਵੀਂ ਜਮਾਤ ਦਾ ਵਿਦਿਆਰਥੀ ਸੀ। ਉਹ ਰੋਜ਼ਾਨਾ ਦੀ ਤਰ੍ਹਾਂ ਆਪਣੇ ਘਰੋਂ ਸਕੂਲ ਲਈ ਨਿਕਲਿਆ ਸੀ। ਜਦੋਂ ਉਹ ਮਾਛੀਵਾੜਾ ਪੁਲਿਸ ਥਾਣੇ ਨੇੜੇ ਪਹੁੰਚਿਆ ਤਾਂ ਸਾਹਮਣੇ ਤੋਂ ਗਲਤ ਦਿਸ਼ਾ ਵਿੱਚ ਆ ਰਹੇ ਇੱਕ ਮੋਟਰਸਾਈਕਲ ਸਵਾਰ ਨੇ ਉਸ ਦੇ ਵਾਹਨ ਨੂੰ ਸਿੱਧੀ ਟੱਕਰ ਮਾਰ ਦਿੱਤੀ। ਇਸ ਭਿਆਨਕ ਟੱਕਰ ਕਾਰਨ ਰਣਜੋਤ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।
ਹਾਦਸੇ ਤੋਂ ਬਾਅਦ ਜ਼ਖ਼ਮੀ ਹਾਲਤ ਵਿੱਚ ਰਣਜੋਤ ਨੂੰ ਤੁਰੰਤ ਮਾਛੀਵਾੜਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਸਦੀ ਗੰਭੀਰ ਹਾਲਤ ਨੂੰ ਦੇਖਦਿਆਂ ਰੈਫ਼ਰ ਕਰ ਦਿੱਤਾ। ਪਰਿਵਾਰਕ ਮੈਂਬਰਾਂ ਵੱਲੋਂ ਉਸਨੂੰ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਪਰ ਬਦਕਿਸਮਤੀ ਨਾਲ ਉੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕ ਦੇ ਪਿਤਾ ਬਲਜਿੰਦਰ ਸਿੰਘ ਪਟਵਾਰੀ ਵਜੋਂ ਸੇਵਾ ਨਿਭਾ ਰਹੇ ਹਨ। ਰਣਜੋਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਘਰ ਦੇ ਇਸ ਇਕੋ-ਇਕਲੌਤੇ ਦੀ ਅਚਾਨਕ ਮੌਤ ਨਾਲ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਪਿੰਡ ਵਿੱਚ ਸੋਗ ਦਾ ਮਾਹੌਲ ਛਾਇਆ ਹੋਇਆ ਹੈ। ਸਕੂਲ ਦੇ ਸਾਥੀ ਵੀ ਆਪਣੇ ਦੋਵਾਂ ਦੋਸਤ ਦੀ ਬੇਵਕਤੀ ਮੌਤ ਤੋਂ ਸਦਮੇ ਵਿੱਚ ਹਨ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਮੁਖੀ ਚਰਨਜੀਤ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮੌਕੇ ‘ਤੇ ਮੌਜੂਦ ਲੋਕਾਂ ਦਾ ਦੋਸ਼ ਹੈ ਕਿ ਹਾਦਸਾ ਕਰਨ ਵਾਲੇ ਮੋਟਰਸਾਈਕਲ ਸਵਾਰ ਨਸ਼ੇ ਦੀ ਹਾਲਤ ਵਿੱਚ ਲੱਗ ਰਹੇ ਸਨ। ਥਾਣਾ ਮੁਖੀ ਨੇ ਦੱਸਿਆ ਕਿ ਪੁਲਿਸ ਇਸ ਪਹਿਲੂ ਤੋਂ ਵੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਉਪਰੰਤ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਦੋਸ਼ੀ ਮੋਟਰਸਾਈਕਲ ਸਵਾਰਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
DAY 300 OF GANGSTRAN TE VAAR: PUNJAB POLICE CONDUCTS 530 RAIDS; 195 HELD
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

