ਆਸਟਰੇਲੀਆ : ਸ਼ਹੀਦ ਭਗਤ ਸਿੰਘ ਨਗਰ ਨਵਾਂਸ਼ਹਿਰ ਦੇ ਪਿੰਡ ਜੁਲਾਹ ਮਾਜਰਾ ਤੋਂ ਇੱਕ ਬੇਹੱਦ ਦੁਖਦਾਈ ਅਤੇ ਹਿਰਦੇਵੇਧਕ ਖ਼ਬਰ ਸਾਹਮਣੇ ਆਈ ਹੈ। ਵਿਦੇਸ਼ ਵਿੱਚ ਸੁਨਹਿਰੀ ਭਵਿੱਖ ਦੇ ਸੁਪਨੇ ਲੈ ਕੇ ਗਏ ਇੱਕ ਨੌਜਵਾਨ ਨੇ ਕਥਿਤ ਤੌਰ ‘ਤੇ ਅਪਨਿਆਂ ਦੇ ਧੋਖੇ ਅਤੇ ਮਾਨਸਿਕ ਪ੍ਰੇਸ਼ਾਨੀ ਤੋਂ ਤੰਗ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਜਵਾਨ ਪੁੱਤ ਦੀ ਇਸ ਬੇਵਕਤ ਮੌਤ ਨਾਲ ਪੂਰੇ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਛਾ ਗਈ ਹੈ।
ਮ੍ਰਿਤਕ ਦੇ ਜੀਜਾ ਜਤਿੰਦਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਭਾਵੁਕ ਹੋ ਕੇ ਦੱਸਿਆ ਕਿ ਮ੍ਰਿਤਕ ਗੁਰਵਿੰਦਰ ਸਿੰਘ ਕਰੀਬ ਸੱਤ ਸਾਲ ਪਹਿਲਾਂ ਵਿਜ਼ਟਰ ਵੀਜ਼ਾ ‘ਤੇ ਆਸਟਰੇਲੀਆ ਗਿਆ ਸੀ। ਪਰਿਵਾਰ ਦਾ ਦੋਸ਼ ਹੈ ਕਿ ਜਿਸ ਪਤਨੀ ਨਾਲ ਉਸ ਨੇ ਆਪਣਾ ਘਰ ਵਸਾਉਣ ਦੇ ਸੁਪਨੇ ਦੇਖੇ ਸਨ, ਉਸੇ ਨੇ ਹੀ ਕਥਿਤ ਤੌਰ ‘ਤੇ ਉਸ ਨੂੰ ਗੁमराह ਕਰਕੇ ਕਰੀਬ 70 ਲੱਖ ਰੁਪਏ ਦੀ ਵੱਡੀ ਠਗੀ ਮਾਰ ਲਈ।
ਪਰਿਵਾਰਕ ਮੈਂਬਰਾਂ ਮੁਤਾਬਕ ਆਰਥਿਕ ਨੁਕਸਾਨ ਦੇ ਨਾਲ-ਨਾਲ ਗੁਰਵਿੰਦਰ ਸਿੰਘ ਨੂੰ ਲਗਾਤਾਰ ਮਾਨਸਿਕ ਤੌਰ ‘ਤੇ ਵੀ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ, ਜਿਸ ਕਾਰਨ ਉਹ ਅੰਦਰੋਂ ਬੁਰੀ ਤਰ੍ਹਾਂ ਟੁੱਟ ਚੁੱਕਾ ਸੀ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਮਾਹਿਲਪੁਰ ਨੇੜੇ ਰਹਿੰਦੇ ਉਸ ਦੇ ਸਹੁਰੇ ਪਰਿਵਾਰ ‘ਤੇ ਵੀ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਵੀ ਨੌਜਵਾਨ ਨੂੰ ਲਗਾਤਾਰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਸੀ, ਜਿਸ ਦੇ ਦਬਾਅ ਹੇਠ ਉਸ ਨੇ ਇਹ ਖੌਫ਼ਨਾਕ ਕਦਮ ਚੁੱਕਿਆ।
ਘਟਨਾ ਨੂੰ ਯਾਦ ਕਰਦਿਆਂ ਗੁਰਵਿੰਦਰ ਸਿੰਘ ਦੀ ਭੈਣ ਦਾ ਰੋ-ਰੋ ਕੇ ਬੁਰਾ ਹਾਲ ਹੈ। ਉਸ ਨੇ ਆਪਣੇ ਭਾਈ ਵੱਲੋਂ ਹੰਢਾਏ ਗਏ ਦੁੱਖਾਂ ਨੂੰ ਬਿਆਨ ਕਰਦਿਆਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਸ ਦੇ ਭਾਈ ਨਾਲ ਹੋਏ ਇਸ ਅਨਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇ। ਦੁਖੀ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ਕਿ 70 ਲੱਖ ਦੀ ਠਗੀ ਅਤੇ ਮਾਨਸਿਕ ਪ੍ਰੇਸ਼ਾਨੀ ਦੇਣ ਵਾਲੇ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



