ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਨਗਰੀ ‘ਚ ਉਮੜਿਆ ਸ਼ਰਧਾ ਦਾ ਸੈਲਾਬ: ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਅੰਮ੍ਰਿਤਸਰ: ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਗੁਰੂ ਨਗਰੀ ਅੰਮ੍ਰਿਤਸਰ…

ਅੰਮ੍ਰਿਤਸਰ: ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਆਸਥਾ ਅਤੇ ਸ਼ਰਧਾ ਦਾ ਅਲੌਕਿਕ ਨਜ਼ਾਰਾ ਦੇਖਣ ਨੂੰ ਮਿਲਿਆ। ਇਸ ਪਵਿੱਤਰ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਤਿਆਰੀਆਂ ਕੀਤੀਆਂ ਗਈਆਂ ਹਨ। ਅੱਜ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇੱਕ ਵਿਸ਼ਾਲ ਤੇ ਅਲੌਕਿਕ ਨਗਰ ਕੀਰਤਨ ਆਰੰਭ ਹੋਇਆ, ਜਿਸ ਵਿੱਚ ਦੇਸ਼-ਵਿਦੇਸ਼ ਤੋਂ ਪੁੱਜੀਆਂ ਹਜ਼ਾਰਾਂ ਸੰਗਤਾਂ ਨੇ ਬੜੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।

ਇਸ ਸ਼ੁਭ ਮੌਕੇ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਜੀ ਨੇ ਦੇਸ਼-ਵਿਦੇਸ਼ ਵਿੱਚ ਵਸਦੀ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਲੱਖ-ਲੱਖ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਤਿਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਇਸ ਸੰਸਾਰ ‘ਤੇ ਆਗਮਨ ਸਮਾਜ ਵਿੱਚ ਫੈਲੇ ਪਾਖੰਡ, ਵਹਿਮਾਂ-ਭਰਮਾਂ ਅਤੇ ਅਗਿਆਨਤਾ ਦੇ ਹਨੇਰੇ ਨੂੰ ਦੂਰ ਕਰਨ ਲਈ ਹੋਇਆ ਸੀ। ਗੁਰੂ ਸਾਹਿਬ ਨੇ ਆਪਣੀ ਇਲਾਹੀ ਬਾਣੀ ਅਤੇ ਗਿਆਨ ਦੇ ਪ੍ਰਕਾਸ਼ ਨਾਲ ਸਮੁੱਚੀ ਮਾਨਵਤਾ ਨੂੰ ਸੱਚਾਈ ਅਤੇ ਸਾਂਝੀਵਾਲਤਾ ਦਾ ਰਾਹ ਦਿਖਾਇਆ। ਗਿਆਨੀ ਅਮਰਜੀਤ ਸਿੰਘ ਨੇ ਅਰਦਾਸ ਕੀਤੀ ਕਿ ਸਤਿਗੁਰੂ ਹਰ ਪ੍ਰਾਣੀ ਦੇ ਹਿਰਦੇ ਵਿੱਚ ਨਾਮ ਅਤੇ ਗਿਆਨ ਦਾ ਪ੍ਰਕਾਸ਼ ਕਰਨ।

ਕੱਲ੍ਹ ਮਨਾਏ ਜਾਣ ਵਾਲੇ ਮੁੱਖ ਪ੍ਰਕਾਸ਼ ਪੁਰਬ ਸਮਾਗਮਾਂ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਅਮਰਜੀਤ ਸਿੰਘ ਨੇ ਦੱਸਿਆ ਕਿ ਭਲਕੇ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਅਲੌਕਿਕ ‘ਜਲੌਅ’ ਸਜਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਵਿਸ਼ੇਸ਼ ਜਲੌਅ ਸਾਲ ਵਿੱਚ ਕੇਵਲ ਸੱਤ ਵਾਰ ਹੀ ਸਜਾਏ ਜਾਂਦੇ ਹਨ। ਇਸ ਤੋਂ ਇਲਾਵਾ ਕੱਲ੍ਹ ਸ਼ਹੀਦ ਬਾਬਾ ਦੀਪ ਸਿੰਘ ਜੀ ਵੱਲੋਂ ਲਿਖੀ ਗਈ ਸੁਨਹਿਰੀ ਜਿਲਦ ਵਾਲੀ ਪਾਵਨ ਬੀੜ ਦਾ ਵੀ ਵਿਸ਼ੇਸ਼ ਪ੍ਰਕਾਸ਼ ਕੀਤਾ ਜਾਵੇਗਾ, ਜਿਸ ਦੇ ਦਰਸ਼ਨ ਕਰਕੇ ਸੰਗਤਾਂ ਨਿਹਾਲ ਹੋਣਗੀਆਂ।

ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਹਰ ਸਾਲ ਦੀ ਤਰ੍ਹਾਂ ਭਲਕੇ ਸ਼ਾਮ ਵੇਲੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਦੀਪਮਾਲਾ ਕੀਤੀ ਜਾਵੇਗੀ ਅਤੇ ਮਨਮੋਹਕ ਆਤਿਸ਼ਬਾਜ਼ੀ ਦਾ ਨਜ਼ਾਰਾ ਵੀ ਦੇਖਣ ਨੂੰ ਮਿਲੇਗਾ। ਇਸ ਦੇ ਨਾਲ ਹੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ, ਜਿੱਥੇ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਅਤੇ ਕਥਾਵਾਚਕ ਗੁਰਬਾਣੀ ਕੀਰਤਨ ਅਤੇ ਗੁਰ-ਇਤਿਹਾਸ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।

ਅੰਤ ਵਿੱਚ ਗਿਆਨੀ ਅਮਰਜੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਮੁੱਚੇ ਪ੍ਰਬੰਧ ਵੱਲੋਂ ਸੰਗਤਾਂ ਨੂੰ ਮੁੜ ਵਧਾਈ ਦਿੰਦਿਆਂ ਅਪੀਲ ਕੀਤੀ ਕਿ ਸਮੂਹ ਸੰਗਤਾਂ ਪਰਿਵਾਰਾਂ ਸਮੇਤ ਇਨ੍ਹਾਂ ਪਵਿੱਤਰ ਸਮਾਗਮਾਂ ਵਿੱਚ ਤਨ, ਮਨ ਅਤੇ ਧਨ ਨਾਲ ਸੇਵਾਵਾਂ ਨਿਭਾ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।

Leave a Reply

Your email address will not be published. Required fields are marked *