ਪਠਾਨਕੋਟ: ਜ਼ਿਲ੍ਹਾ ਪਠਾਨਕੋਟ ਦੇ ਘਰੋਟਾ ਇਲਾਕੇ ਵਿੱਚ ਸਥਿਤ ਜਵਾਹਰ ਨਵੋਦਿਆ ਵਿਦਿਆਲਿਆ ਨਾਜੋਚੱਕ ਤੋਂ ਇੱਕ ਬੇਹੱਦ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ 8ਵੀਂ ਜਮਾਤ ਵਿੱਚ ਪੜ੍ਹਨ ਵਾਲੇ 14 ਸਾਲਾ ਵਿਦਿਆਰਥੀ ਲਕਸ਼ ਬੈਂਸ ਦੀ ਮੌਤ ਹੋ ਗਈ। ਮੁੱਢਲੀ ਜਾਣਕਾਰੀ ਅਨੁਸਾਰ ਵਿਦਿਆਰਥੀ ਦੀ ਲਾਸ਼ ਕਮਰੇ ਵਿੱਚ ਦਰਵਾਜ਼ੇ ਨਾਲ ਕੱਪੜਾ ਬੰਨ੍ਹੀ ਹੋਈ ਹਾਲਤ ਵਿੱਚ ਮਿਲੀ। ਇਸ ਘਟਨਾ ਤੋਂ ਬਾਅਦ ਸਕੂਲ ਵਿੱਚ ਸੋਗ ਅਤੇ ਚਿੰਤਾ ਦਾ ਮਾਹੌਲ ਬਣ ਗਿਆ ਹੈ।
10 ਦਿਨਾਂ ਦੀਆਂ ਛੁੱਟੀਆਂ ਤੋਂ ਬਾਅਦ ਸਕੂਲ ਪਰਤਿਆ ਸੀ ਵਿਦਿਆਰਥੀ
ਜਾਣਕਾਰੀ ਮੁਤਾਬਕ ਵਿਦਿਆਰਥੀ ਲਕਸ਼ ਬੈਂਸ ਦੀਵਾਲੀ ਦੀਆਂ 10 ਦਿਨਾਂ ਦੀਆਂ ਛੁੱਟੀਆਂ ਬਿਤਾਉਣ ਤੋਂ ਬਾਅਦ ਸਕੂਲ ਵਾਪਸ ਆਇਆ ਸੀ। ਇਸੇ ਦੌਰਾਨ ਇਹ ਮੰਦਭਾਗੀ ਘਟਨਾ ਵਾਪਰ ਗਈ। ਵਿਦਿਆਰਥੀ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਸਕੂਲ ਪ੍ਰਬੰਧਨ ਅਤੇ ਪੁਲਿਸ ਪ੍ਰਸ਼ਾਸਨ ਹਰਕਤ ਵਿੱਚ ਆ ਗਏ।
ਪੁਲਿਸ ਵੱਲੋਂ ਹਰ ਪਹਿਲੂ ਤੋਂ ਕੀਤੀ ਜਾ ਰਹੀ ਜਾਂਚ
ਇਸ ਮਾਮਲੇ ਸਬੰਧੀ ਘਰੋਟਾ ਪੁਲਿਸ ਅਧਿਕਾਰੀ ਬੋਧਰਾਜ ਨੇ ਦੱਸਿਆ ਕਿ ਪੁਲਿਸ ਨੂੰ ਬੀਤੀ ਰਾਤ ਘਟਨਾ ਦੀ ਸੂਚਨਾ ਮਿਲੀ ਸੀ। ਮੁੱਢਲੀ ਜਾਂਚ ਵਿੱਚ ਇਹ ਮਾਮਲਾ ਖੁਦਕੁਸ਼ੀ ਦਾ ਜਾਪਦਾ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਦਿਆਰਥੀ ਪਿੰਡ ਡੱਲਾ ਬਲੀਮ ਦਾ ਰਹਿਣ ਵਾਲਾ ਸੀ।
ਪੁਲਿਸ ਅਧਿਕਾਰੀ ਮੁਤਾਬਕ ਫਿਲਹਾਲ ਵਿਦਿਆਰਥੀ ਦੀ ਮੌਤ ਦੇ ਕਾਰਨਾਂ ਬਾਰੇ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪੁਲਿਸ ਵੱਲੋਂ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਸਕੂਲ ਪ੍ਰਬੰਧਨ ਨੇ ਵੀ ਬਣਾਈ ਜਾਂਚ ਕਮੇਟੀ
ਘਟਨਾ ਤੋਂ ਬਾਅਦ ਜਵਾਹਰ ਨਵੋਦਿਆ ਵਿਦਿਆਲਿਆ ਦੇ ਪ੍ਰਬੰਧਨ ਵੱਲੋਂ ਵੀ ਆਪਣੇ ਪੱਧਰ ‘ਤੇ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮਾਮਲੇ ਸਬੰਧੀ ਐਨਵੀਐਸ ਰੀਜਨਲ ਦਫ਼ਤਰ ਚੰਡੀਗੜ੍ਹ ਅਤੇ ਐਨਵੀਐਸ ਮੁੱਖ ਦਫ਼ਤਰ ਨੂੰ ਵੀ ਰਿਪੋਰਟ ਭੇਜ ਦਿੱਤੀ ਗਈ ਹੈ।
ਫਿਲਹਾਲ ਪੁਲਿਸ ਅਤੇ ਸਕੂਲ ਪ੍ਰਬੰਧਨ ਵੱਲੋਂ ਆਪਣੇ-ਆਪਣੇ ਪੱਧਰ ‘ਤੇ ਜਾਂਚ ਕੀਤੀ ਜਾ ਰਹੀ ਹੈ। ਇਸ ਦੁਖਦਾਈ ਘਟਨਾ ਨੇ ਵਿਦਿਆਰਥੀਆਂ, ਮਾਪਿਆਂ ਅਤੇ ਇਲਾਕਾ ਨਿਵਾਸੀਆਂ ਨੂੰ ਗਹਿਰੇ ਸਦਮੇ ਵਿੱਚ ਪਾ ਦਿੱਤਾ ਹੈ। ਵਿਦਿਆਰਥੀ ਦੀ ਮੌਤ ਪਿੱਛੇ ਅਸਲ ਕਾਰਨ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਪੱਸ਼ਟ ਹੋ ਸਕਣਗੇ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



